ਭਾਕਿਯੂ ਏਕਤਾ (ਉਗਰਾਹਾਂ) ਦਾ ਧਰਨਾ 13ਵੇਂ ਦਿਨ ’ਚ ਦਾਖ਼ਲ ਅੱਜ ਪੰਜਾਬ ’ ਚ ਚਾਰ ਮੰਤਰੀਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਤੇ ਘਿਰਾਓ ਕਰਨ ਦਾ ਐਲਾਨ
ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸੂਬਾ ਕਮੇਟੀ ਦੇ ਸੱਦੇ ’ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਦਾ ਪੱਕਾ ਮੋਰਚਾ 13ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ।
ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸੂਬਾ ਕਮੇਟੀ ਦੇ ਸੱਦੇ ’ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਦਾ ਪੱਕਾ ਮੋਰਚਾ 13ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਦੱਸਿਆ ਕਿ ਜਥੇਬੰਦੀ ਵਲੋਂ 12 ਸਤੰਬਰ ਨੂੰ ਪੰਜਾਬ ਭਰ ਵਿਚ ਚਾਰ ਮੰਤਰੀਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਅਤੇ ਘਿਰਾਓ ਕੀਤਾ ਜਾਵੇਗਾ। ਇਸੇ ਤਹਿਤ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਮਲੋਟ ਸਥਿਤ ਰਿਹਾਇਸ਼ ਅੱਗੇ ਵੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਸ੍ਰੀ ਮੁਕਤਸਰ ਸਾਹਿਬ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਹਰਫੂਲ ਸਿੰਘ ਭਾਗਸਰ ਅਤੇ ਹੋਰ ਬੁਲਾਰਿਆਂ ਨੇ ਕਿਹਾ ਕਿ ਦੇਸ਼ ਦੀ ਆਰਥਿਕਤਾ ’ਤੇ ਸਾਮਰਾਜੀ ਵੱਡੇ ਸਰਮਾਏਦਾਰਾਂ ਅਤੇ ਜਗੀਰਦਾਰਾਂ ਦੀ ਜਕੜ ਨੂੰ ਤੋੜਨ ਤੇ ਮਹਿੰਗਾਈ ਦਾ ਪੱਕੇ ਤੌਰ ’ਤੇ ਫ਼ਸਤਾ ਵੱਢਣ ਲਈ ਲੋਕਾਂ ਨੂੰ ਇਕਜੁੱਟ ਹੋ ਕੇ ਸੰਘਰਸ਼ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਨੇ ਆਮ ਲੋਕਾਂ ਦਾ ਜਿਉਣਾ ਮੁਹਾਲ ਕਰ ਦਿੱਤਾ ਹੈ। ਰੋਜ਼ਾਨਾ ਵਰਤੋਂ ਦੀਆਂ ਵਸਤਾਂ ਖੰਡ, ਆਟਾ, ਚੌਲ, ਦਾਲਾਂ, ਤੇਲ ਤੇ ਪੈਟਰੋਲ ਆਦਿ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਮੌਕੇ ਗਿੱਦੜਬਾਹਾ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ, ਬਿੱਟੂ ਸਿੰਘ ਮੱਲਣ ਕਮੇਟੀ ਮੈਂਬਰ, ਹਰਪਾਲ ਸਿੰਘ ਚੀਮਾ ਧੂਲਕੋਟ, ਜਸਵੀਰ ਸਿੰਘ ਪੱਪਲਾ ਦੋਦਾ, ਰਣਜੀਤ ਸਿੰਘ ਖ਼ਾਲਸਾ ਬੁੱਟਰ ਬਖੂਹਾ, ਜਗਰਾਜ ਸਿੰਘ ਸੁਖਨਾ ਅਬਲੂ, ਲੰਬੀ ਬਲਾਕ ਦੇ ਗੁਰਸੇਵਕ ਸਿੰਘ ਲੰਬੀ, ਸ੍ਰੀ ਮੁਕਤਸਰ ਸਾਹਿਬ ਬਲਾਕ ਦੇ ਜਨਰਲ ਸਕੱਤਰ ਸੁਖਰਾਜ ਸਿੰਘ ਰਹੂੜਿਆਂਵਾਲੀ, ਹਰਚਰਨ ਸਿੰਘ, ਦਰਸ਼ਨ ਸਿੰਘ ਲੱਖੇਵਾਲੀ, ਕੁਲਵੀਰ ਸਿੰਘ ਭਾਗਸਰ ਆਦਿ ਹਾਜ਼ਰ ਸਨ।