02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਸੰਯੁਕਤ ਕਿਸਾਨ ਮੋਰਚੇ ਵਲੋਂ ਭਾਜਪਾ ਆਗੂ ਭਾਈ ਰਾਹੁਲ ਸਿੰਘ ਸਿੱਧੂ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ

ਅਜੀਤ ਡੈਸਕ 23-07-2026

ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ)-ਅੱਜ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਭਾਰਤ ਤੇ ਅਮਰੀਕਾ ਦਰਮਿਆਨ ਹੋਏ ਟੈਕਸ ਮੁਕਤ ਵਪਾਰ ਸਮਝੌਤੇ ਦੇ ਖ਼ਿਲਾਫ਼ ਭਾਜਪਾ ਦੇ ਸੂਬਾ ਆਗੂ ਭਾਈ ਰਾਹੁਲ ਸਿੰਘ ਸਿੱਧੂ ਦੇ ਘਰ ਅੱਗੇ ਸ੍ਰੀ ਮੁਕਤਸਰ ਸਾਹਿਬ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ, ਬੀ.ਕੇ.ਯੂ. ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦਿਉਣ, ਬੀ.ਕੇ.ਯੂ. ਡਕੌਂਦਾ (ਬੁਰਜ ਗਿੱਲ) ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਪੂਰਨ ਸਿੰਘ ਵੱਟੂ, ਬੀ.ਕੇ.ਯੂ. ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਸ਼ਿਵਰਾਜ ਸਿੰਘ ਭੰਗਚੜੀ, ਬਿਜਲੀ ਬੋਰਡ ਪੈਨਸ਼ਨਰਜ਼ ਐਸੋਸੀਏਸ਼ਨ ਦੇ ਆਗੂ ਅਮਰਜੀਤ ਸਿੰਘ ਹਰੀਕੇ ਕਲਾਂ, ਬੀ.ਕੇ.ਯੂ. ਲੱਖੋਵਾਲ (ਟਿਕੈਤ) ਦੇ ਜ਼ਿਲ੍ਹਾ ਸਕੱਤਰ ਜਥੇਦਾਰ ਗੁਰਮੀਤ ਸਿੰਘ ਲੰਬੀ ਢਾਬ ਨੇ ਬੋਲਦਿਆਂ ਕਿਹਾ ਕਿ ਭਾਰਤ ਤੇ ਅਮਰੀਕਾ ਦਰਮਿਆਨ ਹੋਣ ਵਾਲਾ ਟੈਕਸ ਮੁਕਤ ਵਪਾਰ ਸਮਝੌਤਾ ਭਾਰਤੀ ਖੇਤੀਬਾੜੀ, ਸਰਕਾਰੀ ਮੰਡੀ ਪ੍ਰਣਾਲੀ ਅਤੇ ਦੇਸ਼ ਦੀ ਖ਼ੁਰਾਕੀ ਸੁਰੱਖਿਆ ਲਈ ਗੰਭੀਰ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਇਹ ਸਮਝੌਤੇ ਦਾ ਅਸਲ ਮਕਸਦ ਸਰਮਾਏਦਾਰ ਤੇ ਵਿਕਸਿਤ ਦੇਸ਼ਾਂ ਦੇ ਵਾਧੂ ਖੇਤੀ ਉਤਪਾਦ ਨੂੰ ਭਾਰਤ ਦੀ ਮੰਡੀ ਵਿਚ ਲਿਆ ਕਿ ਖਪਾਉਣਾ ਹੈ, ਜਿਸ ਨਾਲ ਦੇਸ਼ ਦੇ ਕਰੋੜਾਂ ਕਿਸਾਨਾਂ, ਖੇਤ ਮਜ਼ਦੂਰਾਂ ਤੇ ਛੋਟੇ ਵਪਾਰੀਆਂ ਦੀ ਰੋਜੀ-ਰੋਟੀ ਪ੍ਰਭਾਵਿਤ ਹੋਵੇਗੀ। ਇਸ ਮੌਕੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦੀ ਸਖ਼ਤ ਨਿੰਦਾ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਪੰਜਾਬ ਦੇ ਦਰਿਆਈ ਪਾਣੀਆਂ ਤੇ ਸੂਬੇ ਦੇ ਸੰਵਿਧਾਨਿਕ ਅਧਿਕਾਰਾ ਤੇ ਸਿੱਧਾ ਹਮਲਾ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਦੀ ਲੈਂਡ ਪੂਲਿੰਗ ਪੋਲਿਸੀ ਕਿਸਾਨਾਂ ਦੀ ਜ਼ਮੀਨ ’ਤੇ ਕਾਰਪੋਰੇਟ ਕੰਪਨੀਆਂ ਦਾ ਕਬਜ਼ਾ ਕਰਵਾਉਣ ਵੱਲ ਇਹ ਖ਼ਤਰਨਾਕ ਕਦਮ ਹੈ। ਇਸ ਕਰਕੇ ਫਰੀ ਟਰੇਡ ਐਗਰੀਮੈਂਟ ਦੇ ਵਿਰੋਧ ਵਿਚ ਭਾਜਪਾ ਆਗੂ ਭਾਈ ਰਾਹੁਲ ਸਿੰਘ ਸਿੱਧੂ ਦੇ ਘਰ ਅੱਗੇ ਤਿੰਨ ਘੰਟੇ ਲਈ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਮਾਸਟਰ ਬਲਵਿੰਦਰ ਸਿੰਘ ਥਾਂਦੇਵਾਲਾ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਫਰੀ ਟਰੇਡ ਐਗਰੀਮੈਂਟ ਰੱਦ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਭਾਜਪਾ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਸਟੇਜ ਦੀ ਜ਼ਿੰਮੇਵਾਰੀ ਜਥੇਦਾਰ ਹਰਪ੍ਰੀਤ ਸਿੰਘ ਝਬੇਲਵਾਲੀ ਨੇ ਨਿਭਾਈ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਫੂਲੇਵਾਲਾ, ਸੁਰਜੀਤ ਸਿੰਘ ਰੁਪਾਣਾ, ਜਸਕਰਨ ਸਿੰਘ ਬੂੜਾ ਗੁੱਜਰ, ਜਸਵੰਤ ਸਿੰਘ ਡੋਡਾਂਵਾਲੀ, ਫ਼ੌਜੀ ਬਲਜੀਤ ਸਿੰਘ ਝਬੇਲਵਾਲੀ, ਗੁਰਸੇਵਕ ਸਿੰਘ ਸੰਗਰਾਣਾ, ਬਲਦੇਵ ਸਿੰਘ ਹਰੀਕੇ ਕਲਾਂ, ਗੁਰਮੀਤ ਸਿੰਘ ਸੰਗਰਾਣਾ, ਅਮਨਦੀਪ ਸਿੰਘ ਹਰੀਕੇ ਕਲਾਂ, ਦਰਸ਼ਨ ਸਿੰਘ ਵੜਿੰਗ ਆਦਿ ਕਿਸਾਨ ਆਗੂ ਹਾਜ਼ਰ ਸਨ।

ਪਿਛਲੀ ਖ਼ਬਰ ਮਲੋਟ ਦੀ ਰਿਹਾਇਸ਼ੀ ਕਾਲੋਨੀ ’ਚ ਹੋਈ ਫ਼ਾਇਰਿੰਗ, ਲੋਕਾਂ ’ਚ ਦਹਿਸ਼ਤ ਦਾ ਮਾਹੌਲ ਅਗਲੀ ਖ਼ਬਰ ਦਰਦਨਾਕ ਅਤੇ ਅਨਿਯਮਿਤ ਪੀਰੀਅਡਸ ਐਂਡੋਮੀਟ੍ਰਿਓਸਿਸ ਹੋ ਸਕਦੇ ਹਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।