JALANDHAR WEATHER

ਸ਼੍ਰੋਮਣੀ ਕਮੇਟੀ ਨੇ ਐਮਰਜੈਂਸੀ ਫ਼ਿਲਮ ਦੇ ਨਿਰਮਾਤਾਵਾਂ ਨੂੰ ਭੇਜਿਆ ਕਾਨੂੰਨੀ ਨੋਟਿਸ

ਅੰਮ੍ਰਿਤਸਰ, 27 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਨੇ ਸਿੱਖਾਂ ਦੇ ਕਿਰਦਾਰ ਅਤੇ ਇਤਿਹਾਸ ਪੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਕੰਗਨਾ ਰਣੌਤ ਦੀ ‘ਐਮਰਜੈਂਸੀ’ ਫ਼ਿਲਮ ਦੇ ਨਿਰਮਾਤਾਵਾਂ ਨੂੰ ਕਾਨੂੰਨੀ ਨੋਟਿਸ ਭੇਜ ਕੇ ਸਿੱਖ-ਵਿਰੋਧੀ ਭਾਵਨਾ ਵਾਲੇ ਇਤਰਾਜ਼ਯੋਗ ਦ੍ਰਿਸ਼ ਕੱਟਣ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਵਲੋਂ ਭੇਜੇ ਗਏ ਨੋਟਿਸ ਵਿਚ ਕੰਗਨਾ ਰਣੌਤ ਸਮੇਤ ਫ਼ਿਲਮ ਦੇ ਨਿਮਰਾਤਾਵਾਂ ਨੂੰ ਜਾਰੀ ਕੀਤਾ ਗਿਆ ਟ੍ਰੇਲਰ ਵੀ ਜਨਤਕ ਅਤੇ ਸੋਸ਼ਲ ਮੀਡੀਆ ਮੰਚਾਂ ਤੋਂ ਹਟਾ ਕੇ ਸਿੱਖ ਕੌਮ ਪਾਸੋਂ ਲਿਖਤੀ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੰਗਨਾ ਰਣੌਤ ਦੀ ਇਸ ਫ਼ਿਲਮ ਦਾ ਮਾਮਲਾ ਧਿਆਨ ਵਿਚ ਆਉਂਦਿਆਂ ਹੀ ਸਿੱਖ ਸੰਸਥਾ ਵਲੋਂ ਇਸ ਦੇ ਵਿਰੁੱਧ ਸਿੱਖ ਭਾਵਨਾਵਾਂ ਦੀ ਤਰਜਮਾਨੀ ਕਰਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ। ਉਨ੍ਹਾਂ ਕਿਹਾ ਇਸ ਫ਼ਿਲਮ ਉੱਤੇ ਸਭ ਤੋਂ ਪਹਿਲਾਂ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਉੱਤੇ ਰੋਕ ਲਗਾਉਣ ਲਈ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਸ੍ਰੀ ਅਸ਼ਵਿਨੀ ਵੈਸ਼ਨਵ ਅਤੇ ਕੇਂਦਰੀ ਫ਼ਿਲਮ ਸੈਂਸਰ ਬੋਰਡ ਦੇ ਚੇਅਰਮੈਨ ਸ੍ਰੀ ਪ੍ਰਸੂਨ ਜੋਸ਼ੀ ਨੂੰ ਵੱਖ-ਵੱਖ ਪੱਤਰ ਲਿਖੇ ਗਏ ਸਨ। ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ ਅਨੁਸਾਰ ਹੁਣ ਕੰਗਨਾ ਰਣੌਤ ਸਮੇਤ ਇਸ ਫ਼ਿਲਮ ਦੇ ਨਿਰਮਾਤਾਵਾਂ ਨੂੰ ਕਾਨੂੰਨੀ ਨਟਿਸ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਐਮਰਜੰਸੀ ਫ਼ਿਲਮ ਦੇ ਜਾਰੀ ਕੀਤੇ ਗਏ ਟ੍ਰੇਲਰ ਤੋਂ ਬਾਅਦ ਕਈ ਸਿੱਖ ਵਿਰੋਧੀ ਦ੍ਰਿਸ਼ ਸਾਹਮਣੇ ਆਏ ਸਨ, ਜਿਨ੍ਹਾਂ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਗਹਿਰੀ ਸੱਟ ਵੱਜੀ ਹੈ ਤੇ ਸਿੱਖ ਸੰਗਤ ਅੰਦਰ ਭਾਰੀ ਰੋਸ ਹੈ, ਜਿਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵਲੋਂ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕੰਗਨਾ ਰਣੌਤ ਤੇ ਫ਼ਿਲਮ ਨਿਰਮਾਤਾਵਾਂ ਵਲੋਂ ਸਿੱਖ ਵਿਰੋਧੀ ਇਤਰਾਜ਼ਯੋਗ ਦ੍ਰਿਸ਼ ਨਾ ਕੱਟੇ ਗਏ ਤਾਂ ਉਨ੍ਹਾਂ ਖ਼ਿਲਾਫ਼ ਹਰ ਪੱਧਰ ਉੱਤੇ ਕਾਨੂੰਨੀ ਕਾਰਵਾਈ ਅੱਗੇ ਵਧਾਉਣ ਦੇ ਨਾਲ-ਨਾਲ ਸਖ਼ਤ ਵਿਰੋਧ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ