ਗੁਰਾਇਆ,25 ਮਾਰਚ (ਬਲਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਬਚਾਓ ਰੈਲੀ ਅੱਜ 26 ਮਾਰਚ, ਨੂੰ ਦਾਣਾ ਮੰਡੀ ਗੁਰਾਇਆ ਵਿਖੇ ਸਵੇਰੇ 11 ਵਜੇ ਕੀਤੀ ਜਾ ਰਹੀ ਹੈ | ਇਸ ਰੈਲੀ ਵਿਚ ਸ.ਸੁਖਬੀਰ ਸਿੰਘ ਬਾਦਲ ,ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਸਾਬਕਾ ਕੈਬਿਨਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਵਿਸ਼ੇਸ਼ ਤੌਰ 'ਤੇ ਪਹੰੁਚ ਰਹੇ ਹਨ | ਇਹ ਜਾਣਕਾਰੀ ਬਲਦੇਵ ਸਿੰਘ ਖਹਿਰਾ ਸਾਬਕਾ ਵਿਧਾਇਕ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦਿੱਤੀ | ਉਨ੍ਹਾਂ ਕਿਹਾ ਕਿ ਪੰਜਾਬ ਬਚਾਓ ਰੈਲੀ ਲਈ ਪਿੰਡਾਂ ਅਤੇ ਸ਼ਹਿਰਾਂ ਵਿਚ ਮੀਟਿੰਗਾਂ ਕੀਤੀਆਂ ਗਈਆ ਹਨ | ਮੀਟਿੰਗਾਂ ਦੌਰਾਨ ਲੋਕਾਂ ਖ਼ਾਸਕਰ ਨੌਜਵਾਨਾਂ ਵਿਚ ਵੱਡਾ ਉਤਸ਼ਾਹ ਦੇਖਣ ਨੂੰ ਮਿਲਿਆ ਹੈ | ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਵੱਡੀ ਗਿਣਤੀ ਵਿਚ ਇਸ ਰੈਲੀ ਵਿਚ ਪੁੱਜਣਗੇ | ਉਨ੍ਹਾਂ ਹਲਕਾ ਫਿਲੌਰ ਦੇ ਹਰ ਵਰਗ, ਕਿਸਾਨ, ਮਜ਼ਦੂਰ, ਵਪਾਰੀ, ਮੁਲਾਜ਼ਮ ਅਤੇ ਇਨਸਾਫ਼ ਪਸੰਦ ਵਾਸੀਆਂ ਨੂੰ ਰੈਲੀ ਵਿਚ ਪਹੁੰਚਣ ਦੀ ਅਪੀਲ ਵੀ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਚਾਉਣ ਅਤੇ ਮੁੜ ਤਰੱਕੀ ਦੀਆਂ ਲੀਹਾਂ ਤੇ ਲਿਆਉਣ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਪੂਰੇ ਪੰਜਾਬ ਵਿਚ ਅਜਿਹੀਆਂ ਰੈਲੀਆਂ ਕੀਤੀਆਂ ਜਾ ਰਹੀਆ ਹਨ | ਉਨ੍ਹਾਂ ਅਪੀਲ ਕੀਤੀ ਕਿ ਮਿਲ ਕੇ ਨਵੇ ਇਤਿਹਾਸ ਦੀ ਸ਼ੁਰੂਆਤ ਕਰਨ ਦੀ ਲੋੜ ਹੈ ਜਿਸ ਵਿਚ ਤੁਹਾਡਾ ਸਾਥ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਬਚਪਨ,ਜਵਾਨੀ ਅਤੇ ਬੁਢਾਪਾ ਮੌਜੂਦਾ ਸਰਕਾਰ ਨੇ ਤਬਾਹ ਕਰ ਦਿੱਤਾ ਹੈ | ਇਸ ਮੌਕੇ ਉਨ੍ਹਾਂ ਨਾਲ ਹਲਕੇ ਦੇ ਸੀਨੀਅਰ ਆਗੂ ਹਾਜ਼ਰ ਸਨ |