JALANDHAR WEATHER

ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਨੇ ਪਰਾਲੀ ਨੂੰ ਅੱਗ ਲਗਾਉਣ 'ਤੇ ਲਗਾਈ ਪਾਬੰਦੀ

ਅੰਮ੍ਰਿਤਸਰ, 14 ਸਤੰਬਰ-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਆ ਰਹੇ ਝੋਨੇ ਦੇ ਸੀਜ਼ਨ ਵਿਚ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਰੋਕਣ ਲਈ ਪਰਾਲੀ ਨੂੰ ਅੱਗ ਲਗਾਉਣ ਉੱਤੇ ਪਾਬੰਦੀ ਲਗਾ ਦਿੱਤੀ ਹੈ। ਜਾਰੀ ਕੀਤੇ ਹੁਕਮਾਂ ਵਿਚ ਉਨ੍ਹਾਂ ਕਿਹਾ ਕਿ ਸਾਲ 2024 ਦੀ ਝੋਨੇ ਦੀ ਕਟਾਈ ਸ਼ੁਰੂ ਹੋ ਚੁੱਕੀ ਹੈ। ਵੇਖਣ ਵਿਚ ਆਇਆ ਹੈ ਕਿ ਝੋਨਾ ਕੱਟਣ ਉਪਰੰਤ ਪਰਾਲੀ ਨੂੰ ਸੰਬੰਧਿਤ ਮਾਲਕਾਂ ਵਲੋਂ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਕਾਰਨ ਹਵਾ ਵਿਚ ਧੂੰਏਂ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ, ਸਾਹ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ, ਜ਼ਮੀਨ ਦੇ ਉਪਯੋਗੀ ਜੀਵਕ ਮਾਦੇ ਦਾ ਵੀ ਨੁਕਸਾਨ ਹੁੰਦਾ ਹੈ ਅਤੇ ਇਸ ਕਾਰਨ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਇਸ ਤੋਂ ਇਲਾਵਾ ਸੜਕਾਂ ਦੁਆਲੇ ਮੌਜੂਦ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿਚ ਵਿਘਨ ਪੈਂਦਾ ਹੈ, ਜਿਸ ਨਾਲ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸ ਦਾ ਅਸਿੱਧੇ ਤੌਰ ਉਤੇ ਅਸਰ ਦੇਸ਼ ਦੇ ਉਤਪਾਦਨ ਉਤੇ ਪੈਂਦਾ ਹੈ।

ਇਸ ਲਈ ਸਾਕਸ਼ੀ ਸਾਹਨੀ ਜ਼ਿਲ੍ਹਾ ਮੈਜਿਸਟ੍ਰੇਟ, ਅੰਮ੍ਰਿਤਸਰ ਨੇ ਫੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਅਤੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਅੰਮ੍ਰਿਤਸਰ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਇਕ ਤਰਫਾ ਪਾਸ ਕੀਤਾ ਹੈ ਜੋ ਕਿ ਮਿਤੀ 14.09.2024 ਤੋਂ ਮਿਤੀ 13.11.2024 ਤੱਕ ਲਾਗੂ ਰਹੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ