ਭੁਲੱਥ ਹਲਕੇ ਦੇ ਕਿਸਾਨ ਆਗੂ ਫ਼ਰੀਦਕੋਟ ਵਿਖੇ ਬੀਕੇਯੂ ਏਕਤਾ ਸਿੱਧੂਪੁਰ ਦੀ ਮੀਟਿੰਗ ਵਿਚ ਹੋਏ ਸ਼ਾਮਿਲ
ਭੁਲੱਥ, 12 ਅਕਤੂਬਰ (ਮਨਜੀਤ ਸਿੰਘ ਰਤਨ)-ਹਲਕਾ ਭੁਲੱਥ ਤੋਂ ਕਿਸਾਨ ਆਗੂ ਫ਼ਰੀਦਕੋਟ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਡੱਲੇਵਾਲ ਗਰੁੱਪ ਦੀ ਹੋਈ ਮੀਟਿੰਗ ਵਿਚ ਸ਼ਾਮਲ ਹੋਏ | ਇਸ ਮੌਕੇ ਕਿਸਾਨ ਆਗੂਆਂ ਨੇ ਜਥੇਬੰਦੀ ਦੇ ਆਗੂਆਂ ਨਾਲ ਕਿਸਾਨੀ ਮਸਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਖੇਤੀਬਾੜੀ ਨਾਲ ਜੁੜੀਆਂ ਸਮੱਸਿਆਵਾਂ ’ਤੇ ਗੰਭੀਰਤਾ ਨਾਲ ਚਰਚਾ ਕੀਤੀ | ਮੀਟਿੰਗ ਉਪਰੰਤ ਭੁਲੱਥ ਹਲਕੇ ਤੋਂ ਪਹੁੰਚੇ ਕਿਸਾਨ ਆਗੂਆਂ ਨੇ ਬਾਪੂ ਜਗਜੀਤ ਸਿੰਘ ਡੱਲੇਵਾਲ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਨੇ ਖੇਤੀਬਾੜੀ ਦੇ ਮੌਜੂਦਾ ਹਾਲਾਤ, ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਕਿਸਾਨੀ ਮਸਲਿਆਂ ਦੇ ਹੱਲ ਲਈ ਜਥੇਬੰਦੀ ਦੀ ਭੂਮਿਕਾ ਸਬੰਧੀ ਵਿਚਾਰ-ਚਰਚਾ ਕੀਤੀ | ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੇ ਹੱਕਾਂ ਦੀ ਰਾਖੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਉਜਾਗਰ ਕਰਨ ਲਈ ਜਥੇਬੰਦੀ ਵੱਲੋਂ ਕੀਤੇ ਜਾ ਰਹੇ ਯਤਨਾਂ ਵਿਚ ਉਹ ਪੂਰੀ ਤਨਦੇਹੀ ਨਾਲ ਸਹਿਯੋਗ ਦੇਣਗੇ | ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਬਾਪੂ ਜਗਜੀਤ ਸਿੰਘ ਡੱਲੇਵਾਲ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਅਤੇ ਕਿਸਾਨੀ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰਨਗੇ |