JALANDHAR WEATHER

ਕੈਨੇਡਾ ’ਚ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਹੱਲ ਕਰਨ ਸਰਕਾਰਾਂ – ਧਾਮੀ

ਅੰਮ੍ਰਿਤਸਰ, 1 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅੰਦਰ ਭਾਰਤ ਅਤੇ ਖ਼ਾਸਕਰ ਪੰਜਾਬ ਦੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਵਾਸਤੇ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਨਾਲ ਕੈਨੇਡਾ ਸਰਕਾਰ ਅਤੇ ਉੱਥੇ ਦੇ ਸਿੱਖ ਆਗੂਆਂ ਨੂੰ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਭਾਰਤੀ ਵਿਦਿਆਰਥੀਆਂ ਵਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਦੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇਕ ਵੀਡੀਓ ਦਾ ਨੋਟਿਸ ਲੈਂਦਿਆਂ ਕਿਹਾ ਕਿ ਕੈਨੇਡਾ ਦੀ ਸਰਕਾਰ ਵਲੋਂ ਇਕ ਪਾਸੇ ਵੱਡੀ ਗਿਣਤੀ ਵਿਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਆਮਦ ਨੂੰ ਖੁੱਲ੍ਹ ਦਿੱਤੀ ਹੋਈ ਹੈ ਜਦਕਿ ਦੂਜੇ ਪਾਸੇ ਵਿਦਿਆਰਥੀਆਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਸੜਕਾਂ ’ਤੇ ਉਤਰਨਾ ਪੈ ਰਿਹਾ ਹੈ। ਉਨ੍ਹਾਂ ਇਸ ਸੰਜੀਦਾ ਮਾਮਲੇ ’ਤੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਸਮੇਤ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉੱਥੋਂ ਦੇ ਸਿੱਖ ਆਗੂਆਂ ਤੇ ਗੁਰਦੁਆਰਾ ਕਮੇਟੀਆਂ ਨੂੰ ਦਖਲ ਦੇਣ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੈਨੇਡਾ ਅੰਦਰ ਵੱਡੀ ਗਿਣਤੀ ਵਿਚ ਸਿੱਖ ਸਰਕਾਰ ਅਤੇ ਪ੍ਰਸ਼ਾਸਨਿਕ ਆਹੁਦਿਆਂ ’ਤੇ ਕਾਰਜਸ਼ੀਲ ਹਨ, ਜਿਨ੍ਹਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਆਪਣੇ ਭਾਈਚਾਰੇ ਦੇ ਵਿਦਿਆਰਥੀ ਬੱਚਿਆਂ ਦੇ ਦੁਖ ਸੁਣਨ ਤੇ ਹੱਲ ਲਈ ਸਰਕਾਰ ਨਾਲ ਰਾਬਤਾ ਬਣਾਉਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ