ਸ੍ਰੀ ਮੁਕਤਸਰ ਸਾਹਿਬ, 31 ਮਾਰਚ (ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਤੇ ਮਨਮੀਤ ਸਿੰਘ ਢਿੱਲੋਂ ਐੱਸ.ਪੀ. (ਡੀ) ਤੇ ਬਚਨ ਸਿੰਘ ਡੀ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਇੰਸਪੈਕਟਰ ਰਾਜਵੀਰ ਸਿੰਘ ਮੁੱਖ ਅਫ਼ਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਤੇ ਪੁਲਿਸ ਪਾਰਟੀ ਵਲੋਂ ਅੰਨੇ੍ਹ ਕਤਲ ਦੀ ਗੁੱਥੀ ਨੂੰ 24 ਘੰਟਿਆਂ ਵਿਚ ਸੁਲਝਾਉਣ ਵਿਚ ਵੱਡੀ ਸਫ਼ਲਤਾ ਹਾਸਿਲ ਕੀਤੀ ਗਈ ਹੈ | ਪੁਲਿਸ ਨੂੰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਟੈਲੀਫ਼ੋਨ ਸੂਚਨਾ ਪ੍ਰਾਪਤ ਹੋਈ ਕਿ ਪਿੰਡ ਥਾਂਦੇਵਾਲਾ ਦੇ ਨਜ਼ਦੀਕ ਰਾਜਸਥਾਨ ਫੀਡਰ ਨਹਿਰ 'ਚ ਇਕ ਅਣਪਛਾਤੀ ਔਰਤ ਦੀ ਲਾਸ਼ ਪਈ ਹੈ | ਉਪਰੰਤ ਪੁਲਿਸ ਪਾਰਟੀ ਵਲੋਂ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲਿਆ ਗਿਆ ਤੇ ਸ਼ਨਾਖ਼ਤ ਦੀ ਕਾਰਵਾਈ ਕੀਤੀ ਗਈ | ਜਾਂਚ ਦੌਰਾਨ ਮਿ੍ਤਕ ਔਰਤ ਦੀ ਪਛਾਣ ਜਸਪ੍ਰੀਤ ਕੌਰ ਪਤਨੀ ਕੁਲਬੀਰ ਸਿੰਘ ਵਾਸੀ ਵਾਰਡ ਨੰਬਰ 7 ਪਿੰਡ ਥਾਂਦੇਵਾਲਾ ਹਾਲ ਗਲੀ ਨੰਬਰ 12 ਚੱਕ ਰਾਮ ਨਗਰ ਬਸਤੀ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ | ਇਸ ਮਾਮਲੇ ਸੰਬੰਧੀ ਪੁਲਿਸ ਵਲੋਂ ਤੁਰੰਤ ਤਫ਼ਤੀਸ਼ ਸ਼ੁਰੂ ਕੀਤੀ ਗਈ | ਤਫ਼ਤੀਸ਼ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਜਸਪ੍ਰੀਤ ਕੌਰ ਦਾ ਪਹਿਲਾ ਵਿਆਹ ਕਿਸੇ ਹੋਰ ਵਿਅਕਤੀ ਨਾਲ ਹੋਇਆ ਸੀ ਅਤੇ ਤਲਾਕ ਤੋਂ ਬਾਅਦ ਮਾਣਯੋਗ ਅਦਾਲਤ ਦੇ ਆਦੇਸ਼ ਅਨੁਸਾਰ ਉਹ ਕੁਲਬੀਰ ਸਿੰਘ ਨਾਲ ਲਿਵ-ਇਨ ਰਿਸ਼ਤੇ ਵਿਚ ਰਹਿ ਰਹੀ ਸੀ | ਗਹਿਰਾਈ ਨਾਲ ਕੀਤੀ ਤਫ਼ਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਮਿ੍ਤਕ ਦੇ ਪਤੀ ਕੁਲਬੀਰ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਪਿੰਡ ਥਾਂਦੇਵਾਲਾ ਵਲੋਂ ਹੀ ਆਪਣੀ ਪਤਨੀ ਦਾ ਕਤਲ ਕਰਕੇ ਲਾਸ਼ ਨੂੰ ਨਹਿਰ ਵਿਚ ਸੁੱਟਿਆ ਗਿਆ ਸੀ | ਇਸ ਸੰਬੰਧੀ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਚ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਗਿਆ | ਜਾਂਚ ਵਿਚ ਇਹ ਵੀ ਸਾਹਮਣੇ ਆਇਆ ਕਿ ਦੋਸ਼ੀ ਕੁਲਬੀਰ ਸਿੰਘ ਮਿ੍ਤਕ ਜਸਪ੍ਰੀਤ ਕੌਰ ਦੇ ਘਰ ਨੂੰ ਆਪਣੇ ਨਾਂਅ ਕਰਵਾਉਣਾ ਚਾਹੁੰਦਾ ਸੀ ਤੇ ਇਸ ਗੱਲ ਨੂੰ ਲੈ ਕੇ ਦੋਵਾਂ ਵਿਚ ਰੰਜਿਸ਼ ਚੱਲ ਰਹੀ ਸੀ | ਮਿ੍ਤਕ ਦੇ ਘਰ ਉਸ ਦੇ ਨਾਂਅ 'ਤੇ ਕਰਵਾਉਣ ਤੋਂ ਇਨਕਾਰ ਕਰਨ 'ਤੇ ਦੋਸ਼ੀ ਨੇ ਗ਼ੁੱਸੇ ਵਿਚ ਆ ਕੇ ਇਸ ਘਿਨੌਣੇ ਅਪਰਾਧ ਨੂੰ ਅੰਜਾਮ ਦਿੱਤਾ ਗਿਆ | ਗਿ੍ਫ਼ਤਾਰ ਕੀਤੇ ਦੋਸ਼ੀ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਤੇ ਮਾਮਲੇ ਵਿਚ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ |