JALANDHAR WEATHER

ਕਿਸਾਨ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਮਾਨਸਾ ਦਾ ਮੇਨ ਚੌਕ ਕੀਤਾ ਜਾਮ

ਮਾਨਸਾ, 28 ਸਤੰਬਰ-ਪਿਛਲੇ ਦਿਨੀਂ ਖਨੌਰੀ ਬਾਰਡਰ ’ਤੇ ਕਿਸਾਨ ਅੰਦੋਲਨ ਦੌਰਾਨ ਮਾਨਸਾ ਜ਼ਿਲ੍ਹੇ ਦੇ ਪਿੰਡ ਠੂਠਿਆਂਵਾਲੀ ਦੇ ਕਿਸਾਨ ਵਲੋਂ ਸੁਸਾਈਡ ਕੀਤੇ ਜਾਣ ਤੋਂ ਬਾਅਦ ਹੁਣ ਕਿਸਾਨ ਜਥੇਬੰਦੀਆਂ ਵਲੋਂ ਪਰਿਵਾਰ ਲਈ 25 ਲੱਖ ਰੁਪਏ ਸਰਕਾਰ ਤੋਂ ਆਰਥਿਕ ਮਦਦ ਦੀ ਮੰਗ ਕੀਤੀ ਜਾ ਰਹੀ ਹੈ। ਅੱਜ ਮਾਨਸਾ ਦੇ ਪਟਿਆਲਾ-ਬਠਿੰਡਾ ਅਤੇ ਲੁਧਿਆਣਾ-ਸਿਰਸਾ ਚੌਕ ’ਚ ਕਿਸਾਨਾਂ ਵਲੋਂ ਧਰਨਾ ਲਾ ਕੇ ਪੰਜਾਬ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਕਿਸਾਨੀ ਮਸਲਿਆਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦੌਰਾਨ 24 ਸਤੰਬਰ ਨੂੰ ਖਨੌਰੀ ਬਾਰਡਰ ’ਤੇ ਮਾਨਸਾ ਜ਼ਿਲ੍ਹੇ ਦੇ ਪਿੰਡ ਠੂਠਿਆਂਵਾਲੀ ਦਾ ਕਿਸਾਨ ਗੁਰਮੀਤ ਸਿੰਘ ਸੁਸਾਈਡ ਕਰ ਗਿਆ ਸੀ, ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਵਲੋਂ ਉਕਤ ਕਿਸਾਨ ਦੇ ਪਰਿਵਾਰ ਲਈ ਸਰਕਾਰ ਤੋਂ ਮੁਆਵਜ਼ਾ ਰਾਸ਼ੀ ਦੀ ਮੰਗ ਕੀਤੀ ਜਾ ਰਹੀ ਹੈ। ਸਰਕਾਰ ਵਲੋਂ ਇਸ ਮਸਲੇ ’ਤੇ ਅਜੇ ਤੱਕ ਕੋਈ ਸਹਿਮਤੀ ਨਾ ਬਣਨ ਦੇ ਰੋਸ ਵਜੋਂ ਅੱਜ ਕਿਸਾਨ ਜਥੇਬੰਦੀਆਂ ਵਲੋਂ ਮਾਨਸਾ ਦੇ ਪਟਿਆਲਾ-ਬਠਿੰਡਾ ਅਤੇ ਲੁਧਿਆਣਾ-ਸਿਰਸਾ ਵਾਲੇ ਮੇਨ ਚੌਕ ਵਿਚ ਧਰਨਾ ਪ੍ਰਦਰਸ਼ਨ ਕੀਤਾ ਗਿਆ।
ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨੀ ਅੰਦੋਲਨ ਵਿਚ 13 ਫਰਵਰੀ ਤੋਂ ਲਗਾਤਾਰ ਸੰਘਰਸ਼ ਦਾ ਹਿੱਸਾ ਬਣੇ ਹੋਏ ਮਾਨਸਾ ਜ਼ਿਲ੍ਹੇ ਦੇ ਪਿੰਡ ਠੂਠਿਆਂਵਾਲੀ ਦੇ ਕਿਸਾਨ ਗੁਰਮੀਤ ਸਿੰਘ ਜੋ ਕਿ ਬੇਜ਼ਮੀਨਾ ਹੈ ਅਤੇ ਉਸ ਦੇ ਪਰਿਵਾਰ ਵਿਚ ਇਕ ਧੀ ਜੋ ਵਿਆਹੁਣਯੋਗ ਹੈ ਤੇ ਪਰਿਵਾਰ ਦੀ ਆਰਥਿਕ ਸਥਿਤੀ ਚੰਗੀ ਨਾ ਹੋਣ ਦੇ ਚੱਲਦਿਆਂ ਕਿਸਾਨ ਜਥੇਬੰਦੀ ਵਲੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਲਈ 20 ਤੋਂ 25 ਲੱਖ ਰੁਪਏ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਅਧਿਕਾਰੀਆਂ ਨਾਲ ਮੀਟਿੰਗ ਹੋਈ ਸੀ, ਜੋ ਕਿ ਬੇਸਿੱਟਾ ਰਹੀ ਸੀ ਤੇ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਜਦੋਂ ਤੱਕ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਬਣਦੀ ਮੁਆਵਜ਼ਾ ਰਾਸ਼ੀ ਨਹੀਂ ਦਿੱਤੀ ਜਾਂਦੀ ਉਦੋਂ ਤੱਕ ਅਣਮਿੱਥੇ ਸਮੇਂ ਲਈ ਕਿਸਾਨ ਜਥੇਬੰਦੀਆਂ ਵਲੋਂ ਸਰਕਾਰ ਖ਼ਿਲਾਫ਼ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ