ਸ਼੍ਰੋਮਣੀ ਕਮੇਟੀ ਵਲੋਂ ਸਿੰਘ ਸਭਾ ਲਹਿਰ ਦੀ 150 ਸਾਲਾ ਸ਼ਤਾਬਦੀ ਨੂੰ ਸਮਰਪਿਤ 21 ਸਤੰਬਰ ਨੂੰ ਖ਼ਾਲਸਾ ਕਾਲਜ ਵਿਖੇ ਹੋਵੇਗਾ ਸੈਮੀਨਾਰ
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣਈ ਕਮੇਟੀ ਵਲੋਂ ਸ੍ਰੀ ਗੁਰੂ ਸਿੰਘ ਸਭਾ ਲਹਿਰ ਦੇ 150 ਸਾਲਾ ਸਥਾਪਨਾ ਦਿਵਸ ਸੰਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਤਹਿਤ 21 ਸਤੰਬਰ ਨੂੰ ਖਾਲਸਾ ਕਾਲਜ ਦੇ ਸਰ ਸੁੰਦਰ ਸਿੰਘ ਮਜੀਠੀਆ ਹਾਲ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਸ ਸੈਮੀਨਾਰ ਦੀਆਂ ਤਿਆਰੀਆਂ ਸੰਬੰਧੀ ਅੱਜ ਖਾਲਸਾ ਕਾਲਜ ਵਿਖੇ ਵਿਸ਼ੇਸ਼ ਇਕੱਤਰਤਾ ਹੋਈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਆਲ ਇੰਡੀਆ ਧਰਮ ਪ੍ਰਚਾਰ ਲਹਿਰ ਦੇ ਚੇਅਰਮੈਨ ਭਾਈ ਰਾਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ, ਸਿੱਖ ਵਿਦਿਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਅਤੇ ਸੈਮੀਨਾਰ ਦੇ ਕੋਆਰਡੀਨੇਟਰ ਰਾਜਵਿੰਦਰ ਸਿੰਘ ਜੋਗਾ ਸ਼ਾਮਿਲ ਹੋਏ। ਇਸ ਮੌਕੇ ਭਾਈ ਗਰੇਵਾਲ ਨੇ ਕਿਹਾ ਕਿ 19ਵੀਂ ਸਦੀ ਵਿਚ ਸਿੱਖ ਧਰਮ ’ਤੇ ਹੋ ਰਹੇ ਹਮਲਿਆਂ ਨੂੰ ਠੱਲ੍ਹ ਪਾਉਣ ਲਈ ਸੁਹਿਰਦ ਸਿੱਖਾਂ ਵਲੋਂ ਸ੍ਰੀ ਗੁਰੂ ਸਿੰਘ ਸਭਾ ਲਹਿਰ ਦੀ ਸਥਾਪਨਾ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਵਿਰਾਸਤੀ ਧਰੋਹਰ ਖਾਲਸਾ ਕਾਲਜ ਨੂੰ ਸਿੰਘ ਸਭਾ ਲਹਿਰ ਦੀ ਉਪਜ ਦੇ ਤੌਰ ’ਤੇ ਜਾਣਿਆ ਜਾਂਦਾ ਹੈ। ਸ਼੍ਰੋਮਣੀ ਕਮੇਟੀ ਵਲੋਂ 150 ਸਾਲਾ ਸ਼ਤਾਬਦੀ ਸਮਾਗਮਾਂ ਤਹਿਤ ਖਾਲਸਾ ਕਾਲਜ ਵਿਖੇ 21 ਸਤੰਬਰ ਨੂੰ “ਸਿੰਘ ਸਭਾ ਲਹਿਰ ਪਿਛੋਕੜ, ਸਥਾਪਨਾ, ਕਾਰਜ ਦੇ ਪ੍ਰਾਪਤੀਆਂ”ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਸ ਸੈਮੀਨਾਰ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ, ਜਦਕਿ ਡਾ. ਹਰਭਜਨ ਸਿੰਘ ਅਤੇ ਡਾ. ਇੰਦਰਜੀਤ ਸਿੰਘ ਗੋਗੋਆਣੀ ਵਲੋਂ ਪਰਚੇ ਪੜ੍ਹੇ ਜਾਣਗੇ।