ਸ੍ਰੀ ਮੁਕਤਸਰ ਸਾਹਿਬ, 27 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਗਾਂਧੀ ਨਗਰ ਗਲੀ ਨੰਬਰ 4 ਜੰਡੀ ਵਾਲੀ ਗਲੀ ਤੇ ਓਮ ਪ੍ਰਕਾਸ਼ ਥਿੰਦ ਵਾਲੀ ਗਲੀ ਦੇ ਵਸਨੀਕਾਂ ਦਾ ਵਫ਼ਦ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਨਵਾਲਾ ਦੀ ਅਗਵਾਈ ਹੇਠ ਸੈਨੀਟੇਸ਼ਨ ਤੇ ਵਾਟਰ ਸਪਲਾਈ ਵਿਭਾਗ ਦੇ ਐਕਸੀਅਨ ਕੇਵਲ ਕ੍ਰਿਸ਼ਨ ਨੂੰ ਮਿਲਿਆ। ਇਸ ਦੌਰਾਨ ਵਫ਼ਦ ਨੇ ਇਲਾਕੇ ਵਿਚ ਲੰਮੇ ਸਮੇਂ ਤੋਂ ਚੱਲ ਰਹੀ ਸੀਵਰੇਜ ਸਿਸਟਮ ਦੀ ਗੰਭੀਰ ਸਮੱਸਿਆ ਸੰਬੰਧੀ ਮੰਗ ਪੱਤਰ ਸੌਂਪਦਿਆਂ ਜਲਦ ਹੱਲ ਦੀ ਮੰਗ ਕੀਤੀ। ਇਸ ਮੌਕੇ ਹਨੀ ਫ਼ੱਤਣਵਾਲਾ ਨੇ ਕਿਹਾ ਕਿ ਉਕਤਾਨ ਗਲੀਆਂ ਦੇ ਵਸਨੀਕ ਕਾਫ਼ੀ ਸਮੇਂ ਤੋਂ ਸੀਵਰੇਜ ਜਾਮ ਹੋਣ ਅਤੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਰਸਾਤ ਦੇ ਦਿਨਾਂ ਵਿਚ ਇਹ ਸਮੱਸਿਆ ਹੋਰ ਵੀ ਗੰਭੀਰ ਹੋ ਜਾਂਦੀ ਹੈ, ਜਿਸ ਨਾਲ ਲੋਕਾਂ ਦੀ ਰੋਜ਼ਮਰ੍ਹਾ ਦੀ ਜ਼ਿੰਦਗੀ ਪ੍ਰਭਾਵਿਤ ਹੋ ਰਹੀ ਹੈ। ਐਕਸੀਅਨ ਕੇਵਲ ਕ੍ਰਿਸ਼ਨ ਨੇ ਮੰਗ ਪੱਤਰ ਮਿਲਣ ਉਪਰੰਤ ਤੁਰੰਤ ਕਾਰਵਾਈ ਕਰਦਿਆਂ ਐੱਸ.ਡੀ.ਓ. ਪੁਸ਼ਪਿੰਦਰ ਸਿੰਘ ਤੇ ਵਿਭਾਗੀ ਕਰਮਚਾਰੀਆਂ ਨਾਲ ਮੌਕੇ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਗਲੀਆਂ ਦਾ ਮੁਆਇਨਾ ਕੀਤਾ। ਉਨ੍ਹਾਂ ਵਸਨੀਕਾਂ ਨੂੰ ਭਰੋਸਾ ਦਿੱਤਾ ਕਿ ਤਕਨੀਕੀ ਜਾਂਚ ਤੋਂ ਬਾਅਦ ਜਲਦੀ ਹੀ ਸੀਵਰੇਜ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇਗਾ। ਇਸ ਮੌਕੇ ਵਾਰਡ ਨੰਬਰ 31 ਦੇ ਕੌਂਸਲਰ ਬਾਬਾ ਗਗਨਦੀਪ ਸਿੰਘ, ਪ੍ਰਵੀਨ ਕੁਮਾਰ, ਅਰੁਣ ਕੁਮਾਰ, ਗੌਰਵ ਕੁਮਾਰ, ਬਲਵਿੰਦਰ ਸਿੰਘ, ਸੰਜੀਵ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਮੁਹੱਲਾ ਵਾਸੀ ਹਾਜ਼ਰ ਸਨ। ਲੋਕਾਂ ਨੇ ਉਮੀਦ ਜਤਾਈ ਕਿ ਵਿਭਾਗ ਵਲੋਂ ਦਿੱਤੇ ਭਰੋਸੇ ਅਨੁਸਾਰ ਜਲਦੀ ਕੰਮ ਸ਼ੁਰੂ ਕਰਕੇ ਉਨ੍ਹਾਂ ਨੂੰ ਇਸ ਲੰਮੇ ਸਮੇਂ ਤੋਂ ਚੱਲ ਰਹੀ ਸਮੱਸਿਆ ਤੋਂ ਰਾਹਤ ਦਿਵਾਈ ਜਾਵੇਗੀ।