11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਮਕਸੂਦਾਂ ਸਬਜ਼ੀ ਮੰਡੀ ਵਿਖੇ ਗੋਲੀ ਚਲਾਉਣ ਦੇ ਮਾਮਲੇ ’ਚ ਲੋੜੀਂਦੇ ਦੋ ਹਮਲਾਵਰ ਹਥਿਆਰਾਂ ਸਮੇਤ ਗਿ੍ਫ਼ਤਾਰ

ਅਜੀਤ ਡੈਸਕ 25-06-2026


ਕਪੂਰਥਲਾ, 24 ਜੂਨ (ਅਮਰਜੀਤ ਸਿੰਘ ਸਡਾਨਾ)-ਨਵੀਂ ਸਬਜ਼ੀ ਮੰਡੀ ਮਕਸੂਦਾਂ ਜਲੰਧਰ ਵਿਖੇ ਬੀਤੇ ਦਿਨੀਂ ਹੋਏ ਗੋਲੀਕਾਂਡ ਦੇ ਮਾਮਲੇ ਵਿਚ ਲੋੜੀਂਦੇ ਦੋ ਹਮਲਾਵਰਾਂ ਨੂੰ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਸਮੇਤ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਐਸ.ਪੀ. ਡੀ. ਹਰਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਏ.ਐੱਸ.ਪੀ. ਧੀਰੇਂਦਰ ਵਰਮਾ ਦੀ ਅਗਵਾਈ ਹੇਠ ਥਾਣਾ ਸੁਲਤਾਨਪੁਰ ਲੋਧੀ ਮੁਖੀ ਇੰਸਪੈਕਟਰ ਹਰਿੰਦਰ ਸਿੰਘ ਨੂੰ ਸੂਚਨਾ ਮਿਲੀ ਕਿ ਕਥਿਤ ਦੋਸ਼ੀ ਅਮਨਦੀਪ ਸਿੰਘ ਵਾਸੀ ਸੁਲਤਾਨਪੁਰ ਲੋਧੀ ਨਜਾਇਜ਼ ਅਸਲੇ ਸਮੇਤ ਗਾਜੀਪੁਰ ਰੋਡ ‘ਤੇ ਖੜਾ ਹੈ, ਜਿਸ ‘ਤੇ ਪੁਲਿਸ ਨੇ ਛਾਪਾਮਾਰੀ ਕਰਕੇ ਅਮਨਦੀਪ ਸਿੰਘ ਨੂੰ ਗਿ੍ਫ਼ਤਾਰ ਕੀਤਾ ਤੇ ਉਸ ਪਾਸੋਂ ਇਕ ਪਿਸਟਲ 30 ਬੋਰ ਤੇ ਇਕ ਪਿਸਟਲ 32 ਬੋਰ ਸਮੇਤ ਮੈਗਜ਼ੀਨ ਤੇ 10 ਜਿੰਦਾ ਰੌਂਦ ਬਰਾਮਦ ਕੀਤੇ | ਜਿਸਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਇਕ ਪਿਸਟਲ ਉਸਦੇ ਸਾਥੀ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਜ਼ਿਲ੍ਹਾ ਨਵਾਂ ਸ਼ਹਿਰ ਦਾ ਹੈ ਤੇ ਬੀਤੇ ਦਿਨੀਂ ਜਲੰਧਰ ਦੀ ਮਕਸੂਦਾਂ ਨਵੀਂ ਸਬਜ਼ੀ ਮੰਡੀ ਵਿਖੇ ਗੋਲੀ ਚੱਲੀ ਸੀ ਜਿਸ ਵਿਚ ਮੋਨੂੰ ਪੁਰੀ ਜ਼ਖਮੀ ਹੋ ਗਿਆ ਸੀ, ਉਹ ਵੀ ਉਨ੍ਹਾਂ ਨੇ ਹੀ ਚਲਾਈ ਸੀ | ਐਸ.ਪੀ. ਹਰਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਗੁਰਪ੍ਰੀਤ ਸਿੰਘ ਨੂੰ ਗਿ੍ਫ਼ਤਾਰ ਕੀਤਾ ਗਿਆ ਤੇ ਪੁਲਿਸ ਰਿਮਾਂਡ ਦੌਰਾਨ ਉਸ ਪਾਸੋਂ 100 ਗ੍ਰਾਮ ਹੈਰੋਇਨ, 20 ਗ੍ਰਾਮ ਆਈਸ ਤੇ ਪੰਜ ਜਿੰਦਾ ਰੌਂਦ ਹੋਰ ਬਰਾਮਦ ਹੋਏ | ਜਿਸ ਤਹਿਤ ਦਰਜ ਮਾਮਲੇ ਵਿਚ ਨਸ਼ਾ ਤਸਕਰੀ ਦਾ ਵੀ ਜੁਰਮ ਵਾਧਾ ਕੀਤਾ ਗਿਆ | ਐਸ.ਪੀ. ਡੀ. ਨੇ ਦੱਸਿਆ ਕਿ ਕਾਬੂ ਕੀਤੇ ਗਏ ਦੋਵੇਂ ਕਥਿਤ ਦੋਸ਼ੀ ਅਮਨਦੀਪ ਸਿੰਘ ਤੇ ਗੁਰਪ੍ਰੀਤ ਸਿੰਘ ਕਤਲ ਤੇ ਹੋਰ ਸੰਗੀਨ ਅਪਰਾਧਾਂ ਦੇ ਮਾਮਲਿਆਂ ਵਿਚ ਜੇਲ੍ਹ ਵਿਚ ਰਹਿ ਚੁੱਕੇ ਹਨ ਤੇ ਇਨ੍ਹਾਂ ਦਾ ਸਬੰਧ ਗੈਂਗਸਟਰ ਸੋਨੂੰ ਖੱਤਰੀ ਤੇ ਕਈ ਹੋਰ ਗਰੁੱਪਾਂ ਦੇ ਨਾਲ ਹੈ | ਉਨ੍ਹਾਂ ਦੱਸਿਆ ਕਿ ਅਮਨਦੀਪ ਸਿੰਘ ਵਿਰੁੱਧ ਥਾਣਾ ਨਵੀਂ ਬਾਰਾਦਰੀ ਜਲੰਧਰ ਵਿਖੇ ਕਤਲ ਦਾ ਮਾਮਲਾ ਦਰਜ ਹੈ, ਜਦਕਿ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਿਰੁੱਧ ਜ਼ਿਲ੍ਹਾ ਜਲੰਧਰ ਤੇ ਜ਼ਿਲ੍ਹਾ ਨਵਾਂ ਸ਼ਹਿਰ ਵਿਚ ਨਸ਼ਾ ਤਸਕਰੀ, ਅਗਵਾ ਤੇ ਕਤਲ ਦੀਆਂ ਧਾਰਾਵਾਂ ਤਹਿਤ ਸੱਤ ਵੱਖ-ਵੱਖ ਮੁਕੱਦਮੇ ਦਰਜ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਹਮਲਾਵਰਾਂ ਪਾਸੋਂ ਹੋਰ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਪੁੱਛਗਿੱਛ ਦੌਰਾਨ ਹੋਰ ਵੀ ਬਰਾਮਦਗੀ ਤੇ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ | ਇਸ ਮੌਕੇ ਐਸ.ਪੀ. ਡੀ. ਹਰਿੰਦਰ ਸਿੰਘ ਗਿੱਲ ਦੇ ਨਾਲ ਏ.ਐਸ.ਪੀ. ਸੁਲਤਾਨਪੁਰ ਲੋਧੀ ਧੀਰੇਂਦਰ ਵਰਮਾ, ਥਾਣਾ ਸੁਲਤਾਨਪੁਰ ਲੋਧੀ ਇੰਸਪੈਕਟਰ ਹਰਿੰਦਰ ਸਿੰਘ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਣੇ ਤਿੰਨ ਕਾਬੂ ਅਗਲੀ ਖ਼ਬਰ ਖੇਤਾਂ ਵਿਚ ਕੰਮ ਕਰਦੇ ਸਮੇਂ ਦਵਾਈ ਵਾਲੇ ਡੱਬੇ ’ਚ ਪਾਣੀ ਪੀਣ ਕਾਰਨ ਇਕ ਨੌਜਵਾਨ ਦੀ ਹਾਲਤ ਖ਼ਰਾਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।