ਸੜਕ ਪਾਰ ਕਰਦਿਆਂ ਕਾਰ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
ਫਗਵਾੜਾ, 7 ਸਤੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਦੇ ਹੁਸ਼ਿਆਰਪੁਰ ਰੋਡ ’ਤੇ ਮੁਹੱਲਾ ਧਰਮਕੋਟ ਨੇੜੇ ਸੜਕ ਪਾਰ ਕਰਦਿਆਂ ਇੱਕ ਵਿਅਕਤੀ ਕਾਰ ਦੀ ਲਪੇਟ ਵਿਚ ਆ ਕੇ ਗੰਭੀਰ ਜ਼ਖ਼ਮੀ ਹੋ ਗਿਆ | ਹਾਦਸੇ ਤੋਂ ਬਾਅਦ ਕਾਰ ਚਾਲਕ ਵਲੋਂ ਜ਼ਖ਼ਮੀ ਵਿਅਕਤੀ ਨੂੰ ਤੁਰੰਤ ਸਿਵਲ ਹਸਪਤਾਲ ਫਗਵਾੜਾ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਕਾਰ ਚਾਲਕ ਨਿਰਮਲ ਸਿੰਘ ਵਾਸੀ ਪਿੰਡ ਸੀਕਰੀ ਨੇ ਦੱਸਿਆ ਕਿ ਉਹ ਆਪਣੇ ਜੀਜੇ ਨਾਲ ਆਪਣੀ ਭਾਣਜੀ ਦੇ ਵਿਆਹ ਦਾ ਸਾਮਾਨ ਖ਼ਰੀਦਣ ਲਈ ਫਗਵਾੜਾ ਆਏ ਸਨ | ਉਨ੍ਹਾਂ ਦੱਸਿਆ ਕਿ ਜਦੋਂ ਉਹ ਆਪਣੀ ਬਰੇਜ਼ਾ ਕਾਰ ਰਾਹੀਂ ਮੁਹੱਲਾ ਧਰਮਕੋਟ, ਹੁਸ਼ਿਆਰਪੁਰ ਰੋਡ ਨੇੜਿਉਂ ਲੰਘ ਰਹੇ ਸਨ ਤਾਂ ਇੱਕ ਵਿਅਕਤੀ ਅਚਾਨਕ ਸੜਕ ਪਾਰ ਕਰਦਿਆਂ ਕਾਰ ਦੇ ਸਾਹਮਣੇ ਆ ਗਿਆ | ਕਾਰ ਦੀ ਲਪੇਟ ਵਿਚ ਆਉਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ | ਹਾਦਸੇ ਤੋਂ ਬਾਅਦ ਉਹ ਖ਼ੁਦ ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਸਿਵਲ ਹਸਪਤਾਲ ਫਗਵਾੜਾ ਲੈ ਕੇ ਗਏ, ਜਿੱਥੇ ਉਸ ਦੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਸਤਨਾਮ ਸਿੰਘ ਵਜੋਂ ਹੋਈ ਹੈ | ਮਿ੍ਤਕ ਦੀ ਪਤਨੀ ਬਲਵਿੰਦਰ ਕੌਰ ਵਾਸੀ ਮੁਹੱਲਾ ਕੌਲਸਰ, ਖੋਥੜਾ ਰੋਡ ਨੇ ਦੱਸਿਆ ਕਿ ਉਸ ਦੇ ਪਤੀ ਇੱਕ ਫ਼ੈਕਟਰੀ ਵਿਚ ਪੈਕਿੰਗ ਦਾ ਕੰਮ ਕਰਦੇ ਸਨ | ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਨ੍ਹਾਂ ਦੇ ਪਤੀ ਨਾਲ ਸੜਕ ਹਾਦਸਾ ਵਾਪਰਿਆ ਹੈ ਅਤੇ ਉਨ੍ਹਾਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਹੈ | ਸੂਚਨਾ ਮਿਲਦੇ ਹੀ ਉਹ ਤੁਰੰਤ ਹਸਪਤਾਲ ਪਹੁੰਚੇ ਪਰ ਉੱਥੇ ਪਹੁੰਚਣ ‘ਤੇ ਪਤਾ ਲੱਗਾ ਕਿ ਉਨ੍ਹਾਂ ਦੇ ਪਤੀ ਦੀ ਮੌਤ ਹੋ ਚੁੱਕੀ ਸੀ |ਬਲਵਿੰਦਰ ਕੌਰ ਨੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦੀ ਗੁਹਾਰ ਲਗਾਈ ਹੈ | ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਅਧਿਕਾਰੀਆਂ ਨੇ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਸਬੰਧਿਤ ਵਿਅਕਤੀਆਂ ਦੇ ਬਿਆਨ ਦਰਜ ਕਰ ਲਏ ਹਨ | ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |