ਲੰਬੀ, 22 ਜੁਲਾਈ (ਮੇਵਾ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਰਕਾਰੀ ਆਈ.ਟੀ.ਆਈ. ਬਾਦਲ ਨੂੰ ਮੁੜ ਚਾਲੂ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਨੂੰ ਹੋਰ ਭਖਾਇਆ ਜਾ ਰਿਹਾ ਹੈ। 28 ਜੁਲਾਈ ਦੇ ਧਰਨੇ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਪਿੰਡ ਮਾਨ ਵਿਖੇ ਨੌਜਵਾਨਾਂ ਤੇ ਵਿਦਿਆਰਥੀਆਂ ਦੀ ਭਰਵੀਂ ਮੀਟਿੰਗ ਕੀਤੀ ਗਈ। ਆਗੂਆਂ ਨੇ ਦੱਸਿਆ ਕਿ 28 ਜੁਲਾਈ ਦੇ ਇਸ ਧਰਨੇ ਵਿਚ ਵੱਡਾ ਇਕੱਠ ਕਰਨ ਲਈ ਪਿੰਡ-ਪਿੰਡ ਲਾਮਬੰਦੀ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਪ੍ਰਸ਼ਾਸਨ ਨੇ ਕੈਬਿਨੇਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਹੋਈ ਮੀਟਿੰਗ ਵਿਚ ਉਨ੍ਹਾਂ 27 ਜੁਲਾਈ ਤੱਕ ਦਾ ਸਮਾਂ ਮੰਗਿਆ ਸੀ, ਜਿਸ ਤੋਂ ਬਾਅਦ ਜਥੇਬੰਦੀ ਨੇ 24 ਜੁਲਾਈ ਦਾ ਧਰਨਾ ਮੁਲਤਵੀ ਕਰਕੇ 28 ਜੁਲਾਈ ਨੂੰ ਧਰਨਾ ਦੇਣ ਦਾ ਐਲਾਨ ਕੀਤਾ ਸੀ। ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ 27 ਜੁਲਾਈ ਤੱਕ ਇਸ ਗੰਭੀਰ ਮਸਲੇ ਦਾ ਕੋਈ ਠੋਸ ਤੇ ਸਕਾਰਾਤਮਕ ਹੱਲ ਨਾ ਕੀਤਾ ਗਿਆ, ਤਾਂ ਯੂਨੀਅਨ ਵਲੋਂ ਐਲਾਨੇ ਪ੍ਰੋਗਰਾਮ ਤਹਿਤ 28 ਜੁਲਾਈ ਨੂੰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਧਰਨਾ ਦਿੱਤਾ ਜਾਵੇਗਾ। ਆਗੂਆਂ ਨੇ ਦੁਹਰਾਇਆ ਕਿ ਪਿਛਲੇ 25 ਸਾਲਾਂ ਤੋਂ ਸਫ਼ਲਤਾਪੂਰਵਕ ਚੱਲ ਰਹੀ ਸਰਕਾਰੀ ਆਈ.ਟੀ.ਆਈ. ਬਾਦਲ ਨੂੰ ਬੰਦ ਕਰਨ ਕਾਰਨ ਆਸਪਾਸ ਦੇ 20-25 ਪਿੰਡਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਪੀ.ਐੱਸ.ਯੂ. ਦੇ ਜ਼ਿਲ੍ਹਾ ਪ੍ਰਧਾਨ ਸੁਖਪ੍ਰੀਤ ਕੌਰ ਅਤੇ ਮੀਤ ਪ੍ਰਧਾਨ ਰਾਜਿੰਦਰ ਸਿੰਘ ਨੇ ਸੰਬੋਧਨ ਕੀਤਾ।