JALANDHAR WEATHER

1984 ਕਾਨਪੁਰ ਸਿੱਖ ਨਸਲਕੁਸ਼ੀ ਮਾਮਲਾ : ਸੁਪਰੀਮ ਕੋਰਟ ਵਲੋਂ ਉੱਤਰ ਪ੍ਰਦੇਸ਼ ਸਰਕਾਰ ਨੂੰ ਦਿੱਤੇ ਨਿਰਦੇਸ਼ਾਂ ਦਾ ਸ਼੍ਰੋਮਣੀ ਕਮੇਟੀ ਵਲੋਂ ਸਵਾਗਤ

ਅੰਮ੍ਰਿਤਸਰ, 22 ਜੁਲਾਈ (ਜਸਵੰਤ ਸਿੰਘ ਜੱਸ)-1984 ਕਾਨਪੁਰ ਸਿੱਖ ਨਸਲਕੁਸ਼ੀ ਮਾਮਲੇ ਵਿਚ ਮਾਨਯੋਗ ਸੁਪਰੀਮ ਕੋਰਟ ਵਲੋਂ ਉੱਤਰ ਪ੍ਰਦੇਸ਼ ਸਰਕਾਰ ਨੂੰ ਮੁਕੱਦਮਿਆਂ ਨੂੰ ਜਲਦ ਤੇ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ਾਂ ਦਾ ਸ਼੍ਰੋਮਣੀ ਕਮੇਟੀ ਨੇ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ਸੰਬੰਧੀ ਜਨਹਿੱਤ ਪਟੀਸ਼ਨ ਜਥੇਦਾਰ ਕੁਲਦੀਪ ਸਿੰਘ ਭੋਗਲ ਵਲੋਂ 2017 ਵਿਚ ਦਾਖ਼ਲ ਕੀਤੀ ਗਈ ਸੀ, ਜਿਸ ਦੀ ਗੰਭੀਰਤਾ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਇਸ ਵਿਚ ਕਾਨੂੰਨੀ ਸਹਿਯੋਗ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਵਲੋਂ ਇਨ੍ਹਾਂ ਕੇਸਾਂ ਦੀ ਪੈਰਵਾਈ ਲਈ ਸੀਨੀਅਰ ਵਕੀਲ ਪਰਸੂਨ ਕੁਮਾਰ ਅਤੇ ਗੁਰਬਖ਼ਸ਼ ਸਿੰਘ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 1984 ਵਿਚ ਕਾਨਪੁਰ ਵਿਖੇ ਸਿੱਖਾਂ ਦੇ ਹੋਏ ਕਤਲੇਆਮ ਦੇ ਮਾਮਲੇ ਵਿਚ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਿੱਖ ਸੰਸਥਾ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਮਾਨਯੋਗ ਅਦਾਲਤ ਵਲੋਂ ਉੱਤਰ ਪ੍ਰਦੇਸ਼ ਸਰਕਾਰ ਨੂੰ ਜਿਨ੍ਹਾਂ 11 ਮਾਮਲਿਆਂ ਵਿਚ ਚਾਰਜਸ਼ੀਟ ਦਾਖ਼ਲ ਹੋਈ ਹੈ, ਉਨ੍ਹਾਂ ਵਿਚ 2 ਵਿਸ਼ੇਸ਼ ਸਰਕਾਰੀ ਵਕੀਲ ਨਿਯੁਕਤ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਇਨ੍ਹਾਂ ਨੂੰ ਸਹਿਯੋਗ ਕਰਨ ਲਈ ਮੁੱਖ ਜਾਂਚ ਅਧਿਕਾਰੀ ਨੂੰ ਵੀ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਇਲਾਹਾਬਾਦ ਹਾਈਕੋਰਟ ਵਿਚ 4 ਮਾਮਲਿਆਂ ਸੰਬੰਧੀ ਚੱਲ ਰਹੀਆਂ ਅਪੀਲਾਂ ਸਬੰਧੀ ਉੱਚ ਅਦਾਲਤ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਇਨ੍ਹਾਂ ਮੁਕੱਦਮਿਆਂ ਦੀ ਤਰਜੀਹੀ ਤੌਰ ’ਤੇ ਸੁਣਵਾਈ ਕਰੇ। ਇਸੇ ਤਰ੍ਹਾਂ ਬੰਦ ਹੋ ਚੁੱਕੇ 9 ਮਾਮਲਿਆਂ ਬਾਰੇ ਉੱਤਰ ਪ੍ਰਦੇਸ਼ ਸਰਕਾਰ ਨੂੰ ਮਾਮਲਿਆਂ ਨਾਲ ਸੰਬੰਧਿਤ ਨਾਮ ਪਟੀਸ਼ਨਕਰਤਾ ਨੂੰ ਦੇਣ ਦਾ ਨਿਰਦੇਸ਼ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ