JALANDHAR WEATHER

ਫ਼ਤਹਿ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ, 15 ਜੂਨ (ਜਸਵੰਤ ਸਿੰਘ ਜੱਸ)- ਫ਼ਤਹਿ ਦਿਵਸ ਦੇ ਸੰਬੰਧ ਵਿਚ ਅੱਜ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਦੁਆਰਾ ਕਿਲਾ ਸ੍ਰੀ ਲੋਹਗੜ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਅਵਤਾਰ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ ਅਤੇ ਹਰਪ੍ਰੀਤ ਸਿੰਘ, ਭਾਈ ਸੁਰਜੀਤ ਸਿੰਘ, ਬਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਤੇ ਧਾਰਮਿਕ ਸਭਾ ਸੁਸਾਇਟੀਆਂ ਸ਼ਾਮਿਲ ਹੋਈਆਂ। ਇਸ ਨਗਰ ਕੀਰਤਨ ਵਿਚ ਨਿਹੰਗ ਸਿੰਘ ਵੀ ਘੋੜਿਆਂ ’ਤੇ ਸਵਾਰ ਹੋ ਕੇ ਸ਼ਾਮਿਲ ਹੋਏ। ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਬਾਅਦ ਦੁਪਹਿਰ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਵੇਗਾ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਵਲੋਂ ਮੁਗਲਾਂ ਵਿਰੁੱਧ ਅੰਮ੍ਰਿਤਸਰ ਵਿਖੇ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਾਲੇ ਅਸਥਾਨ ’ਤੇ ਲੜੀ ਗਈ ਪਹਿਲੀ ਜੰਗ ਵਿਚ ਪ੍ਰਾਪਤ ਕੀਤੀ ਪਹਿਲੀ ਫ਼ਤਹਿ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਤੇ ਸਿੱਖ ਸੰਸਥਾਵਾਂ ਵਲੋਂ ਹਰ ਸਾਲ ਫ਼ਤਹਿ ਦਿਵਸ ਮਨਾਇਆ ਜਾਂਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ