ਮਾਨਸਾ, 20 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਜ਼ਿਲ੍ਹਾ ਮਾਨਸਾ ਵਲੋਂ ਪੰਜਾਬ ਸਰਕਾਰ ਅਤੇ ਵਿਭਾਗੀ ਮੈਨੇਜਮੈਂਟ ਦੀਆਂ ਲਾਰੇ ਲਗਾਊ ਨੀਤੀਆਂ ਖ਼ਿਲਾਫ਼ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਖ਼ਿਆਲਾ, ਜ਼ਿਲ੍ਹਾ ਜਨਰਲ ਸਕੱਤਰ ਮਨਜੀਤ ਸਿੰਘ ਬਰਨਾਲਾ ਅਤੇ ਖ਼ਜ਼ਾਨਚੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਵਿਭਾਗੀ ਪ੍ਰਬੰਧਕ ਜਲ ਸਪਲਾਈ ਸਕੀਮਾਂ 'ਤੇ ਸਕਾਡਾ ਸਿਸਟਮ ਤੇ ਬਲਾਕ ਪੱਧਰੀ ਨਹਿਰੀ ਪ੍ਰੋਜੈਕਟ ਲਗਾ ਕੇ, ਨਿੱਜੀਕਰਨ/ਪੰਚਾਇਤੀਕਰਨ ਕਰਨ ਵਾਲੀਆਂ ਤਮਾਮ ਮਾਰੂ ਨੀਤੀਆਂ ਲਾਗੂ ਕਰ ਕੇ ਵਰਕਰਾਂ ਦੇ ਕੱਚੇ ਪਿੱਲੇ ਰੋਜ਼ਗਾਰ ਨੂੰ ਖੋਹ ਕੇ ਬੇਰੁਜ਼ਗਾਰ ਕਰਨ ਦੀ ਨਾਕਾਮ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪੀਣ ਵਾਲਾ ਪਾਣੀ ਮਹਿੰਗੇ ਮੁੱਲ 'ਚ ਵੇਚਣ ਲਈ ਕਾਰਪੋਰੇਟਰਾਂ ਨੂੰ ਖੁੱਲ੍ਹ ਦਿੱਤੀ ਜਾ ਰਹੀ ਹੈ | ਜਿਸ ਦੇ ਵਿਰੋਧ 'ਚ ਮਜਬੂਰੀ ਵੱਸ ਵਰਕਰ ਆਪਣੇ ਰੋਜ਼ਗਾਰ ਨੂੰ ਬਚਾਉਣ ਲਈ ਸੰਘਰਸ਼ ਦੇ ਰਾਹ ਤੁਰੇ ਹੋਏ ਹਨ | ਫ਼ਰਦ ਕੇਂਦਰ ਯੂਨੀਅਨ ਤੋਂ ਸੂਬਾ ਪ੍ਰਧਾਨ ਰਮਨਦੀਪ ਸਿੰਘ, ਪੀ.ਡਬਲਿਊ. ਇਲੈਕਟ੍ਰੀਕਲ ਤੋਂ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਸੰਬੋਧਨ ਕਰਦਿਆਂ ਦੱਸਿਆ ਕਿ 24 ਜਨਵਰੀ ਨੂੰ ਦਿੜ੍ਹਬਾ ਦੀ ਅਨਾਜ ਮੰਡੀ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਵਰਕਰ ਪਰਿਵਾਰਾਂ ਸਮੇਤ ਸ਼ਾਮਿਲ ਹੋ ਕੇ ਰੋਸ ਪ੍ਰਗਟ ਕਰਨਗੇ | ਆਗੂਆਂ ਨੇ ਮੰਗ ਕੀਤੀ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ 'ਚ ਵਰਕਰ ਦੇ ਰੂਪ 'ਚ ਸੇਵਾਵਾਂ ਨਿਭਾ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਤਜਰਬੇ ਆਧਾਰਿਤ ਸਬੰਧਿਤ ਵਿਭਾਗ ਵਿਚ ਮਰਜ਼ ਕਰ ਕੇ, ਈ.ਪੀ.ਐਫ. ਅਤੇ ਈ.ਐਸ.ਆਈ.ਸੀ. ਵਰਗੀਆਂ ਤਮਾਮ ਸਹੂਲਤਾਂ ਦੇਣ ਵਾਲੀ ਪਾਲਿਸੀ (ਤਜਵੀਜ਼) ਨੂੰ ਲਾਗੂ ਕਰ ਕੇ ਵਰਕਰਾਂ ਦੇ ਪੱਕੇ ਰੋਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ, ਜਦੋਂ ਤੱਕ ਪੱਕੇ ਰੋਜ਼ਗਾਰ ਦਾ ਪ੍ਰਬੰਧ ਕਰਨ ਵਾਲੀ ਮੰਗ ਦਾ ਹੱਲ ਨਹੀਂ ਕੀਤਾ ਜਾਂਦਾ, ਉਸ ਸਮੇਂ ਤੱਕ ਲੇਬਰ ਕਾਨੂੰਨ 1948 ਅਤੇ 1957 ਵਿਚ 15ਵੀਂ ਲੇਬਰ ਕਮਿਸ਼ਨਰ ਦੀਆਂ ਸਿਫ਼ਾਰਸ਼ਾਂ ਨੂੰ ਸ਼ਾਮਲ ਕਰ ਕੇ ਤਨਖ਼ਾਹ ਨਿਸ਼ਚਿਤ ਕਰ ਕੇ ਘੱਟੋ-ਘੱਟ ਉਜਰਤ 34 ਹਜ਼ਾਰ 244 ਰੁਪਏ ਲਾਗੂ ਕੀਤੀ ਜਾਵੇ, ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰ ਜੋ ਕਿ ਠੇਕਾ ਪ੍ਰਣਾਲੀ ਦਾ ਸੰਤਾਪ ਭੋਗਦੇ ਹੋਏ 58 ਸਾਲ ਉਮਰ ਹੋ ਗਈ ਹੈ, ਉਨ੍ਹਾਂ ਵੱਲੋਂ ਲਗਾਤਾਰ ਦਿੱਤੀਆਂ ਗਈਆਂ ਸੇਵਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਉਨ੍ਹਾਂ ਦੇ ਵਾਰਸਾਂ ਨੂੰ ਵੀ ਪੱਕੀ ਨੌਕਰੀ ਦਿੱਤੀ ਜਾਵੇ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਸਰਕਾਰ ਦੇ ਅਧੀਨ ਚੱਲ ਰਹੀਆਂ ਪੇਂਡੂ ਜਲ ਸਪਲਾਈ ਸਕੀਮਾਂ (ਜਲ ਘਰ) ਦਾ ਜਬਰੀ ਨਿੱਜੀਕਰਨ/ਸਕਾਡਾ ਪ੍ਰਣਾਲੀ ਲਗਾਉਣ ਦੀਆਂ ਨੀਤੀਆਂ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਪੰਚਾਇਤਾਂ ਨੂੰ ਹੈਂਡ ਓਵਰ ਕੀਤੀਆਂ ਜਲ ਸਪਲਾਈ ਸਕੀਮਾਂ ਮੁੜ ਵਿਭਾਗ ਅਧੀਨ ਕੀਤੀਆਂ ਜਾਣ ਆਦਿ |
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ
ਅਜੀਤ ਡੈਸਕ
21-01-2026