ਫਗਵਾੜਾ, 2 ਜੂਨ (ਹਰਜੋਤ ਸਿੰਘ ਚਾਨਾ)-ਨੀਟ ਪੇਪਰ ਲੀਕ ਮਾਮਲੇ ਤੇ ਸੀ.ਬੀ.ਐਸ.ਈ. ਦੀ ਆਨਲਾਈਨ ਸਕਰੀਨ ਮਾਰਕਿੰਗ ਪ੍ਰਣਾਲੀ 'ਚ ਸਾਹਮਣੇ ਆਈਆਂ ਖ਼ਾਮੀਆਂ ਦੇ ਵਿਰੋਧ 'ਚ ਅੱਜ ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ | ਇਸ ਦੌਰਾਨ ਸੈਂਕੜੇ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਪੁਤਲੇ ਫੂਕੇ | ਸੰਬੋਧਨ ਕਰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਦੇਸ਼ ਭਰ ਦੇ ਲੱਖਾਂ ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਦਿੱਤੀ ਸੀ, ਪਰ ਪੇਪਰ ਲੀਕ ਹੋਣ ਕਾਰਨ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਦੂਜੀ ਵਾਰ ਹੈ ਜਦੋਂ ਨੀਟ ਦਾ ਪ੍ਰਸ਼ਨ ਪੱਤਰ ਲੀਕ ਹੋਣ ਦੀ ਘਟਨਾ ਸਾਹਮਣੇ ਆਈ ਹੈ, ਪਰ ਕੇਂਦਰ ਸਰਕਾਰ ਤੇ ਸਬੰਧਿਤ ਏਜੰਸੀਆਂ ਇਸ ਮਾਮਲੇ 'ਚ ਕੋਈ ਪ੍ਰਭਾਵਸ਼ਾਲੀ ਕਾਰਵਾਈ ਕਰਨ 'ਚ ਨਾਕਾਮ ਰਹੀਆਂ ਹਨ | ਧਾਲੀਵਾਲ ਨੇ ਮੰਗ ਕੀਤੀ ਕਿ ਨੀਟ ਪ੍ਰੀਖਿਆਵਾਂ ਦੇ ਪ੍ਰਬੰਧ 'ਚ ਲਗਾਤਾਰ ਨਾਕਾਮ ਰਹੀ ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਨੂੰ ਭੰਗ ਕਰਕੇ ਇੱਕ ਪਾਰਦਰਸ਼ੀ ਤੇ ਭਰੋਸੇਯੋਗ ਪ੍ਰੀਖਿਆ ਪ੍ਰਣਾਲੀ ਸਥਾਪਿਤ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦੇ ਕੈਰੀਅਰ ਨਾਲ ਜੁੜੇ ਅਜਿਹੇ ਅਹਿਮ ਮਾਮਲਿਆਂ 'ਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ | ਉਨ੍ਹਾਂ ਸੀ.ਬੀ.ਐਸ.ਈ. ਦੀ ਆਨਲਾਈਨ ਸਕਰੀਨ ਮਾਰਕਿੰਗ (ਓ.ਐਸ.ਐਮ.) ਪ੍ਰਣਾਲੀ 'ਚ ਆਈਆਂ ਗੰਭੀਰ ਖ਼ਾਮੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਕੰਮ ਲਈ ਨਿਯੁਕਤ ਕੀਤੀ ਗਈ ਕੰਪਨੀ ਕੋਐਮਪਟ ਐਡੂਟੈਕ ਕੋਲ ਲੋੜੀਂਦਾ ਤਜਰਬਾ ਤੇ ਮੁਹਾਰਤ ਨਹੀਂ ਹੈ | ਉਨ੍ਹਾਂ ਦੋਸ਼ ਲਾਇਆ ਕਿ ਕੰਪਨੀ ਨੂੰ ਵਿਸ਼ੇਸ਼ ਛੋਟਾਂ ਤੇ ਨਿਯਮਾਂ 'ਚ ਤਬਦੀਲੀਆਂ ਕਰਕੇ ਠੇਕਾ ਦਿੱਤਾ ਗਿਆ ਸੀ, ਜਦਕਿ ਇਸ ਨੂੰ ਪਹਿਲਾਂ ਤੇਲੰਗਾਨਾ ਸਰਕਾਰ ਵੱਲੋਂ ਬਲੈਕ ਲਿਸਟ ਵੀ ਕੀਤਾ ਜਾ ਚੁੱਕਾ ਹੈ | ਉਨ੍ਹਾਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਤੁਰੰਤ ਅਹੁਦੇ ਤੋਂ ਬਰਖ਼ਾਸਤ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਜਦੋਂ ਉਹ ਆਪਣੇ ਫ਼ਰਜ਼ਾਂ ਦੀ ਪੂਰਤੀ ਕਰਨ 'ਚ ਅਸਫਲ ਰਹੇ ਹਨ ਤਾਂ ਉਨ੍ਹਾਂ ਨੂੰ ਅਹੁਦੇ 'ਤੇ ਬਣੇ ਰਹਿਣ ਦਾ ਕੋਈ ਨੈਤਿਕ ਹੱਕ ਨਹੀਂ ਹੈ | ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਤੋਂ ਵਿਦਿਆਰਥੀਆਂ ਦੇ ਹਿਤਾਂ ਦੀ ਰੱਖਿਆ ਲਈ ਤੁਰੰਤ ਅਤੇ ਸਖ਼ਤ ਕਦਮ ਚੁੱਕਣ ਦੀ ਮੰਗ ਵੀ ਕੀਤੀ | ਇਸ ਮੌਕੇ ਵੱਡੀ ਗਿਣਤੀ ਵਿਚ ਸ਼ਹਿਰੀ ਪ੍ਰਧਾਨ ਨਰੇਸ਼ ਭਾਰਦਵਾਜ, ਦਿਹਾਤੀ ਪ੍ਰਧਾਨ ਵਿੱਕੀ ਰਾਣੀਪੁਰ, ਕਾਂਗਰਸੀ ਆਗੂ, ਕੌਂਸਲਰ, ਬਲਾਕ ਸ਼ਹਿਰੀ ਤੇ ਦਿਹਾਤੀ ਪ੍ਰਧਾਨ ਤੇ ਵਰਕਰ, ਮਹਿਲਾ ਕਾਂਗਰਸ ਆਗੂ, ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ, ਨੰਬਰਦਾਰ ਅਤੇ ਕਾਂਗਰਸ ਸਮਰਥਕ ਹਾਜ਼ਰ ਸਨ