ਸਰਵਣ ਸਿੰਘ ਕੁਲਾਰ ਦੇ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਵਲੋਂ ਸ਼ੋਕ ਸਭਾ ਕਰ ਦਿੱਤੀ ਸ਼ਰਧਾਂਜਲੀ
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਮੈਂਬਰ ਸਰਵਣ ਸਿੰਘ ਕੁਲਾਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਇਜ਼ਹਾਰ ਕਰਦਿਆਂ ਕਿਹਾ ਕਿ ਸ. ਕੁਲਾਰ ਖ਼ਾਲਸਾ ਪੰਥ ਨੂੰ ਸਮਰਪਿਤ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਹਮੇਸ਼ਾ ਹੀ ਪੰਥਕ ਸਰੋਕਾਰਾਂ ਦੀ ਗੱਲ ਕੀਤੀ। ਇਸੇ ਦੌਰਾਨ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਵ. ਸਰਵਣ ਸਿੰਘ ਕੁਲਾਰ ਨਮਿਤ ਕੀਤੀ ਸ਼ੋਕ ਸਭਾ ਦੌਰਾਨ ਮੂਲ ਮੰਤਰ ਅਤੇ ਗੁਰ-ਮੰਤਰ ਦੇ ਜਾਪ ਕਰਕੇ ਅਰਦਾਸ ਕੀਤੀ ਗਈ। ਸ਼ੋਕ ਸਭਾ ਮੌਕੇ ਪੁੱਜੇ ਐਡਵੋਕੇਟ ਧਾਮੀ ਨੇ ਸ. ਸਰਵਣ ਸਿੰਘ ਕੁਲਾਰ ਦੀਆਂ ਪੰਥਕ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਚਲਾਣੇ ਨੂੰ ਵੱਡਾ ਪੰਥਕ ਘਾਟਾ ਕਰਾਰ ਦਿੱਤਾ। ਇਸੇ ਦੌਰਾਨ ਸੋਗ ਵਜੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਵਿੱਦਿਅਕ ਅਦਾਰੇ ਬੰਦ ਰੱਖੇ ਗਏ। ਸ. ਕੁਲਾਰ ਦੇ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਸਮੇਤ ਵੱਖ-ਵੱਖ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਅਧਿਕਾਰੀਆਂ ਨੇ ਵੀ ਅਫ਼ਸੋਸ ਪ੍ਰਗਟ ਕੀਤਾ ਹੈ।