ਲੋਹੀਆਂ ਖਾਸ, 2 ਜੂਨ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡ ਕਾਕੜ ਕਲਾਂ ਵਿਖੇ ਇਕਾਈ ਦੀ ਚੋਣ ਕੀਤੀ ਗਈ | ਇਸ ਮੌਕੇ ਬੋਲਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਿਲਾ ਸਕੱਤਰ ਗੁਰਚਰਨ ਸਿੰਘ ਚਾਹਲ ਨੇ ਕਿਹਾ ਕਿ ਕਿਸ ਤਰ੍ਹਾਂ ਸਰਕਾਰ ਦੀਆਂ ਉਦਾਰੀਕਰਨ, ਨਿੱਜੀਕਰਨ ਅਤੇ ਵਿਸ਼ਵੀਕਰਨ ਦੀਆਂ ਨੀਤੀਆਂ ਨੇ ਦੇਸ਼ ਦੀ ਆਰਥਿਕਤਾ ਨੂੰ ਤਬਾਹੀ ਦੇ ਕੰਢੇ ਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ | ਵਿਸ਼ਵ ਵਪਾਰ ਸੰਸਥਾ ਅਤੇ ਵਿਸ਼ਵ ਬੈਂਕ ਦੇ ਦਬਾਅ ਸਦਕਾ ਭਾਰਤ ਸਰਕਾਰ ਦੁਆਰਾ ਲਾਗੂ ਕੀਤੀਆਂ ਇਹਨਾਂ ਨੀਤੀਆਂ ਨਾਲ ਭਾਰਤ ਦੀ ਅਰਥ ਵਿਵਸਥਾ ਦੀ ਵਿਕਾਸ ਅਤੇ ਵਿਸਥਾਰ ਦੇ ਝੂਠੇ ਵਾਅਦੇ ਅਤੇ ਦਾਵੇ ਖੋਖਲੇ ਸਾਬਤ ਹੋਏ ਹਨ ¢ਉਨ੍ਹਾਂ ਕਿਹਾ ਕਿ ਸਮਾਜ ਦਾ ਹਰ ਵਰਗ ਜਿਵੇਂ ਕਿ ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ, ਛੋਟੇ ਦੁਕਾਨਦਾਰ ਤੋਂ ਲੈ ਕੇ ਰੇਹੜੀ-ਫੜੀ ਵਾਲੇ ਤੱਕ ਹਰ ਵਰਗ ਬੁਰੀ ਤਰਾਂ ਪ੍ਰਭਾਵਿਤ ਹੈ ਅਤੇ ਇਹਨਾਂ ਸਭ ਵਰਗਾਂ ਦੀ ਲੜਾਈ ਕਿਸਾਨ ਜਥੇਬੰਦੀਆਂ ਲੜ ਰਹੀਆਂ ਹਨ | ਇਸ ਕਰਕੇ ਕਿਸਾਨ ਜਥੇਬੰਦੀਆਂ ਆਪਣੀਆਂ ਮੰਗਾਂ ਦੇ ਨਾਲ ਨਾਲ ਹਰ ਵਰਗ ਦੁਆਰਾ ਕੀਤੇ ਜਾ ਰਹੇ ਸੰਘਰਸ਼ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ | ਪਿੰਡ ਕਾਕੜ ਕਲਾਂ ਦੀ ਇਕਾਈ ਦੇ ਅਹੁਦੇਦਾਰਾਂ ਦੀ ਚੋਣ ਕਰਦੇ ਹੋਏ ਨੰਬਰਦਾਰ ਜਸਮੇਲ ਸਿੰਘ ਨੂੰ ਪ੍ਰਧਾਨ, ਹਰਜੀਤ ਸਿੰਘ ਚੰਦੀ ਨੂੰ ਸਕੱਤਰ ਅਤੇ ਸੁਖਰਾਜ ਸਿੰਘ ਨੂੰ ਵਿੱਤ ਸਕੱਤਰ ਚੁਣਿਆ ਗਿਆ | ਇਸ ਮੌਕੇ ਦਿਲਬਾਗ ਸਿੰਘ, ਅਮਰਿੰਦਰ ਸਿੰਘ, ਸੁਖਦੇਵ ਸਿੰਘ, ਜੋਗਿੰਦਰ ਸਿੰਘ, ਜਸਪਾਲ ਸਿੰਘ, ਮਨਜੀਤ ਸਿੰਘ ਸਮੇਤ ਹੋਰ ਕਿਸਾਨ ਵੀ ਹਾਜ਼ਰ ਸਨ |