ਕਪੂਰਥਲਾ, 26 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ 'ਚ ਸ਼ਹੀਦ ਭਗਤ ਸਿੰਘ, ਰਾਜ ਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ ਵਿਚ ਇਕ ਸਮਾਗਮ ਕਰਵਾਇਆ | ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ 'ਚ ਦੇਸ਼ ਪ੍ਰੇਮ, ਜ਼ਿੰਮੇਵਾਰੀ ਅਤੇ ਨੈਤਿਕ ਮੁੱਲਾਂ ਦੀ ਸਥਾਪਨਾ ਵਿਚ ਮਹੱਤਵਪੂਰਨ ਹਨ | ਉਨ੍ਹਾਂ ਵਿਦਿਆਰਥਣਾਂ ਨੂੰ ਸ਼ਹੀਦਾਂ ਦੇ ਆਦਰਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਕਿਹਾ | ਡਾ. ਖਹਿਰਾ ਨੇ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੀ ਸ਼ਹਾਦਤ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਕਾਲਜ ਦੇ ਇਤਿਹਾਸ ਵਿਭਾਗ ਦੀ ਪ੍ਰੋ. ਮਨਪ੍ਰੀਤ ਕੌਰ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੇ ਦੇਸ਼ ਦੀ ਆਜ਼ਾਦੀ ਲਈ ਬਹੁਤ ਵੱਡੀ ਕੁਰਬਾਨੀ ਦਿੱਤੀ ਤੇ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਦੇ ਜੀਵਨ, ਸੰਘਰਸ਼ ਅਤੇ ਆਦਰਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥਣਾਂ ਨੂੰ ਸ਼ਹੀਦਾਂ ਵਲੋਂ ਦੱਸੇ ਗਏ ਰਾਹ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਵਿਦਿਆਰਥਣਾਂ ਵਲੋਂ ਭਾਸ਼ਨ ਤੇ ਕਵਿਤਾਵਾਂ ਪੇਸ਼ ਕਰਕੇ ਸ਼ਹੀਦਾਂ ਨੂੰ ਯਾਦ ਕੀਤਾ |