ਪਰਾਲੀ ਨਾ ਸਾੜਨ ਸੰਬੰਧੀ ਵੈਨ ਰਾਹੀਂ ਕਿਸਾਨਾਂ ਨੂੰ ਕੀਤਾ ਜਾਗਰੂਕ
ਨਡਾਲਾ, 6 ਅਕਤੂਬਰ (ਰਘਬਿੰਦਰ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ, ਕਪੂਰਥਲਾ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਬਲਾਕ ਨਡਾਲਾ ਦੇ ਵੱਖ-ਵੱਖ ਪਿੰਡਾਂ ਵਿਚ ਵਿਸ਼ੇਸ਼ ਜਾਗਰੂਕਤਾ ਵੈਨ ਕੈਂਪੇਨ ਚਲਾਈ ਜਾ ਰਹੀ ਹੈ | ਇਸ ਮੁਹਿੰਮ ਤਹਿਤ ਜਾਗਰੂਕਤਾ ਵੈਨ ਰਾਹੀਂ ਪਿੰਡ-ਪਿੰਡ ਪਹੁੰਚ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਜਾ ਰਹੀ ਹੈ | ਵੈਨ ਵਿਚ ਚਲਾਏ ਜਾ ਰਹੇ ਆਡੀਓ ਸੰਦੇਸ਼ਾਂ ਅਤੇ ਪ੍ਰਚਾਰ ਸਮੱਗਰੀ ਰਾਹੀਂ ਪਰਾਲੀ ਸਾੜਨ ਨਾਲ ਵਾਤਾਵਰਣ, ਮਿੱਟੀ ਦੀ ਸਿਹਤ ਅਤੇ ਮਨੁੱਖੀ ਸਿਹਤ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ | ਇਸ ਸਬੰਧੀ ਖੇਤੀਬਾੜੀ ਅਫ਼ਸਰ ਨਡਾਲਾ ਡਾ. ਸਤਨਾਮ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਉਪਲਬਧ ਖੇਤੀ ਮਸ਼ੀਨਰੀ ਅਤੇ ਇਨ-ਸੀਟੂ ਤੇ ਐਕਸ-ਸੀਟੂ ਪਰਾਲੀ ਪ੍ਰਬੰਧਨ ਤਕਨੀਕਾਂ ਦੀ ਵਰਤੋਂ ਕੀਤੀ ਜਾਵੇ | ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਖੇਤ ਵਿਚ ਹੀ ਮਿਲਾਉਣ ਨਾਲ ਮਿੱਟੀ ਵਿਚ ਜੈਵਿਕ ਪਦਾਰਥ ਦੀ ਮਾਤਰਾ ਵਧਦੀ ਹੈ ਅਤੇ ਮਿੱਟੀ ਦੀ ਸਿਹਤ ਵਿਚ ਸੁਧਾਰ ਹੁੰਦਾ ਹੈ |