ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਅਕਾਦਮਿਕ ਉੱਤਮਤਾ ਦੇ ਇਤਿਹਾਸਕ ਤੇ ਮਾਣਮੱਤੇ ਜਸ਼ਨ ਵਿਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਦੇ ਨਾਲ ਅੱਜ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿਚ 85 ਪ੍ਰਤੀਸ਼ਤ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਥੇ ਬ੍ਰਾਈਟ ਮਾਈਂਡਜ਼ ਪੰਜਾਬ 2026 ਪ੍ਰੋਗਰਾਮ ਤਹਿਤ ਕਰਵਾਏ ਗਏ ਇਸ ਸਮਾਰੋਹ ਦੌਰਾਨ ਸ: ਬੈਂਸ ਨੇ ਕਿਹਾ ਕਿ ਸਿੱਖਿਆ ਸਾਰੀਆਂ ਸਮਾਜਿਕ ਚੁਣੌਤੀਆਂ ਦਾ ਸਭ ਤੋਂ ਢੁਕਵਾਂ ਇਲਾਜ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਸਿੱਖਿਆ ਨੂੰ ਤਰਜੀਹ ਦੇਣ ਤਾਂ ਜੋ ਉਹ ਪੇਸ਼ੇਵਰ ਬੁਲੰਦੀਆਂ ਨੂੰ ਛੋਹ ਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ ਵਿਚ ਸੋਧ ਕਰਨ ਲਈ ਇਕ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤਹਿਤ ਫੀਸਾਂ ਅਤੇ ਫੰਡਾਂ ਵਿਚ ਸਾਲਾਨਾ ਵਾਧਾ ਵੱਧ ਤੋਂ ਵੱਧ 5 ਪ੍ਰਤੀਸ਼ਤ ਤੱਕ ਸੀਮਤ ਕੀਤਾ ਗਿਆ ਹੈ। ਆਰਡੀਨੈਂਸ ਪ੍ਰਵਾਨਗੀ ਲਈ ਪੰਜਾਬ ਦੇ ਰਾਜਪਾਲ ਨੂੰ ਭੇਜਿਆ ਗਿਆ ਹੈ। ਸਰਕਾਰ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਫੀਸਾਂ ਵਿੱਚ ‘ਗੈਰ-ਵਾਜਬ’ ਵਾਧਾ ਕਰਨ ਵਾਲੇ ਸਕੂਲਾਂ ਵਿਰੁੱਧ ਕਾਰਵਾਈ ਕਰਨ ਦਾ ਵੀ ਫ਼ੈਸਲਾ ਕੀਤਾ ਹੈ। ਇਕੱਠੀ ਕੀਤੀ ਗਈ ਵਾਧੂ ਰਕਮ ਮਾਪਿਆਂ ਨੂੰ ਵਾਪਸ ਕੀਤੀ ਜਾਵੇਗੀ। ਮਨੀਸ਼ ਸਿਸੋਦੀਆ ਨੇ ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਖੁੱਲ੍ਹੀ, ਰਚਨਾਤਮਕ ਗੱਲਬਾਤ ਕੀਤੀ। ਉਨ੍ਹਾਂ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਜ਼ੋਰ ਦਿੱਤਾ ਕਿ ਮਿਆਰੀ ਤੇ ਅਜੋਕੀ ਸਿੱਖਿਆ ਤੱਕ ਪਹੁੰਚ ਹਰ ਬੱਚੇ ਦਾ ਮੌਲਿਕ ਅਧਿਕਾਰ ਹੈ। ਕਿਸੇ ਦੇਸ਼ ਦੀ ਤਰੱਕੀ ਅੰਦਰੂਨੀ ਤੌਰ ’ਤੇ ਇਸਦੀ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਨਾਲ ਜੁੜੀ ਹੁੰਦੀ ਹੈ। ਜਦੋਂ ਕਿ ਭਾਰਤ ਦੇ ਕਈ ਰਾਜ ਅਜੇ ਵੀ ਗੰਭੀਰ ਸਿੱਖਿਆ ਘਾਟਾਂ ਨਾਲ ਜੂਝ ਰਹੇ ਹਨ ਜਦਕਿ ਪੰਜਾਬ ਨਵੇਂ ਮਾਪਦੰਡ ਸਥਾਪਿਤ ਕਰ ਰਿਹਾ ਹੈ।ਸਮਾਗਮ ਵਿਚ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਐਸ.ਐਸ. ਬੱਲ, ਐਸ.ਡੀ.ਐਮ. ਗੁਰਕਿਰਨਦੀਪ ਸਿੰਘ ਸਿੱਧੂ, ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੁਮਾਰ ਸੋਨੀ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਵੱਡੀ ਗਿਣਤੀ ਵਿਚ ਹਾਜ਼ਰ ਸਨ।
1
1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਇਆ ਸਨਮਾਨ
ਅਜੀਤ ਡੈਸਕ
24-06-2026