ਚੋਰੀਆਂ ਕਾਰਨ ਲੋਕਾਂ ਵਲੋਂ ਥਾਣਾ ਲੌਂਗੋਵਾਲ ਅੱਗੇ ਪੱਕੇ ਮੋਰਚੇ ਦਾ ਐਲਾਨ
ਲੌਂਗੋਵਾਲ, 7 ਸਤੰਬਰ (ਵਿਨੋਦ)-ਅੱਜ ਗੁਰਦੁਆਰਾ ਢਾਬ ਬਾਬਾ ਆਲਾ ਸਿੰਘ ਲੌਂਗੋਵਾਲ ਵਿਖੇ ਨਗਰ ਨਿਵਾਸੀਆਂ ਦਾ ਇਕੱਠ ਹੋਇਆ, ਜਿਸ ਵਿਚ ਚੋਰਾਂ ਵਲੋਂ ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ ਕਰਨ ਅਤੇ ਕਈ ਘਰਾਂ ਵਿਚ ਚੋਰੀਆਂ ਕਰਨ ਦਾ ਮੁੱਦਾ ਚਰਚਾ ਵਿਚ ਰਿਹਾ। ਲੋਕ ਪੁਲਿਸ ਵਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਤੋਂ ਨਿਰਾਸ਼ ਸਨ, ਜਿਸ ਕਾਰਨ ਸਾਰਿਆਂ ਨੇ ਪੁਲਿਸ ਪ੍ਰਸ਼ਾਸਨ ਨੂੰ 5 ਦਿਨਾਂ ਦਾ ਅਲਟੀਮੇਟਮ ਦਿੰਦਿਆਂ 13 ਸਤੰਬਰ ਤੋਂ ਥਾਣਾ ਲੌਂਗੋਵਾਲ ਅੱਗੇ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਇਸ ਮੀਟਿੰਗ ਦੀ ਅਗਵਾਈ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਕਰਮਜੀਤ ਸਿੰਘ ਸਤੀਪੁਰਾ ਨੇ ਦੱਸਿਆ ਕਿ ਲੌਂਗੋਵਾਲ ਇਲਾਕੇ ਵਿਚ ਪਿਛਲੇ ਸਮੇਂ ਤੋਂ ਲਗਾਤਾਰ ਚੋਰੀਆਂ ਹੋ ਰਹੀਆਂ ਹਨ ਅਤੇ ਨਸ਼ਿਆਂ ਦੀ ਵਿਕਰੀ ਵੱਧ ਰਹੀ ਹੈ ਪਰ ਲੌਂਗੋਵਾਲ ਦਾ ਪੁਲਿਸ ਪ੍ਰਸ਼ਾਸਨ ਮੂਕ ਦਰਸ਼ਕ ਬਣਿਆ ਹੋਇਆ ਹੈ। ਇਨ੍ਹਾਂ ਮਾਮਲਿਆਂ ਉਤੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਖਿਲਾਫ ਲੋਕਾਂ ਵਿਚ ਭਾਰੀ ਰੋਸ ਹੈ, ਇਸ ਕਾਰਨ ਪੁਲਿਸ ਪ੍ਰਸ਼ਾਸਨ ਨੂੰ ਅੱਜ ਚਿਤਾਵਨੀ ਦਿੱਤੀ ਗਈ ਹੈ ਅਤੇ ਥਾਣਾ ਲੌਂਗੋਵਾਲ ਦੇ ਐਸ.ਐਚ.ਓ. ਨੂੰ ਮੰਗ-ਪੱਤਰ ਦਿੱਤਾ ਗਿਆ ਹੈ ਕਿ ਜੇਕਰ ਪੰਜ ਦਿਨਾਂ ਤੱਕ ਕੋਈ ਠੋਸ ਕਾਰਵਾਈ ਨਾ ਹੋਈ ਤਾਂ 13 ਸਤੰਬਰ ਤੋਂ ਲੌਂਗੋਵਾਲ ਥਾਣੇ ਅੱਗੇ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ।