ਹੈਬਤਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ
ਡਡਵਿੰਡੀ, 1 ਸਤੰਬਰ (ਦਿਲਬਾਗ ਸਿੰਘ ਝੰਡ)-ਨੇੜਲੇ ਪਿੰਡ ਹੈਬਤਪੁਰ ਵਿਖੇ ਸਮੂਹ ਨਗਰ ਨਿਵਾਸੀ ਸੰਗਤਾਂ ਵਲੋਂ ਪਿੰਡ ਦੀ ਸੁੱਖ-ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਦੇ ਨਾਲ-ਨਾਲ ਫ਼ਸਲਾਂ ਤੇ ਮਾਲ-ਡੰਗਰ ਦੀ ਚੜ੍ਹਦੀ ਕਲਾ ਲਈ ਸਾਂਝੇ ਤੌਰ ’ਤੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਸਹਿਜ ਪਾਠ ਸਾਹਿਬ ਦੇ ਸਵੇਰੇ 9 ਵਜੇ ਭੋਗ ਪਾਏ ਜਾਣ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਮੌਕੇ ਸਜਾਏ ਗਏ ਧਾਰਮਿਕ ਦੀਵਾਨ ਦੌਰਾਨ ਪੰਥ ਦੇ ਮਹਾਨ ਵਿਦਵਾਨ, ਖੋਜੀ ਅਤੇ ਢਾਡੀ ਭਾਈ ਮਨਜੀਤ ਸਿੰਘ ਮੇਲੀ ਦੇ ਢਾਡੀ ਜਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਅਤੇ ਗੁਰ-ਇਤਿਹਾਸ ਨਾਲ ਜੋੜਦਿਆਂ ਗੁਰਮਤਿ ਵਿਚਾਰਾਂ ਅਤੇ ਇਤਿਹਾਸਕ ਪ੍ਰਸੰਗਾਂ ਤੋਂ ਜਾਣੂ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਮਨਜੀਤ ਸਿੰਘ ਮੇਲੀ ਦੇ ਢਾਡੀ ਜਥੇ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਨੰਬਰਦਾਰ ਗੁਰਜੰਟ ਸਿੰਘ, ਆੜ੍ਹਤੀ ਗੁਰਪ੍ਰੀਤ ਸਿੰਘ ਨੰਢਾ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਜੋਸਨ, ਪਿ੍ੰਸੀਪਲ ਅਮਰੀਕ ਸਿੰਘ, ਮਲਕੀਤ ਸਿੰਘ, ਸਾਬਕਾ ਸਰਪੰਚ ਤਰਲੋਕ ਸਿੰਘ ਅਤੇ ਜਗਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ |