ਮਾਨਸਾ, 26 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਦਾ ਕਹਿਣਾ ਹੈ ਕਿ ਪੰਜਾਬ 'ਚ ਸੁਖਬੀਰ ਸਿੰਘ ਬਾਦਲ ਦੇ ਹੱਕ 'ਚ ਲੋਕ ਲਹਿਰ ਚੱਲ ਰਹੀ ਹੈ | ਇਹ ਦਾਅਵਾ ਉਨ੍ਹਾਂ ਇੱਕੇ ਗੱਲਬਾਤ ਕਰਦਿਆਂ ਕੀਤਾ | ਉਹ 'ਅਜੀਤ' ਉਪ ਦਫ਼ਤਰ ਮਾਨਸਾ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸਨ | ਉਨ੍ਹਾਂ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਵਲੋਂ ਹਲਕਾ ਵਾਰ 'ਪੰਜਾਬ ਬਚਾਓ' ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ 'ਚ ਹਜ਼ਾਰਾਂ ਲੋਕ ਸ਼ਿਰਕਤ ਕਰ ਰਹੇ ਹਨ ਅਤੇ ਅਜਿਹਾ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸ: ਬਾਦਲ ਦੀ ਮਿਹਨਤ ਤੇ ਹਰਮਨ ਪਿਆਰਤਾ ਸਦਕਾ ਹੈ | ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪੰਜਾਬ ਦਾ ਵਿਕਾਸ ਸ਼ੋ੍ਰਮਣੀ ਅਕਾਲੀ ਦਲ ਦੀਆਂ ਸਰਕਾਰਾਂ ਮੌਕੇ ਹੀ ਹੋਇਆ ਹੈ | ਸ: ਭੂੰਦੜ ਨੇ ਕਿਹਾ ਕਿ 'ਆਪ' ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ 'ਤੇ ਖਰੀ ਨਹੀਂ ਉੱਤਰੀ ਜਦਕਿ ਪੰਜਾਬ 'ਚ ਅਮਨ ਕਾਨੰੂਨ ਦੀ ਸਥਿਤੀ ਬੇਹੱਦ ਖ਼ਰਾਬ ਹੈ ਅਤੇ ਭਿ੍ਸ਼ਟਾਚਾਰ ਦਾ ਬੋਲਬਾਲਾ ਵਧਣ ਦੇ ਨਾਲ ਹੀ ਨਸ਼ਿਆਂ ਨੂੰ ਵੀ ਠੱਲ੍ਹ ਨਹੀਂ ਪਈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰਾਂ ਦੇ ਕੰਮਾਂ-ਕਾਰਾਂ ਦਾ ਲੇਖਾ-ਜੋਖਾ ਖ਼ੁਦ ਕਰਿਆ ਕਰਨ ਨਾ ਕਿ ਗੁਮਰਾਹਕੁਨ ਪ੍ਰਚਾਰ 'ਚ ਆਉਣ | ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਸ਼ੋ੍ਰਮਣੀ ਅਕਾਲੀ ਦਲ ਵਲੋਂ ਸਰਦੂਲਗੜ੍ਹ ਹਲਕੇ ਦੀ ਝੁਨੀਰ ਵਿਖੇ ਕੀਤੀ ਗਈ ਰੈਲੀ ਸਫਲ ਕਾਨਫ਼ਰੰਸ ਸੀ, ਜਿਸ ਕਰ ਕੇ ਉਹ ਹਲਕੇ ਦੇ ਲੋਕਾਂ ਦੇ ਰਿਣੀ ਹਨ | ਗੱਲਬਾਤ ਮੌਕੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਚਹਿਲ, ਜ਼ਿਲ੍ਹਾ ਮੀਤ ਪ੍ਰਧਾਨ ਹਰਮਨਜੀਤ ਸਿੰਘ ਭੰਮਾ ਵੀ ਹਾਜ਼ਰ ਸਨ |