ਤਿਉਹਾਰਾਂ ਮੌਕੇ ਬਾਜ਼ਾਰਾਂ ’ਚ ਵਧੇਗੀ ਚਹਿਲ-ਪਹਿਲ, ਕਈ ਸੜਕਾਂ ਤੇ ਫੁੱਟਪਾਥਾਂ ’ਤੇ ਕਬਜ਼ੇ ਬਣ ਸਕਦੇ ਹਨ ਜਾਮ ਦਾ ਕਾਰਨ
ਜਲੰਧਰ, 10 ਅਕਤੂਬਰ (ਸ਼ਿਵ)- ਤਿਉਹਾਰੀ ਸੀਜ਼ਨ ਸ਼ੁਰੂ ਹੋਣ ਦੇ ਨਾਲ ਹੀ ਸ਼ਹਿਰ ਦੇ ਬਾਜ਼ਾਰਾਂ ਵਿਚ ਚਹਿਲ-ਪਹਿਲ ਵਧਣ ਲੱਗ ਪਈ ਹੈ। ਦੀਵਾਲੀ ਸਮੇਤ ਹੋਰ ਤਿਉਹਾਰਾਂ ਦੀ ਖਰੀਦਦਾਰੀ ਲਈ ਆਉਣ ਵਾਲੇ ਦਿਨਾਂ ਵਿਚ ਬਾਜ਼ਾਰਾਂ ਵਿੱਚ ਲੋਕਾਂ ਦੀ ਭੀੜ ਹੋਰ ਵਧਣ ਦੀ ਸੰਭਾਵਨਾ ਹੈ।
ਜਲੰਧਰ, 10 ਅਕਤੂਬਰ (ਸ਼ਿਵ)- ਤਿਉਹਾਰੀ ਸੀਜ਼ਨ ਸ਼ੁਰੂ ਹੋਣ ਦੇ ਨਾਲ ਹੀ ਸ਼ਹਿਰ ਦੇ ਬਾਜ਼ਾਰਾਂ ਵਿਚ ਚਹਿਲ-ਪਹਿਲ ਵਧਣ ਲੱਗ ਪਈ ਹੈ। ਦੀਵਾਲੀ ਸਮੇਤ ਹੋਰ ਤਿਉਹਾਰਾਂ ਦੀ ਖਰੀਦਦਾਰੀ ਲਈ ਆਉਣ ਵਾਲੇ ਦਿਨਾਂ ਵਿਚ ਬਾਜ਼ਾਰਾਂ ਵਿੱਚ ਲੋਕਾਂ ਦੀ ਭੀੜ ਹੋਰ ਵਧਣ ਦੀ ਸੰਭਾਵਨਾ ਹੈ। ਪਰ ਦੂਜੇ ਪਾਸੇ ਸ਼ਹਿਰ ਦੇ ਕਈ ਬਾਜ਼ਾਰਾਂ ਅਤੇ ਮੁੱਖ ਸੜਕਾਂ ’ਤੇ ਹੋਏ ਨਾਜਾਇਜ਼ ਕਬਜ਼ੇ ਲੋਕਾਂ ਲਈ ਵੱਡੀ ਮੁਸ਼ਕਲ ਬਣੇ ਹੋਏ ਹਨ। ਜੇਕਰ ਸਮੇਂ ਸਿਰ ਇਨ੍ਹਾਂ ਕਬਜ਼ਿਆਂ ਨੂੰ ਹਟਾਉਣ ਲਈ ਕਾਰਵਾਈ ਨਾ ਕੀਤੀ ਗਈ ਤਾਂ ਤਿਉਹਾਰੀ ਸੀਜ਼ਨ ਦੌਰਾਨ ਸ਼ਹਿਰ ਵਿਚ ਟ੍ਰੈਫਿਕ ਜਾਮ ਦੀ ਸਮੱਸਿਆ ਹੋਰ ਗੰਭੀਰ ਹੋ ਸਕਦੀ ਹੈ। ਤਿਉਹਾਰਾਂ ਦੇ ਮੌਕੇ ’ਤੇ ਸ਼ਹਿਰ ਦੇ ਅੰਦਰੂਨੀ ਅਤੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ਵਿਚ ਖਰੀਦਦਾਰੀ ਲਈ ਲੋਕਾਂ ਦੀ ਆਵਾਜਾਈ ਵਧ ਜਾਂਦੀ ਹੈ। ਅਜਿਹੇ ਸਮੇਂਂ ਵਿਚ ਸੜਕਾਂ ’ਤੇ ਦੁਕਾਨਦਾਰਾਂ ਵਲੋਂ ਦੁਕਾਨਾਂ ਦੇ ਬਾਹਰ ਸਾਮਾਨ ਰੱਖਣ ਅਤੇ ਹੋਰ ਕਬਜ਼ਿਆਂ ਕਾਰਨ ਆਵਾਜਾਈ ਪ੍ਰਭਾਵਿਤ ਹੁੰਦੀ ਹੈ। ਕਈ ਥਾਵਾਂ ’ਤੇ ਸੜਕਾਂ ਦੀ ਘੱਟ ਰਹਿ ਗਈ ਜਗ੍ਹਾ ਕਾਰਨ ਵਾਹਨਾਂ ਦੀ ਆਵਾਜਾਈ ਹੌਲੀ ਹੋ ਜਾਂਦੀ ਹੈ ਅਤੇ ਜਾਮ ਲੱਗਣ ਦੀ ਸਥਿਤੀ ਬਣ ਜਾਂਦੀ ਹੈ। ਇਸ ਨਾਲ ਖਰੀਦਦਾਰੀ ਲਈ ਆਉਣ ਵਾਲੇ ਲੋਕਾਂ ਦੇ ਨਾਲ-ਨਾਲ ਰਾਹਗੀਰਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਤਿਉਹਾਰੀ ਸੀਜ਼ਨ ਨੂੰ ਦੇਖਦੇ ਹੋਏ ਨਗਰ ਨਿਗਮ ਦੇ ਤਹਿਬਾਜ਼ਾਰੀ ਵਿਭਾਗ ਵਲੋਂ ਆਮ ਤੌਰ ’ਤੇ ਅੰਦਰੂਨੀ ਅਤੇ ਭੀੜ ਵਾਲੇ ਬਾਜ਼ਾਰਾਂ ਵਿਚ ਨਿਰੀਖਣ ਕਰਕੇ ਦੁਕਾਨਦਾਰਾਂ ਨੂੰ ਦੁਕਾਨਾਂ ਦੇ ਬਾਹਰ ਵਾਧੂ ਸਾਮਾਨ ਨਾ ਰੱਖਣ ਲਈ ਜਾਗਰੂਕ ਕੀਤਾ ਜਾਂਦਾ ਹੈ। ਲੋੜ ਪੈਣ ’ਤੇ ਕਬਜ਼ੇ ਹਟਾਉਣ ਲਈ ਕਾਰਵਾਈ ਵੀ ਕੀਤੀ ਜਾਂਦੀ ਹੈ। ਪਰ ਇਸ ਵਾਰ ਤਿਉਹਾਰੀ ਸੀਜ਼ਨ ਸ਼ੁਰੂ ਹੋਣ ਦੇ ਬਾਵਜੂਦ ਅਜੇ ਤੱਕ ਅਜਿਹੀ ਕਾਰਵਾਈ ਸ਼ੁਰੂ ਨਾ ਹੋਣ ਕਾਰਨ ਕਬਜ਼ਿਆਂ ਦੀ ਸਮੱਸਿਆ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ। ਸ਼ਹਿਰ ਦੇ ਕਈ ਇਲਾਕਿਆਂ ਵਿਚ ਫੁੱਟਪਾਥਾਂ ’ਤੇ ਵੀ ਕਬਜ਼ੇ ਹੋ ਚੁੱਕੇ ਹਨ। ਦੋਆਬਾ ਚੌਕ ਦੇ ਨੇੜੇ 10 ਫੁੱਟ ਤੋਂ ਵੱਧ ਚੌੜੇ ਫੁੱਟਪਾਥਾਂ ’ਤੇ ਪੱਕੀਆਂ ਦੁਕਾਨਾਂ ਅੱਗੇ ਤੱਕ ਫੈਲੀਆਂ ਹੋਈਆਂ ਹਨ। ਇਸ ਕਾਰਨ ਪੈਦਲ ਚੱਲਣ ਵਾਲਿਆਂ ਲਈ ਫੁੱਟਪਾਥਾਂ ਦੀ ਵਰਤੋਂ ਕਰਨਾ ਮੁਸ਼ਕਲ ਹੋ ਗਿਆ ਹੈ ਅਤੇ ਲੋਕਾਂ ਨੂੰ ਸੜਕ ’ਤੇ ਉਤਰ ਕੇ ਲੰਘਣਾ ਪੈ ਸਕਦਾ ਹੈ। ਇਸ ਨਾਲ ਨਾ ਸਿਰਫ਼ ਆਵਾਜਾਈ ਪ੍ਰਭਾਵਿਤ ਹੁੰਦੀ ਹੈ, ਸਗੋਂ ਪੈਦਲ ਚੱਲਣ ਵਾਲਿਆਂ ਦੀ ਸੁਰੱਖਿਆ ਨੂੰ ਲੈ ਕੇ ਵੀ ਚਿੰਤਾ ਬਣੀ ਰਹਿੰਦੀ ਹੈ। ਇਸੇ ਤਰ੍ਹਾਂ ਭਗਤ ਸਿੰਘ ਚੌਕ ਸਮੇਤ ਸ਼ਹਿਰ ਦੇ ਕਈ ਬਾਜ਼ਾਰਾਂ ਵਿਚ ਕਬਜ਼ਿਆਂ ਕਾਰਨ ਅਕਸਰ ਟ੍ਰੈਫਿਕ ਜਾਮ ਦੀ ਸਥਿਤੀ ਬਣ ਜਾਂਦੀ ਹੈ। ਤਿਉਹਾਰੀ ਸੀਜ਼ਨ ਦੌਰਾਨ ਜਦੋਂ ਖਰੀਦਦਾਰੀ ਲਈ ਵੱਡੀ ਗਿਣਤੀ ਵਿੱਚ ਲੋਕ ਬਾਜ਼ਾਰਾਂ ਵਿਚ ਪਹੁੰਚਦੇ ਹਨ ਤਾਂ ਇਹ ਸਮੱਸਿਆ ਹੋਰ ਵਧ ਸਕਦੀ ਹੈ। ਦੁਕਾਨਾਂ ਦੇ ਬਾਹਰ ਸਾਮਾਨ ਰੱਖਣ, ਫੁੱਟਪਾਥਾਂ ’ਤੇ ਕਬਜ਼ਿਆਂ ਅਤੇ ਸੜਕਾਂ ’ਤੇ ਵਾਹਨਾਂ ਦੀ ਵਧਦੀ ਆਵਾਜਾਈ ਕਾਰਨ ਲੋਕਾਂ ਨੂੰ ਆਪਣੇ ਮੰਜ਼ਿਲ ਤੱਕ ਪਹੁੰਚਣ ਵਿੱਚ ਵਧੇਰੇ ਸਮਾਂ ਲੱਗ ਸਕਦਾ ਹੈ। ਤਿਉਹਾਰੀ ਸੀਜ਼ਨ ਦੌਰਾਨ ਸ਼ਹਿਰ ਦੇ ਬਾਜ਼ਾਰਾਂ ਵਿਚ ਆਵਾਜਾਈ ਨੂੰ ਸੁਚਾਰੂ ਰੱਖਣਾ ਨਗਰ ਨਿਗਮ ਅਤੇ ਟ੍ਰੈਫਿਕ ਪੁਲਿਸ ਲਈ ਅਹਿਮ ਚੁਣੌਤੀ ਹੋਵੇਗੀ। ਲੋਕਾਂ ਦੀ ਮੰਗ ਹੈ ਕਿ ਤਹਿਬਾਜ਼ਾਰੀ ਵਿਭਾਗ ਵਲੋਂ ਸਮੇਂ ਸਿਰ ਕਾਰਵਾਈ ਕਰਦਿਆਂ ਦੁਕਾਨਾਂ ਦੇ ਬਾਹਰ ਪਏ ਵਾਧੂ ਸਾਮਾਨ ਅਤੇ ਫੁੱਟਪਾਥਾਂ ’ਤੇ ਹੋਏ ਕਬਜ਼ਿਆਂ ਨੂੰ ਹਟਾਇਆ ਜਾਵੇ। ਇਸ ਦੇ ਨਾਲ ਹੀ ਬਾਜ਼ਾਰਾਂ ਵਿਚ ਨਿਯਮਤ ਜਾਂਚ ਕੀਤੀ ਜਾਵੇ, ਤਾਂ ਜੋ ਤਿਉਹਾਰਾਂ ਦੌਰਾਨ ਲੋਕ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਖਰੀਦਦਾਰੀ ਕਰ ਸਕਣ ਅਤੇ ਸ਼ਹਿਰ ਵਿਚ ਟ੍ਰੈਫਿਕ ਵਿਵਸਥਾ ਵੀ ਸੁਚਾਰੂ ਬਣੀ ਰਹੇ।