JALANDHAR WEATHER

ਪੰਚਾਇਤੀ ਚੋਣਾਂ ਨੂੰ ਲੈ ਕੇ ਧੱਕਾ ਕਰ ਰਹੀ ਹੈ ਸੂਬਾ ਸਰਕਾਰ- ਅਮਰਿੰਦਰ ਸਿੰਘ ਰਾਜਾ ਵੜਿੰਗ

ਲੁਧਿਆਣਾ, 28 ਸਤੰਬਰ (ਰੂਪੇਸ਼ ਕੁਮਾਰ)- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਗਾਮੀ ਪੰਚਾਇਤੀ ਚੋਣਾਂ ਨੂੰ ਲੈ ਕੇ ਸੂਬਾ ਸਰਕਾਰ ’ਤੇ ਧੱਕੇਸ਼ਾਹੀ ਕਰਨ ਦਾ ਦੋਸ਼ ਲਗਾਇਆ ਹੈ। ਲੁਧਿਆਣਾ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਪ੍ਰਸ਼ਾਸਨਿਕ ਅਫ਼ਸਰਾਂ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ, ਵੜਿੰਗ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਮਨਮਾਨੇ ਤਰੀਕੇ ਨਾਲ ਪੰਚਾਇਤੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਸਰਕਾਰ ਵਲੋਂ ਉਨ੍ਹਾਂ ਪਿੰਡਾਂ ਨੂੰ ਰਾਖਵਾਂ ਕਰ ਦਿੱਤਾ ਗਿਆ ਹੈ, ਜਿਹੜੇ ਬੀਤੇ 15 ਸਾਲਾਂ ਤੋਂ ਜਨਰਲ ਸਨ। ਇਸੇ ਤਰ੍ਹਾਂ ਉਮੀਦਵਾਰਾਂ ਨੂੰ ਐਨ.ਓ.ਸੀ. ਨਹੀਂ ਜਾਰੀ ਕੀਤੀ ਜਾ ਰਹੀ ਅਤੇ ਹਲਫ਼ਨਾਮਾ ਭਰਨ ਲਈ ਕਿਹਾ ਜਾ ਰਿਹਾ ਹੈ, ਤਾਂ ਜੋ ਬਾਅਦ ਵਿਚ ਉਸ ਦੇ ਆਧਾਰ ’ਤੇ ਨਾਮਜ਼ਦਗੀ ਰੱਦ ਕੀਤੀ ਜਾ ਸਕੇ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਕੁਝ ਪ੍ਰਸ਼ਾਸਨਿਕ ਅਧਿਕਾਰੀ ਪੱਖਪਾਤੀ ਕਿਰਦਾਰ ਨਿਭਾਅ ਰਹੇ ਹਨ ਅਤੇ ਚਿਤਾਵਨੀ ਦਿੱਤੀ ਕਿ ਕਾਂਗਰਸ ਪਾਰਟੀ ਦੀ ਸਰਕਾਰ ਆਉਣ ’ਤੇ ਅਜਿਹੇ ਲੋਕਾਂ ਨੂੰ ਆਪਣੀਆਂ ਗਲਤੀਆਂ ਦਾ ਹਰਜਾਨਾ ਭੁਗਤਣਾ ਪਵੇਗਾ। ਇਸ ਮੌਕੇ ਉਹ ਲੁਧਿਆਣਾ ਤੋਂ ਨਿਕਲਦੇ ਬੁੱਢੇ ਨਾਲੇ ਦੀ ਗੰਭੀਰ ਸਮੱਸਿਆ ਦੇ ਵਿਸ਼ੇ ’ਤੇ ਵੀ ਬੋਲੇ। ਵੜਿੰਗ ਨੇ ਕਿਹਾ ਕਿ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਇਸ ਮਾਮਲੇ ਵਿਚ ਸਰਬ ਪਾਰਟੀ ਮੀਟਿੰਗ ਬੁਲਾਉਣ ਲਈ ਕਿਹਾ ਹੈ। ਉਨ੍ਹਾਂ ਨੇ ਗਾਇਕਾਂ ਦੀ ਸਿਕਓਰਿਟੀ ਨੂੰ ਲੈ ਕੇ ਬੋਲਣ ਤੋਂ ਮਨ੍ਹਾ ਕਰ ਦਿੱਤਾ। ਜਦਕਿ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਮੁੜ ਕਾਂਗਰਸ ਵਿਚ ਸ਼ਾਮਿਲ ਹੋਣ ਬਾਰੇ ਵੜਿੰਗ ਨੇ ਕਿਹਾ ਕਿ ਕਿਸੇ ਨੂੰ ਪਾਰਟੀ ਵਿਚ ਸ਼ਾਮਿਲ ਕਰਨਾ ਹੈ ਜਾਂ ਨਹੀਂ ਇਹ ਕਾਂਗਰਸ ਹਾਈਕਮਾਨ ਫ਼ੈਸਲਾ ਕਰਦੀ ਹੈ। ਹਾਲਾਂਕਿ ਉਨ੍ਹਾਂ ਨੇ ਜਾਖੜ ਉੱਪਰ ਮੁਸ਼ਕਿਲ ਹਾਲਾਤ ਵਿਚ ਪਹਿਲਾਂ ਕਾਂਗਰਸ ਤੇ ਹੁਣ ਭਾਜਪਾ ਨੂੰ ਝਟਕਾ ਦੇਣ ਦਾ ਦੋਸ਼ ਲਗਾਇਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ