ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਸੁਚੱਜੇ ਪ੍ਰਬੰਧਨ ਲਈ ਕੀਤਾ ਜਾਗਰੂਕ
ਨਡਾਲਾ, 13 ਅਕਤੂਬਰ (ਰਘਬਿੰਦਰ ਸਿੰਘ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਬਲਾਕ ਨਡਾਲਾ ਵਿਖੇ ਪਰਾਲੀ ਨੂੰ ਸਾੜਨ ਤੋਂ ਨੂੰ ਰੋਕਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ ਦਮੁਲੀਆਂ ਸਮੇਤ ਵੱਖ-ਵੱਖ ਪਿੰਡਾਂ ਵਿਚ ਕਿਸਾਨ ਜਾਗਰੂਕਤਾ ਕੈਂਪ ਅਤੇ ਮੀਟਿੰਗਾਂ ਕੀਤੀਆਂ ਗਈਆਂ |ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਨਡਾਲਾ ਗੁਰਜੋਤ ਸਿੰਘ ਅਤੇ ਮਨਰਸ਼ਰੂਪ ਕੌਰ ਤੋਂ ਇਲਾਵਾ ਖੇਤੀਬਾੜੀ ਉਪ-ਨਿਰੀਖਕ ਰਮੇਸ਼ ਸਿੰਘ ਹਾਜ਼ਰ ਸਨ | ਉਨ੍ਹਾਂ ਕਿਸਾਨਾਂ ਨੂੰ ਪਰਾਲੀ ਦਾ ਖੇਤ ਵਿਚ ਹੀ ਪ੍ਰਬੰਧਨ ਲਈ ਸੁਪਰ ਸੀਡਰ ਅਤੇ ਮਲਚਰ ਵਰਗੀਆਂ ਖੇਤੀ ਮਸ਼ੀਨਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ |ਖੇਤੀਬਾੜੀ ਅਧਿਕਾਰੀਆਂ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਮਿੱਟੀ ਦੀ ਉਪਜਾਊ ਸ਼ਕਤੀ ‘ਤੇ ਮਾੜਾ ਪ੍ਰਭਾਵ ਪੈਂਦਾ ਹੈ | ਇਸ ਦੇ ਉਲਟ, ਆਧੁਨਿਕ ਖੇਤੀ ਮਸ਼ੀਨਾਂ ਦੀ ਮਦਦ ਨਾਲ ਪਰਾਲੀ ਦਾ ਖੇਤ ਵਿਚ ਹੀ ਸੁਚੱਜਾ ਪ੍ਰਬੰਧਨ ਕੀਤਾ ਜਾ ਸਕਦਾ ਹੈ, ਜਿਸ ਨਾਲ ਮਿੱਟੀ ਦੀ ਸਿਹਤ ਅਤੇ ਉਪਜਾਊ ਸ਼ਕਤੀ ਵਿਚ ਸੁਧਾਰ ਕਰਨ ਦੇ ਨਾਲ-ਨਾਲ ਵਾਤਾਵਰਣ ਨੂੰ ਵੀ ਪ੍ਰਦੂਸ਼ਣ ਤੋਂ ਬਚਾਇਆ ਜਾ ਸਕਦਾ ਹੈ |ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ, ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕਰਨ ਅਤੇ ਵਾਤਾਵਰਣ ਦੀ ਸੰਭਾਲ ਵਿਚ ਆਪਣਾ ਅਹਿਮ ਯੋਗਦਾਨ ਪਾਉਣ |