05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਸੰਯੁਕਤ ਕਿਸਾਨ ਮੋਰਚੇ ਵਲੋਂ ਭਾਜਪਾ ਦੇ ਮਾਨਸਾ ਦਫ਼ਤਰ ਅੱਗੇ ਰੋਸ ਧਰਨਾ

ਅਜੀਤ ਡੈਸਕ 23-07-2026
ਮਾਨਸਾ, 22 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਕਿਸਾਨ, ਮਜ਼ਦੂਰ ਜਥੇਬੰਦੀਆਂ ਵਲੋਂ ਭਾਜਪਾ ਦੇ ਮਾਨਸਾ ਦਫ਼ਤਰ ਅੱਗੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਜੇਕਰ ਮੋਦੀ ਸਰਕਾਰ ਨੇ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕੀਤਾ ਤਾਂ ਸਾਰੇ ਦੇਸ਼ ਦੇ ਕਿਸਾਨਾਂ ਲਈ ਬਰਬਾਦੀ ਲੈ ਕੇ ਆਵੇਗਾ। ਉਨ੍ਹਾਂ ਕਿਹਾ ਕਿ ਅਮਰੀਕਾ ਤੋਂ ਜਿਣਸਾਂ ਤੇ ਭਾਰਤ ‘ਚ ਦਾਖ਼ਲੇ ਨਾਲ ਭਾਰਤੀ ਜਿਣਸਾਂ ਦੀ ਬੇਕਦਰੀ ਹੋਵੇਗੀ। ਆਗੂਆਂ ਨੇ ਕਿਹਾ ਕਿ ਜੇਕਰ ਲੋਕਾਂ ਦੇ ਵਿਰੋਧ ਦੇ ਬਾਵਜੂਦ ਮੋਦੀ ਸਰਕਾਰ ਇਹ ਸਮਝੌਤਾ ਕਰਦੀ ਹੈ ਤਾਂ ਅਗਲੇ ਹੀ ਦਿਨ ਸਾਰੇ ਭਾਰਤ ‘ਚ ਰੇਲ ਰੋਕੋ, ਸੜਕ ਜਾਮ ਅਤੇ ਹੋਰ ਪ੍ਰੋਗਰਾਮ ਕੀਤੇ ਜਾਣਗੇ। ਉਨ੍ਹਾਂ ਦਿੱਲੀ ਵਿਖੇ ਜੰਤਰ ਮੰਤਰ ਤੋਂ ਪਾਰਲੀਮੈਂਟ ਵੱਲ ਮਾਰਚ ਕਰ ਰਹੇ ਵਿਦਿਆਰਥੀਆਂ ‘ਤੇ ਕੀਤੇ ਲਾਠੀਚਾਰਜ ਕਰਨ ਅਤੇ ਅੱਥਰੂ ਗੈਸ ਸੁੱਟਣ, ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ‘ਤੇ ਜਬਰ ਅਤੇ 21 ਜੁਲਾਈ ਨੂੰ ਦਿੱਲੀ ਜਾ ਰਹੇ ਕਿਸਾਨਾਂ ਦਾ ਰਸਤਾ ਰੋਕਣ ਦੀ ਮੋਦੀ ਸਰਕਾਰ ਦੀ ਕਾਰਜਸ਼ੈਲੀ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਆਖਿਆ ਕਿ ਮੋਦੀ ਸਰਕਾਰ ਹਰ ਸੰਘਰਸ਼ਸ਼ੀਲ ਤਬਕੇ ਨੂੰ ਲਾਠੀ ਅਤੇ ਗੋਲੀ ਨਾਲ ਦਬਾਉਣਾ ਚਾਹੁੰਦੀ ਹੈ ਪਰ ਸੰਘਰਸ਼ ਦੀ ਆਵਾਜ਼ ਨੂੰ ਲਾਠੀ ਦੇ ਜ਼ੋਰ ਨਾਲ ਕੁਚਲਿਆ ਨਹੀਂ ਜਾ ਸਕਦਾ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਲੈਂਡ ਪੂਲਿੰਗ ਨੀਤੀ ਜਰੀਏ ਕਿਸਾਨਾਂ ਦੀ ਜ਼ਮੀਨ ਹੜੱਪਣ ਦੇ ਕਦਮ ਦਾ ਸਖ਼ਤ ਵਿਰੋਧ ਕੀਤਾ। ਧਰਨੇ ਨੂੰ ਜਮਹੂਰੀ ਕਿਸਾਨ ਸਭਾ ਦੇ ਅਮਰੀਕ ਸਿੰਘ ਫਫੜੇ, ਬੱਲਮ ਸਿੰਘ ਫਫੜੇ, ਭਾਕਿਯੂ ਧਨੇਰ ਦੇ ਲਖਵੀਰ ਸਿੰਘ ਅਕਲੀਆ, ਬਲਕਾਰ ਸਿੰਘ, ਭਾਕਿਯੂ ਉਗਰਾਹਾਂ ਦੇ ਰਾਮ ਸਿੰਘ ਭੈਣੀਬਾਘਾ, ਇੰਦਰਜੀਤ ਸਿੰਘ ਝੱਬਰ, ਭਾਕਿਯੂ ਡਕੌਂਦਾ ਦੇ ਮਹਿੰਦਰ ਸਿੰਘ ਭੈਣੀ, ਸੁਖਵਿੰਦਰ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਭਜਨ ਸਿੰਘ ਘੁੰਮਣ, ਕੁੱਲ ਹਿੰਦ ਕਿਸਾਨ ਸਭਾ ਦੇ ਰੂਪ ਸਿੰਘ ਢਿੱਲੋਂ, ਜੁਗਰਾਜ ਸਿੰਘ ਹੀਰਕੇ ਆਦਿ ਨੇ ਸੰਬੋਧਨ ਕੀਤਾ।
ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਨੇ ਖਾਲੀ ਭਾਂਡੇ ਖੜਕਾ ਕੇ ਮਾਨਸਾ ਸ਼ਹਿਰ ’ਚ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕ ਕੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।