ਕਪੂਰਥਲਾ, 25 ਮਾਰਚ (ਸਡਾਨਾ)-ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਇਨਕਲਾਬੀ ਸਮਾਗਮ ਰੇਲ ਕੋਚ ਫ਼ੈਕਟਰੀ ਵਰਕਰ ਕਲੱਬ ਵਿਖੇ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਵਲੋਂ ਕਰਵਾਇਆ ਗਿਆ | ਜਿਸ ਵਿਚ ਯੂਨੀਅਨ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਰ.ਸੀ.ਐਫ. ਦੇ ਕਰਮਚਾਰੀਆਂ ਨੇ ਭਾਗ ਲਿਆ | ਇਸ ਮੌਕੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਦੇਸ਼ ਨੂੰ ਦਰਪੇਸ਼ ਮੌਜੂਦਾ ਹਲਾਤਾਂ ਤੇ ਚਣੌਤੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਸਮਾਗਮ ਦੇ ਮੁੱਖ ਬੁਲਾਰੇ ਪੰਜਾਬ ਲੋਕ ਸਭਿਆਚਾਰ ਮੰਚ ਦੇ ਪ੍ਰਧਾਨ ਅਮੋਲਕ ਸਿੰਘ ਨੇ ਦੇਸ਼ ਦੀ ਮੌਜੂਦਾ ਰਾਜਨੀਤੀ ਤੇ ਆਰਥਿਕ ਸਥਿਤੀ ਦੀ ਤਿੱਖੀ ਆਲੋਚਨਾ ਕੀਤੀ | ਉਨ੍ਹਾਂ ਇਸ ਮੁੱਦੇ 'ਤੇ ਚਰਚਾ ਕਰਦਿਆਂ ਕਿਹਾ ਕਿ ਮੌਜੂਦਾ ਕੇਂਦਰ ਸਰਕਾਰ ਅੰਤਰਰਾਸ਼ਟਰੀ ਪੱਧਰ ਆਪਣੀ ਮੌਜੂਦਾ ਸੁਤੰਤਰ ਭਰੋਸੇਯੋਗਤਾ ਗੁਆ ਚੁੱਕੀ ਹੈ ਅਤੇ ਅਮਰੀਕਾ ਦੀ ਪੂਰੀ ਤਰ੍ਹਾਂ ਕਠਪੁਤਲੀ ਬਣ ਗਈ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੇ ਹਰ ਫ਼ੈਸਲੇ ਵਿਚ ਅਮਰੀਕੀ ਦਬਾਅ ਸਪਸ਼ਟ ਤੌਰ 'ਤੇ ਦਿਖਾਈ ਦਿੰਦਾ ਹੈ | ਅਮੋਲਕ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਸਿਰਫ਼ ਮੁੱਠੀ ਭਰ ਵੱਡੇ ਪੂੰਜੀਪਤੀਆਂ ਦੇ ਹਿਤਾਂ ਦੀ ਪੂਰਤੀ ਲਈ ਬਣਾਈਆਂ ਜਾ ਰਹੀਆਂ ਹਨ | ਜਦਕਿ ਦੇਸ਼ ਦੀ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਮਜ਼ਦੂਰਾਂ, ਕਿਸਾਨਾਂ ਤੇ ਕਰਮਚਾਰੀਆਂ ਦੀ ਆਵਾਜ਼ ਨੂੰ ਲਗਾਤਾਰ ਦਬਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦ ਭਗਤ ਸਿੰਘ ਦੇ ਪਾਏ ਪੂਰਨਿਆਂ 'ਤੇ ਚੱਲ ਕੇ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਪਵੇਗਾ | ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਅਮਰੀਕ ਸਿੰਘ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ | ਸਮਾਗਮ ਦੌਰਾਨ ਇਨਕਲਾਬੀ ਨਾਟਕ 'ਸ਼ੀਸ਼ ਹਥੇਲੀ ਪਰ' ਦਾ ਸਫਲ ਮੰਚਨ ਕੀਤਾ ਗਿਆ, ਜੋ ਕਿ ਪ੍ਰਸਿੱਧ ਨਾਟਕਕਾਰ ਗੁਰਸ਼ਰਨ ਸਿੰਘ ਵਲੋਂ ਲਿਖਿਆ ਗਿਆ ਸੀ, ਇਹ ਨਾਟਕ ਕ੍ਰਾਂਤੀਪਾਲ ਦੁਆਰਾ ਨਿਰਦੇਸ਼ਿਤ ਕੀਤਾ ਗਿਆ ਸੀ | ਇਸ ਮੌਕੇ ਹਾਜ਼ਰ ਸਮੂਹ ਲੋਕਾਂ ਵਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਪ੍ਰੋਗਰਾਮ ਦੌਰਾਨ ਮੰਚ ਦਾ ਸੰਚਾਲਨ ਯੂਨੀਅਨ ਦੇ ਸੰਗਠਨ ਸਕੱਤਰ ਭਰਤ ਰਾਜ ਨੇ ਕੀਤਾ ਅਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਯੂਨੀਅਨ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਦਰਸ਼ਨ ਲਾਲ, ਜਗਤਾਰ ਸਿੰਘ, ਪ੍ਰਧਾਨ ਜਗਦੀਸ਼ ਸਿੰਘ, ਅਰਵਿੰਦ ਪ੍ਰਸ਼ਾਦ, ਕ੍ਰਿਸ਼ਨ ਲਾਲ ਜੱਸਲ, ਅਰਵਿੰਦਰ ਕੁਮਾਰ ਸ਼ਾਹ ਤੇ ਹੋਰ ਹਾਜ਼ਰ ਸਨ |