ਮਲੋਟ, 23 ਨਵੰਬਰ (ਪਾਟਿਲ)- ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਪ੍ਰਿੰਸੀਪਲ ਡਾ. ਨੀਰੂ ਬੱਠਲਾ ਵਾਟਸ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਤੇ ਕਵਿਤਾ ਉਚਾਰਨ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ ਗਿਆ। ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਤੇ ਸਰਬੱਤ ਦੇ ਭਲੇ ਦੇ ਸੰਦੇਸ਼ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਛੋਟੇ ਬੱਚਿਆਂ ਨੂੰ ਬਾਬਾ ਨਾਮਦੇਵ ਜੀ ਗੁਰਦੁਆਰਾ ਸਾਹਿਬ ਵਿਖੇ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਪ੍ਰਗਟ ਕੀਤੀ। ਇਸ ਮੌਕੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ’ਤੇ ਚੱਲਣ, ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦੀ ਪ੍ਰੇਰਨਾ ਦਿੱਤੀ।