ਕੋਲਕਾਤਾ ਮਾਮਲਾ: ਸੁਪਰੀਮ ਕੋਰਟ ਵਿਚ ਮੰਗਲਵਾਰ ਨੂੰ ਹੋਵੇਗੀ ਸੁਣਵਾਈ
ਨਵੀਂ ਦਿੱਲੀ, 16 ਸਤੰਬਰ- ਪੱਛਮੀ ਬੰਗਾਲ ਵਿਚ ਡਾਕਟਰਾਂ ਦੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੇ ਵਿਚਕਾਰ ਕੋਲਕਾਤਾ ਦੇ ਆਰ.ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਇਕ ਰੈਜ਼ੀਡੈਂਟ ਡਾਕਟਰ ਨਾਲ ਜਬਰ ਜਨਾਹ ਅਤੇ ਹੱਤਿਆ ਤੋਂ ਬਾਅਦ ਸੁਪਰੀਮ ਕੋਰਟ ਵਲੋਂ ਆਪਣੇ ਤੌਰ ’ਤੇ ਸ਼ੁਰੂ ਕੀਤੇ ਗਏ ਇਕ ਕੇਸ ਦੀ ਮੰਗਲਵਾਰ ਨੂੰ ਸੁਣਵਾਈ ਹੋਣ ਦੀ ਸੰਭਾਵਨਾ ਹੈ। ਇਹ ਸੁਣਵਾਈ ਇਸ ਲਈ ਮਹੱਤਵ ਰੱਖਦੀ ਹੈ ਕਿਉਂਕਿ ਰੈਜ਼ੀਡੈਂਟ ਡਾਕਟਰ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਵੀ ਹੜਤਾਲ ’ਤੇ ਬੈਠੇ ਹਨ, ਜਿਸ ਵਿਚ ਉਨ੍ਹਾਂ ਨੂੰ 10 ਸਤੰਬਰ ਨੂੰ ਸ਼ਾਮ 5 ਵਜੇ ਤੱਕ ਮੁੜ ਕੰਮ ’ਤੇ ਪਰਤਣਾ ਸੀ, ਤਾਂਕਿ ਰਾਜ ਸਰਕਾਰ ਦੁਆਰਾ ਦੰਡਕਾਰੀ ਕਾਰਵਾਈ ਤੋਂ ਬਚਿਆ ਜਾ ਸਕੇ। ਰਾਜ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਕੰਮ ਤੋਂ ਉਨ੍ਹਾਂ ਦੀ ਗੈਰ ਮੌਜੂਦਗੀ ਦੇ ਕਾਰਨ 9 ਸਤੰਬ ਤੱਕ 23 ਮਰੀਜ਼ਾਂ ਦੀ ਮੌਤ ਹੋ ਗਈ ਸੀ, ਜਿਸ ਦਿਨ ਮਾਮਲੇ ਦੀ ਆਖ਼ਰੀ ਸੁਣਵਾਈ ਹੋਈ ਸੀ। ਇਸੇ ਵਿਚ ਅੱਜ ਸੂਬਾ ਸਰਕਾਰ ਨੇ ਪ੍ਰਦਰਸ਼ਨਕਾਰੀ ਡਾਕਟਰਾਂ ਨੂੰ ਅੱਜ ਪੰਜਵੀਂ ਤੇ ਆਖ਼ਰੀ ਵਾਰ ਮੀਟਿੰਗ ਦਾ ਸੱਦਾ ਦਿੱਤਾ ਹੈ।