ਕਪੂਰਥਲਾ, 7 ਅਗਸਤ (ਵਿ. ਪ੍ਰ.)- ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਬਕਾਇਆ ਡੀ.ਏ. ਦੀ ਅਦਾਇਗੀ ਸਬੰਧੀ ਕੀਤੇ ਗਏ ਫ਼ੈਸਲੇ ਨੂੰ ਪੰਜਾਬ ਸਰਕਾਰ ਲਾਗੂ ਨਾ ਕਰਕੇ ਮੁਲਾਜ਼ਮ ਵਿਰੋਧੀ ਵਤੀਰਾ ਅਪਨਾ ਰਹੀ ਹੈ, ਜੋ ਬਹੁਤ ਹੀ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਮਾਨਯੋਗ ਅਦਾਲਤ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਡੀ. ਏ. ਦੇ ਬਕਾਏ ਦੀ ਅਦਾਇਗੀ ਰੋਕਣ ਸਬੰਧੀ ਦਿੱਤੀਆਂ ਦਲੀਲਾਂ ਨੂੰ ਰੱਦ ਕਰ ਦਿੱਤਾ ਸੀ | ਇਸ ਲਈ ਹੁਣ ਪੰਜਾਬ ਸਰਕਾਰ ਨੂੰ ਅਦਾਲਤ ਦੇ ਫ਼ੈਸਲੇ ਦਾ ਸਨਮਾਨ ਕਰਦਿਆਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਬਣਦੇ ਡੀ.ਏ. ਦੀ ਤੁਰੰਤ ਅਦਾਇਗੀ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਹਾਈਕੋਰਟ ਨੇ ਇਹ ਵੀ ਸਪੱਸ਼ਟ ਕੀਤਾ ਸੀ ਕਿ ਸਰਕਾਰ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਆਪਣੀ ਸਹੂਲਤ ਅਨੁਸਾਰ ਲਾਗੂ ਨਹੀਂ ਕਰ ਸਕਦੀ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਡੀ.ਏ. ਦੀ ਬਕਾਇਆ ਰਕਮ ਦੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਅਦਾਇਗੀ ਨਾ ਕੀਤੀ ਤਾਂ ਸਰਕਾਰ ਦੀ ਭਰੋਸੇਯੋਗਤਾ ‘ਤੇ ਵੀ ਲੋਕ ਸਵਾਲ ਚੁੱਕਣਗੇ | ਇਸ ਮੌਕੇ ਭਾਜਪਾ ਦੇ ਮੰਡਲ ਪ੍ਰਧਾਨ ਕਮਲਜੀਤ ਪ੍ਰਭਾਕਰ, ਸ਼ਿੰਦਰ ਸਿੰਘ, ਅਸ਼ਵਨੀ ਤੁਲੀ, ਸੰਨੀ ਬੈਂਸ, ਕੌਂਸਲਰ ਵਿੱਕੀ ਗੁਜਰਾਲ, ਲੱਕੀ ਸਰਪੰਚ ਆਦਿ ਹਾਜ਼ਰ ਸਨ |