15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਪਿੰਡ ਚਾਹੜਾ ਵਿਚ ਚੋਰੀ, 18 ਤੋਲੇ ਸੋਨਾ ਤੇ ਡੇਢ ਲੱਖ ਰੁਪਏ ਨਕਦੀ ਲੈ ਕੇ ਫਰਾਰ ਹੋਏ ਚੋਰ

22-07-2026
ਫਗਵਾੜਾ, 21 ਜੁਲਾਈ (ਹਰਜੋਤ ਸਿੰਘ ਚਾਨਾ)-ਫਗਵਾੜਾ ਸ਼ਹਿਰ ਦੇ ਨਜ਼ਦੀਕੀ ਪਿੰਡ ਚਾਹੜਾ ਵਿਚ ਬੀਤੀ ਰਾਤ ਬੇਖੌਫ ਚੋਰਾਂ ਨੇ ਇਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਕਰੀਬ 18 ਤੋਲੇ ਸੋਨੇ ਦੇ ਗਹਿਣੇ ਅਤੇ ਡੇਢ ਲੱਖ ਰੁਪਏ ਦੀ ਨਕਦੀ ਚੋਰੀ ਕਰ ਲਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪੀੜਤ ਸ਼ਮਸ਼ੇਰ ਸਿੰਘ ਅਤੇ ਅਮਰੀਕ ਸਿੰਘ ਨੇ ਦੱਸਿਆ ਕਿ 19 ਅਤੇ 20 ਜੁਲਾਈ ਦੀ ਦਰਮਿਆਨੀ ਰਾਤ ਚੋਰ ਮਕਾਨ ਦੀ ਪਿਛਲੀ ਸਾਈਡ ਤੋਂ ਕੰਧ ਟੱਪ ਕੇ ਘਰ ਅੰਦਰ ਦਾਖਲ ਹੋਏ। ਉਸ ਸਮੇਂ ਪਰਿਵਾਰ ਦੇ ਸਾਰੇ ਮੈਂਬਰ ਇਕ ਕਮਰੇ ਵਿੱਚ ਏਅਰ ਕੰਡੀਸ਼ਨਰ ਚਲਾ ਕੇ ਸੁੱਤੇ ਹੋਏ ਸਨ। ਇਸ ਦੌਰਾਨ ਚੋਰਾਂ ਨੇ ਘਰ ਦੀਆਂ ਅਲਮਾਰੀਆਂ ਦੇ ਤਾਲੇ ਤੋੜ ਕੇ ਉਨ੍ਹਾਂ ਵਿੱਚ ਪਏ ਕਰੀਬ ਡੇਢ ਲੱਖ ਰੁਪਏ ਨਕਦ ਅਤੇ ਲਗਭਗ 18 ਤੋਲੇ ਸੋਨੇ ਦੇ ਗਹਿਣੇ ਚੋਰੀ ਕਰ ਲਏ ਅਤੇ ਮੌਕੇ ਤੋਂ ਫਰਾਰ ਹੋ ਗਏ। ਪੀੜਤ ਪਰਿਵਾਰ ਨੇ ਦੱਸਿਆ ਕਿ ਇਸ ਚੋਰੀ ਕਾਰਨ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਘਟਨਾ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਡੀਐਸਪੀ ਫਗਵਾੜਾ ਅਤੇ ਐਸਐਚਓ ਸਦਰ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਅਧਿਕਾਰੀਆਂ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ ਅਤੇ ਚੋਰਾਂ ਦੀ ਭਾਲ ਲਈ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਚੋਰੀ ਕਰਨ ਵਾਲੇ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਚੋਰੀ ਹੋਏ ਸਾਮਾਨ ਦੀ ਬਰਾਮਦਗੀ ਯਕੀਨੀ ਬਣਾਈ ਜਾਵੇ। ਉਧਰ, ਐਸਐਚਓ ਸਦਰ ਨੇ ਦੱਸਿਆ ਕਿ ਪਿੰਡ ਚਾਹੜਾ ਵਿੱਚ ਇੱਕ ਘਰ ਵਿੱਚ ਚੋਰੀ ਹੋਣ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਤੁਰੰਤ ਮੌਕੇ ’ਤੇ ਪਹੁੰਚੀ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਰੇਲਵੇ ਹਾਦਸਿਆਂ ’ਚ ਦੋ ਨੌਜਵਾਨਾਂ ਦੀ ਮੌਤ ਅਗਲੀ ਖ਼ਬਰ ਨੌਜਵਾਨ ਦੀ ਕੁੱਟਮਾਰ ਕਰਨ ਤੇ ਕੱਪੜੇ ਉਤਾਰ ਕੇ ਵੀਡੀਓ ਬਣਾਉਣ ਸੰਬੰਧੀ ਦੋ ਖਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।