ਬਠਿੰਡਾ, 21 ਮਾਰਚ (ਸੱਤਪਾਲ ਸਿੰਘ ਸਿਵੀਆਂ)-ਭਾਰਤੀ ਜਨਤਾ ਪਾਰਟੀ ਦੇ ਐੱਸ. ਸੀ. ਮੋਰਚਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਮਹਿਰਾਜ ਨੇ ਕੇਂਦਰ ਸਰਕਾਰ ਵਲੋਂ ਤਖਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਨੂੰ ਰੇਲ ਮਾਰਗ ਨਾਲ ਜੋੜਣ ਲਈ ਨਵੀਂ ਰੇਲਵੇ ਲਾਈਨ ਵਿਛਾਉਣ ਦੇ ਫੈਸਲੇ ਨੂੰ ਇਤਿਹਾਸਕ ਦੱਸਦੇ ਹੋਏ ਕੇਂਦਰ ਸਰਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਸੰਗਤਾਂ ਵਲੋਂ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਰੇਲ ਮਾਰਗ ਨਾਲ ਜੋੜਣ ਦੀ ਮੰਗ ਕੀਤੀ ਜਾ ਰਹੀ ਸੀ ਤਾਂ ਜੋ ਇਸ ਇਤਿਹਾਸਕ ਸਥਾਨ 'ਤੇ ਨਤਮਸਤਕ ਹੋਣ ਲਈ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਆਵਾਜਾਈ ਸੁਖਾਲੀ ਹੋ ਸਕੇ | ਜਸਵੀਰ ਸਿੰਘ ਮਹਿਰਾਜ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਜਿੱਥੇ ਸਿੱਖ ਗੁਰੂ ਸਹਿਬਾਨਾਂ ਦੇ ਦਿਹਾੜੇ ਦੇਸ਼ ਪੱਧਰ 'ਤੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਦੇ ਇਤਿਹਾਸਕ ਕਾਰਜ ਕੀਤੇ ਜਾ ਰਹੇ ਹਨ, ਉੱਥੇ ਹੁਣ ਤਖਤ ਸ੍ਰੀ ਦਮਦਮਾ ਸਾਹਿਬ ਤੱਕ ਵਿਸ਼ੇਸ਼ ਰੇਲਵੇ ਲਾਈਨ ਵਿਛਾਉਣ ਲਈ 1118 ਕਰੋੜ ਰੁਪਏ ਮਨਜੂਰ ਕਰਕੇ ਇਕ ਹੋਰ ਇਤਿਹਾਸਿਕ ਕਾਰਜ ਕੀਤਾ ਹੈ | ਇਸ ਕਾਰਜ ਲਈ ਐੱਸ. ਸੀ. ਮੋਰਚਾ ਦੇ ਸੂਬਾ ਪ੍ਰਧਾਨ ਐੱਸ. ਆਰ. ਲੱਧੜ (ਸੇਵਾ-ਮੁਕਤ ਆਈ.ਏ.ਐੱਸ.) ਦੀ ਅਗਵਾਈ 'ਚ ਪ੍ਰਧਾਨ ਮੰਤਰੀ, ਕੇਂਦਰੀ ਰੇਲ ਮੰਤਰੀ ਅਤੇ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ |
ਤਖਤ ਸ੍ਰੀ ਦਮਦਮਾ ਸਾਹਿਬ ਨੂੰ ਰੇਲ ਮਾਰਗ ਨਾਲ ਜੋੜਣ ਦਾ ਫੈਸਲਾ ਇਤਿਹਾਸਕ-ਜਸਵੀਰ ਮਹਿਰਾਜ <br/>
ਅਜੀਤ ਡੈਸਕ
27-03-2026