21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਇਕੱਤਰਤਾ

ਅਜੀਤ ਡੈਸਕ 27-03-2026
ਤਲਵੰਡੀ ਸਾਬੋ, 26 ਮਾਰਚ (ਰਵਜੋਤ ਸਿੰਘ ਰਾਹੀ)-ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅੱਜ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦੇ ਇਤਿਹਾਸਕ ਦਿਹਾੜੇ ਦੀਆਂ ਪੂਰਵ-ਤਿਆਰੀਆਂ ਅਤੇ ਗੁਰਮਤਿ ਪ੍ਰਚਾਰ ਦੀ ਰੂਪ-ਰੇਖਾ ਉਲੀਕਣ ਲਈ ਇਕ ਵਿਸ਼ੇਸ਼ ਇਕੱਤਰਤਾ ਬੁਲਾਈ ਗਈ | ਜਿਸ ਦੀ ਸਰਪ੍ਰਸਤੀ ਸਿੰਘ ਸਾਹਿਬ ਬਾਬਾ ਟੇਕ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਨੇ ਕੀਤੀ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮੋਹਨ ਸਿੰਘ ਬੰਗੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਸਮੂਹ ਪ੍ਰਚਾਰਕ ਸਾਹਿਬਾਨ ਨੂੰ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਦਿਹਾੜੇ 'ਤੇ 'ਘਰ-ਘਰ ਪ੍ਰਚਾਰ ਲਹਿਰ' ਦਾ ਆਗਾਜ਼ ਕਰਨ | ਉਨ੍ਹਾਂ ਕਿਹਾ ਕਿ ਸਿੱਖ ਵਿਰਸੇ ਅਤੇ ਗੁਰਮਤਿ ਸਿਧਾਂਤਾਂ ਨੂੰ ਹਰ ਮਨੁੱਖ ਤੱਕ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ | ਇਸ ਮੌਕੇ ਉਨ੍ਹਾਂ ਵਿਸ਼ੇਸ਼ ਐਲਾਨ ਕੀਤਾ ਕਿ ਵਿਸਾਖੀ ਦੇ ਜੋੜ-ਮੇਲੇ ਦੌਰਾਨ ਸੰਗਤ ਖਾਸ ਕਰਕੇ ਨੌਜਵਾਨਾਂ ਨੂੰ ਸਿੱਖੀ ਸਰੂਪ ਨਾਲ ਜੋੜਨ ਲਈ 'ਦਸਤਾਰਾਂ ਦੇ ਲੰਗਰ' ਲਗਾਏ ਜਾਣਗੇ | ਸ਼੍ਰੋਮਣੀ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ ਨੇ ਪ੍ਰਚਾਰਕ ਸਿੰਘਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਵਿਸਾਖੀ ਦਾ ਦਿਹਾੜਾ ਸਿੱਖੀ ਸ਼ਾਨ ਅਤੇ ਕੁਰਬਾਨੀ ਦਾ ਪ੍ਰਤੀਕ ਹੈ | ਉਨ੍ਹਾਂ ਸਮੂਹ ਸੇਵਾਦਾਰਾਂ ਅਤੇ ਪ੍ਰਚਾਰਕਾਂ ਨੂੰ ਹਦਾਇਤ ਕੀਤੀ ਕਿ ਉਹ ਜੋੜ-ਮੇਲੇ ਦੌਰਾਨ ਆਪਣੀ ਡਿਊਟੀ ਪੂਰੀ ਦਿ੍ੜ੍ਹਤਾ, ਮੁਸਤੈਦੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਤਾਂ ਜੋ ਦੇਸ਼-ਵਿਦੇਸ਼ ਤੋਂ ਨਤਮਸਤਕ ਹੋਣ ਆਉਣ ਵਾਲੀ ਲੱਖਾਂ ਦੀ ਗਿਣਤੀ ਵਿਚ ਸੰਗਤ ਨੂੰ ਕਿਸੇ ਪ੍ਰਕਾਰ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ | ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਅਜੋਕੇ ਦੌਰ ਵਿਚ ਸਿੱਖ ਪੰਥ ਨੂੰ ਦਰਪੇਸ਼ ਅੰਦਰੂਨੀ ਅਤੇ ਬਾਹਰੀ ਚੁਣੌਤੀਆਂ 'ਤੇ ਗਹਿਰੀ ਚਿੰਤਾ ਪ੍ਰਗਟਾਈ | ਜਥੇਦਾਰ ਨੇ ਸਮੁੱਚੀ ਕੌਮ ਨੂੰ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ ਪ੍ਰਚਾਰਕਾਂ ਨੂੰ ਹਦਾਇਤ ਕੀਤੀ ਕਿ ਗੁਰੂ ਸਾਹਿਬ ਦਾ ਪਵਿੱਤਰ ਸੰਦੇਸ਼ ਸੰਗਤ ਦੇ ਹਿਰਦਿਆਂ ਤੱਕ ਪਹੁੰਚਾਇਆ ਜਾਵੇ | ਇਸ ਮੌਕੇ ਅਵਤਾਰ ਸਿੰਘ ਬਣਵਾਲਾ ਮੈਂਬਰ ਧਰਮ ਪ੍ਰਚਾਰ ਕਮੇਟੀ, ਗੁਰਜੰਟ ਸਿੰਘ ਮੁੱਖ ਗ੍ਰੰਥੀ ਤਖ਼ਤ ਸਾਹਿਬ, ਨਰਿੰਦਰਜੀਤ ਸਿੰਘ ਮੈਨੇਜਰ ਤਖ਼ਤ ਸ੍ਰੀ ਦਮਦਮਾ ਸਾਹਿਬ, ਗੁਰਦੇਵ ਸਿੰਘ ਵਧੀਕ ਮੈਨੇਜਰ, ਮਨਦੀਪ ਸਿੰਘ ਤੇ ਗੁਰਸੇਵਕ ਸਿੰਘ ਮੀਤ ਮੈਨੇਜਰ, ਗਿਆਨੀ ਸਰਬਜੀਤ ਸਿੰਘ ਢੋਟੀਆਂ ਇੰਚਾਰਜ ਮਾਲਵਾ ਜ਼ੋਨ, ਭੋਲਾ ਸਿੰਘ ਇੰਚਾਰਜ ਸਬ ਆਫ਼ਿਸ ਧਰਮ ਪ੍ਰਚਾਰ ਕਮੇਟੀ ਤੇ ਅਮਰੀਕ ਸਿੰਘ ਡਸਕਾ ਸਹਾਇਕ ਇੰਚਾਰਜ ਸਮੇਤ ਪ੍ਰਚਾਰਕ ਅਤੇ ਧਾਰਮਿਕ ਸ਼ਖ਼ਸੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਵਿਜੀਲੈਂਸ ਨੇ ਗ਼ਬਨ ਮਾਮਲੇ 'ਚ ਸੇਵਾ ਮੁਕਤ ਜੇ.ਈ. ਦਬੋਚਿਆ ਅਗਲੀ ਖ਼ਬਰ ਰਾਮਗੜ੍ਹੀਆ ਅਕਾਲ ਜਥੇਬੰਦੀ ਬਠਿੰਡਾ ਦੇ ਸਾਰੇ ਵਾਰਡਾਂ 'ਚ ਇਕਾਈਆਂ ਕਰੇਗੀ ਗਠਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।