ਕਪੂਰਥਲਾ, 26 ਮਾਰਚ (ਅਮਨਜੋਤ ਸਿੰਘ ਵਾਲੀਆ)-ਕਾਲਾ ਸੰਘਿਆਂ ਰੋਡ 'ਤੇ ਤਲਵੰਡੀ ਨਜ਼ਦੀਕ ਸਾਈਕਲ 'ਤੇ ਜਾ ਰਹੇ ਇਕ ਬਜ਼ੁਰਗ ਵਿਅਕਤੀ ਨੂੰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਬਜ਼ੁਰਗ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ | ਇਸ ਸੰਬੰਧੀ ਥਾਣਾ ਸਦਰ ਦੇ ਏ. ਐਸ. ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਤਲਵੰਡੀ ਨਜ਼ਦੀਕ ਸੜਕ ਹਾਦਸੇ 'ਚ ਇਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ ਹੈ, ਜਿਸ 'ਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਤੇ ਲਾਸ਼ ਨੂੰ ਕਬਜ਼ੇ ਵਿਚ ਲਿਆ | ਮਿ੍ਤਕ ਵਿਅਕਤੀ ਦੀ ਪਹਿਚਾਣ ਸੋਹਣ (60) ਪੁੱਤਰ ਬਸੰਤ ਵਾਸੀ ਬਿਹਾਰ, ਹਾਲ ਵਾਸੀ ਔਜਲਾ ਫਾਟਕ ਵਜੋਂ ਹੋਈ ਹੈ | ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ 'ਚ ਰਖਵਾ ਦਿੱਤਾ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ |