ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਸਫ਼ਲਤਾ ਉਤਸਵ ਮਨਾਇਆ
ਫ਼ਰੀਦਕੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)-ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਦੀ ਅਗਵਾਈ ਹੇਠ ਵਿਦਿਆਰਥੀਆਂ ਦੀਆਂ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਪ੍ਰਾਪਤੀਆਂ ਨੂੰ ਸਮਰਪਿਤ ਸਫ਼ਲਤਾ ਉਤਸਵ ਅਤੇ ਸਨਮਾਨ ਸਮਾਗਮ ਕਰਵਾਇਆ ਗਿਆ।
ਫ਼ਰੀਦਕੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)-ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਦੀ ਅਗਵਾਈ ਹੇਠ ਵਿਦਿਆਰਥੀਆਂ ਦੀਆਂ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਪ੍ਰਾਪਤੀਆਂ ਨੂੰ ਸਮਰਪਿਤ ਸਫ਼ਲਤਾ ਉਤਸਵ ਅਤੇ ਸਨਮਾਨ ਸਮਾਗਮ ਕਰਵਾਇਆ ਗਿਆ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖੇਤਰੀ ਯੁਵਕ ਮੇਲੇ, ਭਾਸ਼ਾ ਵਿਭਾਗ ਪੰਜਾਬ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਾਹਿਤ ਪ੍ਰਸ਼ਨੋਤਰੀ ਮੁਕਾਬਲਿਆਂ, ਖੇਡਾਂ ਵਤਨ ਪੰਜਾਬ ਦੀਆਂ ਅਤੇ ਟੀਚਿੰਗ ਏਡ ਮੁਕਾਬਲਿਆਂ ਵਿਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਰੰਗਾ-ਰੰਗ ਸੱਭਿਆਚਾਰਕ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ। ਸਮਾਗਮ ਵਿਚ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਪ੍ਰਿੰਸੀਪਲ ਕੁਮਾਰ ਜਗਦੇਵ ਸਿੰਘ ਬਰਾੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੀ ਧਰਮ ਪਤਨੀ ਚਰਨਜੀਤ ਕੌਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਸਮਾਗਮ ਦੀ ਪ੍ਰਧਾਨਗੀ ਕਾਲਜ ਦੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਨੇ ਕੀਤੀ। ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀਆਂ ਇਹ ਪ੍ਰਾਪਤੀਆਂ ਉਨ੍ਹਾਂ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਦਾ ਨਤੀਜਾ ਹਨ। ਕਾਲਜ ਦੇ ਯੂਥ ਕੋਆਰਡੀਨੇਟਰ ਪ੍ਰੋ. ਮਨਵਿੰਦਰ ਕੌਰ, ਸਹਾਇਕ ਯੂਥ ਕੋਆਰਡੀਨੇਟਰ ਪ੍ਰੋ. ਬੀਰਇੰਦਰਜੀਤ ਸਿੰਘ ਅਤੇ ਪ੍ਰੋ. ਜਸਬੀਰ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਰਾਮਪੁਰਾ ਫੂਲ, ਬਠਿੰਡਾ ਵਿਖੇ ਕਰਵਾਏ ਗਏ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖੇਤਰੀ ਯੁਵਕ ਮੇਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਰਵਾਇਤੀ ਪਹਿਰਾਵਾ ਪ੍ਰਦਰਸ਼ਨੀ ਵਿਚ ਦਵਿੰਦਰ ਸਿੰਘ, ਵਾਦ-ਵਿਵਾਦ ਮੁਕਾਬਲੇ ਵਿਚ ਪ੍ਰਿਯੰਕਾ ਅਤੇ ਮਿੱਟੀ ਦੇ ਖਿਡੌਣੇ ਬਣਾਉਣ ਦੇ ਮੁਕਾਬਲੇ ਵਿਚ ਜਸਵੀਰ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ। ਕਵੀਸ਼ਰੀ ਮੁਕਾਬਲੇ ਵਿਚ ਜਸਪਿੰਦਰ ਕੌਰ, ਜਸਵੀਰ ਕੌਰ ਅਤੇ ਗੁਰਕੀਰਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਸੱਭਿਆਚਾਰਕ ਕੁਇਜ਼ ਵਿਚ ਮਨਜਿੰਦਰ ਕੌਰ, ਅਮਨਜੋਤ ਕੌਰ ਅਤੇ ਮੋਹਿਨੀ ਰਾਣੀ ਨੇ ਤੀਜਾ ਸਥਾਨ ਹਾਸਿਲ ਕੀਤਾ। ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਰੀਦਕੋਟ ਵਲੋਂ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਾਹਿਤ ਪ੍ਰਸ਼ਨੋਤਰੀ ਮੁਕਾਬਲਿਆਂ ਵਿਚ ਕਾਲਜ ਭਾਸ਼ਾ ਮੰਚ ਦੇ ਸਰਪ੍ਰਸਤ ਪ੍ਰੋ. ਬੀਰਇੰਦਰਜੀਤ ਸਿੰਘ ਦੀ ਅਗਵਾਈ ਹੇਠ ਵਿਦਿਆਰਥਣ ਰਮਨਦੀਪ ਕੌਰ ਨੇ ਦੂਜਾ ਅਤੇ ਜਸਵਿੰਦਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਖੇਡ ਇੰਚਾਰਜ ਪ੍ਰੋ. ਰਣਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਦੇ 21 ਤੋਂ 30 ਸਾਲ ਉਮਰ ਵਰਗ ਵਿਚ ਵਿਦਿਆਰਥਣ ਸਿਮਰਨਪ੍ਰੀਤ ਕੌਰ ਨੇ ਉੱਚੀ ਛਾਲ ਵਿਚ ਪਹਿਲਾ ਅਤੇ ਲੰਬੀ ਛਾਲ ’ਚ ਤੀਜਾ ਸਥਾਨ ਹਾਸਿਲ ਕੀਤਾ। ਉਸ ਦੀ ਚੋਣ ਰਾਜ ਪੱਧਰੀ ਖੇਡਾਂ ਲਈ ਵੀ ਹੋਈ ਹੈ। ਇਸੇ ਤਰ੍ਹਾਂ ਵਿਦਿਆਰਥਣ ਕੋਮਲ ਦੀ ਹੈਂਡਬਾਲ ਲਈ ਰਾਜ ਪੱਧਰੀ ਖੇਡਾਂ ਵਾਸਤੇ ਚੋਣ ਹੋਈ, ਜਦਕਿ ਵਿਦਿਆਰਥੀ ਰਾਜਦੀਪ ਸਿੰਘ ਨੇ ਨੈਸ਼ਨਲ ਸਟਾਈਲ ਕਬੱਡੀ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਇੰਟਰਨਸ਼ਿਪ ਇੰਚਾਰਜ ਡਾ. ਰੁਪਿੰਦਰਜੀਤ ਕੌਰ ਦੀ ਅਗਵਾਈ ਹੇਠ ਬੀ.ਐੱਡ. ਭਾਗ ਦੂਜਾ ਦੇ ਵਿਦਿਆਰਥੀਆਂ ਲਈ ਕਰਵਾਏ ਗਏ ਟੀਚਿੰਗ ਏਡ ਮੁਕਾਬਲੇ ਵੀ ਸਮਾਗਮ ਦਾ ਅਹਿਮ ਹਿੱਸਾ ਰਹੇ। ਇਨ੍ਹਾਂ ਮੁਕਾਬਲਿਆਂ ਵਿਚ ਸਮਾਜਿਕ ਸਿੱਖਿਆ, ਗਣਿਤ, ਭੌਤਿਕ ਵਿਗਿਆਨ, ਜੀਵਨ ਵਿਗਿਆਨ, ਅਰਥ ਸ਼ਾਸਤਰ, ਇਤਿਹਾਸ, ਸਰੀਰਕ ਸਿੱਖਿਆ, ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਸਮੇਤ ਵੱਖ-ਵੱਖ ਵਿਸ਼ਿਆਂ ਵਿਚ ਵਿਦਿਆਰਥੀਆਂ ਨੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਹਾਸਿਲ ਕੀਤੇ। ਸਮਾਗਮ ਦੇ ਅੰਤ ਵਿਚ ਵੱਖ-ਵੱਖ ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੇ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ, ਕਾਲਜ ਦੇ ਪ੍ਰਿੰਸੀਪਲ ਅਤੇ ਪ੍ਰੋਫ਼ੈਸਰ ਸਾਹਿਬਾਨ ਵਲੋਂ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰੋ. ਸੰਦੀਪ ਸਿੰਘ, ਪ੍ਰੋ. ਸੁਖਪਾਲ ਕੌਰ, ਪ੍ਰੋ. ਰਾਜੇਸ਼ਵਰੀ ਦੇਵੀ, ਪ੍ਰੋ. ਫੈਨੀ ਚਾਵਲਾ, ਪ੍ਰੋ. ਸੁਖਵਿੰਦਰ ਕੌਰ, ਡਾ. ਰਤਨ ਲਾਲ, ਪ੍ਰੋ. ਕਰਮਜੀਤ ਸਿੰਘ, ਪ੍ਰੋ. ਰਿਮੀ ਅਤੇ ਕਾਲਜ ਦੇ ਸਮੂਹ ਵਿਦਿਆਰਥੀ ਹਾਜ਼ਰ ਸਨ।