ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੀ.ਐਮ. ਦੀ ਰਿਹਾਇਸ਼ ਅੱਗੇ 15 ਅਗਸਤ ਨੂੰ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ
ਗੁਰੂਹਰਸਹਾਇ, 11 ਅਗਸਤ (ਕਪਿਲ ਕੰਧਾਰੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਜ਼ਾਦੀ ਦਿਵਸ ਵਾਲੇ ਦਿਨ 15 ਅਗਸਤ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਉਨ੍ਹਾਂ ਦੀ ਰਿਹਾਇਸ਼ ਅੱਗੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੌਰਾਨ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਸਿਰਾਂ ਉਤੇ ਕਾਲੀਆਂ ਚੁੰਨੀਆਂ ਲੈ ਕੇ ਪੁੱਜਣਗੀਆਂ। ਬਲਾਕ ਪ੍ਰਧਾਨ ਕੁਲਜੀਤ ਕੌਰ ਨੇ ਦੱਸਿਆ ਕਿ ਇਹ ਰੋਸ ਪ੍ਰਦਰਸ਼ਨ ਪੰਜਾਬ ਭਰ ਦੇ ਆਂਗਣਵਾੜੀ ਸੈਂਟਰਾਂ ਵਿਚ ਲਾਭਪਾਤਰੀਆਂ ਲਈ ਆ ਰਹੇ ਘਟੀਆ ਕੁਆਲਟੀ ਦੇ ਰਾਸ਼ਨ ਖਿਲਾਫ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ਨ ਜੋ ਪ੍ਰਾਈਵੇਟ ਕੰਪਨੀਆਂ ਤੋਂ ਲਿਆ ਜਾ ਰਿਹਾ ਹੈ, ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਪਹਿਲਾਂ ਦੀ ਤਰ੍ਹਾਂ ਸਰਕਾਰੀ ਅਦਾਰੇ ਵੇਰਕਾ ਦੀ ਪੰਜੀਰੀ, ਸੁੱਕਾ ਦੁੱਧ ਅਤੇ ਮਾਰਕਫੈੱਡ ਰਾਹੀਂ ਕਣਕ ਤੇ ਚਾਵਲ ਦਿੱਤੇ ਜਾਣ। ਜਿੰਨਾ ਚਿਰ ਮਾੜਾ ਰਾਸ਼ਨ ਬੰਦ ਨਹੀਂ ਹੁੰਦਾ ਤੇ ਸੈਂਟਰਾਂ ਵਿਚ ਤਾਜ਼ਾ ਖਾਣਾ ਬਣਾਉਣ ਦੀ ਵਿਵਸਥਾ ਨਹੀਂ ਕੀਤੀ ਜਾਂਦੀ, ਉਦੋਂ ਤੱਕ ਜਥੇਬੰਦੀ ਦਾ ਸੰਘਰਸ਼ ਜਾਰੀ ਰਹੇਗਾ। ਇਸ ਤੋਂ ਇਲਾਵਾ ਆਂਗਣਵਾੜੀ ਸੈਂਟਰਾਂ ਦੇ ਬੱਚੇ ਜੋ ਕਿ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਬਿਠਾਏ ਜਾ ਰਹੇ ਹਨ, ਨੂੰ ਵਾਪਸ ਆਂਗਣਵਾੜੀ ਸੈਂਟਰਾਂ ਵਿਚ ਭੇਜਿਆ ਜਾਵੇ ਅਤੇ ਵਰਕਰਾਂ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀਆਂ ਸੇਵਾਵਾਂ ਤੁਰੰਤ ਬਹਾਲ ਕੀਤੀਆਂ ਜਾਣ।