15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

‘ਆਪ’ ਸਰਕਾਰ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣ ਤੋਂ ਗੁਰੇਜ਼ ਕਰੇ-ਇਕਬਾਲ ਸਿੰਘ ਭੱਟੀ

ਅਜੀਤ ਡੈਸਕ 16-07-2026
ਜਲੰਧਰ, 15 ਜੁਲਾਈ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਪ੍ਰਧਾਨ ਇਕਬਾਲ ਸਿੰਘ ਭੱਟੀ ਨੇ ‘ਆਪ’ ਸਰਕਾਰ ’ਤੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਰਕਾਰ ਲੋਕਾਂ ਦਾ ਵਿਸ਼ਵਾਸ ਗੁਆ ਚੁੱਕੀ ਹੈ ਤੇ ਅੱਜ ਸੂਬੇ ਅੰਦਰ ਵੱਡੀ ਪੱਧਰ ’ਤੇ ਅਰਾਜਕਤਾ ਵਾਲਾ ਮਾਹੌਲ ਹੈ। ਉਨ੍ਹਾਂ ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਸਲਾ ਚਾਹੇ ਸਤਲੁਜ ਫਿਲਮ ਦਾ ਹੋਵੇ ਜਾਂ ਫਿਰ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਬਉੱਚਤਾ ਤੇ ਜਾਂ ਫਿਰ ਲੋਕਾਂ ਨਾਲ ਕੀਤੇ ਵਾਅਦਿਆਂ ਦਾ ਹੋਵੇ ਤਾਂ ਹਰ ਪੱਧਰ ’ਤੇ ਆਮ ਆਦਮੀ ਪਾਰਟੀ ਨੇ ਸਿਆਸੀ ਲਾਹੇ ਲਈ ਲੋਕਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਸਤਲੁਜ ਫਿਲਮ ਨੂੰ ਬਿਨਾਂ ਕਿਸੇ ਕੱਟ ਦੇ ਰਿਲੀਜ਼ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ, ਜਦਕਿ ਸਰਕਾਰ ਵਲੋਂ ਦਬਾਅ ਬਣਾ ਕੇ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਸ਼ਹੀਦਾਂ ਦਾ ਸਤਿਕਾਰ ਕੀਤਾ ਹੈ ਤੇ ਸ਼ਹੀਦ ਜਸਵੰਤ ਸਿੰਘ ਖਾਲੜਾ ਵਲੋਂ ਲਾਵਾਰਿਸ ਲਾਸ਼ਾਂ ਦੇ ਮਾਮਲੇ ’ਚ ਕੀਤੇ ਗਏ ਕੰਮਾਂ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਇਸ ਮੌਕੇ ਉਨ੍ਹਾਂ ਇਕ ਸਵਾਲ ਦੇ ਜਵਾਬ ਵਿਚ ਮੰਨਿਆ ਕਿ ਪਿਛਲੇ ਸਮੇਂ ਦੌਰਾਨ ਅਕਾਲੀ ਦਲ ਦੀ ਲੀਡਰਸ਼ਿਪ ਕੋਲੋਂ ਕਈ ਤਰ੍ਹਾਂ ਦੀਆਂ ਗਲਤੀਆਂ ਹੋਈਆਂ ਤੇ ਉਸ ਸੰਬੰਧੀ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆਪਣੀ ਭੁੱਲ ਬਖਸ਼ਾ ਕੇ ਧਾਰਮਿਕ ਸਜ਼ਾ ਵੀ ਪੂਰੀ ਕੀਤੀ ਜਾ ਚੁੱਕੀ ਹੈ ਤੇ ਹੁਣ ਪੰਜਾਬ ਦੇ ਲੋਕ ਹੀ ਨਹੀਂ ਸਗੋਂ ਵਿਦੇਸ਼ਾਂ ’ਚ ਰਹਿੰਦੇ ਪੰਜਾਬੀ ਵੀ ਪਾਰਟੀ ਨਾਲ ਜੁੜਨ ਲੱਗੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੂਬੇ ਦੇ ਲੋਕਾਂ ਦੀ ਆਪਣੀ ਪਾਰਟੀ ਹੈ ਤੇ ਰਾਜ ਦੇ ਲੋਕਾਂ ਨੂੰ ਇਹ ਚੰਗੀ ਤਰ੍ਹਾਂ ਸਮਝ ਆ ਚੁੱਕਾ ਹੈ ਕਿ ਪੰਜਾਬ ਦੇ ਹਿੱਤਾਂ ਤੇ ਹੱਕਾਂ ਦੀ ਰਾਖੀ ਕੇਵਲ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ।
ਪਿਛਲੀ ਖ਼ਬਰ ਲਾਂਬੜਾ ਥਾਣਾ ਦੇ ਐਸ. ਐਚ. ਓ. ਨੂੰ ਕੀਤਾ ਲਾਈਨ ਹਾਜ਼ਰ ਅਗਲੀ ਖ਼ਬਰ ਅਵਿਨਾਸ਼ ਰਾਏ ਖੰਨਾ, ਕ੍ਰਿਸ਼ਨ ਦੇਵ ਭੰਡਾਰੀ ਵਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ ਫੋਕਲ ਪੁਆਇੰਟ ਅੰਡਰ ਪਾਸ, ਮਿਲਕ ਪਲਾਂਟ ਬਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।