JALANDHAR WEATHER

ਰਾਜਸਥਾਨ ਦੀ ਜੁਡੀਸ਼ੀਅਲ ਪ੍ਰੀਖਿਆ 'ਚ ਅੰਮ੍ਰਿਤਧਾਰੀ ਸਿੱਖ ਉਮੀਦਵਾਰਾਂ ਨਾਲ ਵਿਤਕਰਾ ਬੇਹੱਦ ਦੁਖਦਾਈ - ਐਡਵੋਕੇਟ ਧਾਮੀ

ਅੰਮ੍ਰਿਤਸਰ, 30 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਜੋਧਪੁਰ ਵਿਖੇ ਜੁਡੀਸ਼ੀਅਲ ਪ੍ਰੀਖਿਆ ਵਿਚ ਵੱਡੀ ਗਿਣਤੀ ’ਚ ਅੰਮ੍ਰਿਤਧਾਰੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਖੰਡਤ ਕਰਨ ਵਾਲਿਆਂ ਖਿਲਾਫ ਸਰਕਾਰ ਵਲੋਂ ਅਜੇ ਤੱਕ ਕੋਈ ਕਾਰਵਾਈ ਨਾ ਕਰਨ ਨੂੰ ਬੇਹੱਦ ਦੁਖਦਾਈ ਅਤੇ ਅਨਿਆਂਪੂਰਨ ਆਖਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਜਲੰਧਰ ਨਿਵਾਸੀ ਗੁਰਸਿੱਖ ਲੜਕੀ ਅਰਮਨਜੋਤ ਕੌਰ ਦੇ ਮਾਮਲੇ ਤੋਂ ਬਾਅਦ ਹੁਣ ਅੰਬਾਲਾ ਛਾਉਣੀ ਦੀ ਇਕ ਗੁਰਸਿੱਖ ਲੜਕੀ ਲਖਵਿੰਦਰ ਕੌਰ ਵਲੋਂ ਜੋਧਪੁਰ ਜੁਡੀਸ਼ੀਅਲ ਪ੍ਰੀਖਿਆ ਦੇ ਇਕ ਕੇਂਦਰ ਉਤੇ ਉਸ ਦੇ ਕਕਾਰ ਲੁਹਾਉਣ ਦੇ ਸਾਹਮਣੇ ਆਏ ਮਾਮਲੇ ਨੇ ਰਾਜਸਥਾਨ ਅੰਦਰ ਸਿੱਖਾਂ ਨਾਲ ਕੀਤੇ ਜਾ ਰਹੇ ਵਿਤਕਰੇ ਨੂੰ ਇਕ ਵਾਰ ਫਿਰ ਉਜਾਗਰ ਕੀਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਵਰਤਾਰਾ ਸਿੱਖ ਸੰਵੇਦਨਾ ਨੂੰ ਸੱਟ ਮਾਰਨ ਵਾਲਾ ਹੈ, ਜਿਸ ਪ੍ਰਤੀ ਰਾਜਸਥਾਨ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਦੋਸ਼ੀ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕਰੇ ਪਰ ਦੁੱਖ ਦੀ ਗੱਲ ਹੈ ਕਿ ਸਿੱਖ ਕੌਮ ਵਲੋਂ ਲਗਾਤਾਰ ਪ੍ਰਗਟਾਏ ਜਾ ਰਹੇ ਇਤਰਾਜ਼ ਮਗਰੋਂ ਵੀ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਮੂੰਹ ਮੋੜੀ ਬੈਠੀ ਹੈ। ਜਾਣਕਾਰੀ ਅਨੁਸਾਰ ਰਾਜਸਥਾਨ ਦੇ ਜੋਧਪੁਰ ਵਿਖੇ ਪਿਛਲੇ ਹਫ਼ਤੇ ਹੋਈ ਸਿਵਲ ਜੱਜ ਦੀ ਜੁਡੀਸ਼ੀਅਲ ਪ੍ਰੀਖਿਆ ਵਿਚ ਕਈ ਕੇਂਦਰਾਂ ਉੱਤੇ ਅੰਮ੍ਰਿਤਧਾਰੀ ਸਿੱਖ ਉਮੀਦਵਾਰਾਂ ਨੂੰ ਤੰਗ ਪਰੇਸ਼ਾਨ ਕੀਤਾ ਗਿਆ ਅਤੇ ਅਧਿਕਾਰੀਆਂ ਦਾ ਕਕਾਰ ਲੁਹਾਉਣ ਲਈ ਬਜਿੱਦ ਰਹਿਣ ਕਾਰਨ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰੀ, ਜਿਸ ਕਰਕੇ ਕਈ ਸਿੱਖ ਉਮੀਦਵਾਰ ਇਸ ਪ੍ਰੀਖਿਆ ਤੋਂ ਵਾਂਝੇ ਰਹੇ। ਹਾਲਾਂਕਿ ਪ੍ਰੀਖਿਆ ਲਈ ਜਾਰੀ ਹਦਾਇਤਾਂ ਵਿਚ ਅਜਿਹਾ ਕੁਝ ਵੀ ਸ਼ਾਮਿਲ ਨਹੀਂ ਸੀ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਲਖਵਿੰਦਰ ਕੌਰ ਅਤੇ ਹੋਰਨਾਂ ਪੀੜਤ ਅੰਮ੍ਰਿਤਧਾਰੀ ਉਮੀਦਵਾਰਾਂ ਨਾਲ ਹੈ ਅਤੇ ਇਸ ਮਾਮਲੇ ਵਿਚ ਹਰ ਪੱਧਰ ਉੱਤੇ ਆਪਣਾ ਰੋਸ ਪ੍ਰਗਟ ਕਰਦਿਆਂ ਦੋਸ਼ੀ ਅਧਿਕਾਰੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਕਾਰਜਸ਼ੀਲ ਰਹੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ