ਜਲੰਧਰ, 30 ਮਾਰਚ (ਸ਼ਿਵ)-ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਅੱਜ ਕਾਲੀਆ ਕਾਲੋਨੀ 'ਚ ਬਣ ਰਹੀਆਂ ਕਈ ਨਾਜਾਇਜ਼ ਦੁਕਾਨਾਂ ਨੂੰ ਸੀਲ ਕੀਤਾ ਹੈ | ਇਹ ਦੁਕਾਨਾਂ ਵਾਰਡ ਨੰਬਰ 1 'ਚ ਬਣ ਰਹੀਆਂ ਸਨ | ਦੱਸਿਆ ਜਾਂਦਾ ਹੈ ਕਿ ਇਨ੍ਹਾਂ ਅੱਧੀ ਦਰਜਨ ਦੇ ਕਰੀਬ ਦੁਕਾਨਾਂ ਦੀ ਨਿਗਮ ਨੂੰ ਸ਼ਿਕਾਇਤ ਕੀਤੀ ਗਈ ਸੀ ਤਾਂ ਕਮਿਸ਼ਨਰ ਸੰਦੀਪ ਰਿਸ਼ੀ ਦੀ ਹਦਾਇਤ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ | ਉਂਜ ਨਿਗਮ ਹਾਊਸ ਦੀ ਅੱਜ ਹੋਈ ਮੀਟਿੰਗ 'ਚ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਮੇਅਰ ਵਨੀਤ ਧੀਰ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੁੱਝ ਦਿਨ ਪਹਿਲਾਂ ਵੀ ਇਕ ਦਰਜਨ ਦੇ ਕਰੀਬ ਉਸਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ | ਇਸ ਤਰ੍ਹਾਂ ਦੀ ਕਾਰਵਾਈ ਲਗਾਤਾਰ ਜਾਰੀ ਰਹੇਗੀ | ਦੱਸਿਆ ਜਾਂਦਾ ਹੈ ਕਿ ਇਨ੍ਹਾਂ ਦੁਕਾਨਾਂ 'ਤੇ ਕਾਂਗਰਸੀ ਕੌਂਸਲਰ ਵਲੋਂ ਸ਼ਿਕਾਇਤਾਂ ਕੀਤੀਆਂ ਗਈਆਂ ਸੀ ਕਿ ਉਕਤ ਆਗੂਆਂ ਦੀਆਂ ਦੁਕਾਨਾਂ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ ਹੈ |