JALANDHAR WEATHER

ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ’ਚ ਲੋਕਤੰਤਰ ਦਾ ਕਤਲੇਆਮ ਕਰਵਾਇਆ- ਤੇਜਿੰਦਰ ਸਿੰਘ ਮਿੱਡੂਖੇੜਾ

ਲੰਬੀ, 4 ਅਕਤੂਬਰ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇਜਿੰਦਰ ਸਿੰਘ ਮਿੱਡੂਖੇੜਾ ਨੇ ਆਖਿਆ ਹੈ ਕਿ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਚਾਇਤ ਚੋਣਾਂ ਦੌਰਾਨ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖਰੀ ਦਿਨ ਆਪ ਮੌਕੇ ’ਤੇ ਅੜ ਕੇ ਲੰਬੀ ਹਲਕੇ ਵਿਚ ਲੋਕਤੰਤਰ ਦਾ ਕਤਲ ਕਰਵਾਇਆ, ਜਿਸ ਦੌਰਾਨ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਡਰਾਇਆ ਧਮਕਾਇਆ ਗਿਆ, ਉਨ੍ਹਾਂ ਦੇ ਨਾਮਜ਼ਦਗੀ ਪੱਤਰ ਖੋਹ ਕੇ ਪਾੜ ਦਿੱਤੇ ਗਏ ਤੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਨ ਦਿੱਤੇ ਗਏ। ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਮਿੱਡੂਖੇੜਾ ਨੇ ਕਿਹਾ ਕਿ ਇਹ ਪਹਿਲੀ ਵਾਰ ਵੇਖਣ ਨੂੰ ਮਿਲਿਆ ਹੈ ਕਿ ਪੰਚਾਇਤ ਚੋਣਾਂ ਵਿਚ ਤਾਂ ਕਦੇ ਆਪ ਐਮ. ਐਲ. ਏ. ਵੀ ਬੀ. ਡੀ. ਪੀ. ਓ. ਦਫ਼ਤਰ ਨਹੀਂ ਪੁੱਜਦੇ ਪਰ ਲੰਬੀ ਹਲਕੇ ਵਿਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਆਪ ਲਾਮ ਲਸ਼ਕਰ ਲੈ ਕੇ ਪਹੁੰਚੇ ਹੋਏ ਸਨ, ਜਿਨ੍ਹਾਂ ਦੇ ਨਜ਼ਦੀਕੀਆਂ ਨੇ ਉਥੇ ਖੜ੍ਹੇ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਡਰਾਇਆ ਧਮਕਾਇਆ ਤੇ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਲੈ ਕੇ ਪਾੜ ਦਿੱਤੇ। ਉਨ੍ਹਾਂ ਦੱਸਿਆ ਕਿ ਖੁੱਡੀਆਂ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਪਿੰਡ ਵਿਚ ਵਿਰੋਧੀ ਧਿਰ ਦੀ ਮਹਿਲਾ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਵੀ ਖੋਹ ਕੇ ਪਾੜ ਦਿੱਤੇ ਗਏ। ਉਨ੍ਹਾਂ ਕਿਹਾ ਕਿ ਮੰਤਰੀ ਨੇ ਡਰ ਤੇ ਦਹਿਸ਼ਤ ਦਾ ਮਾਹੌਲ ਬਣਾਇਆ ਜੋ ਚੋਣ ਜ਼ਾਬਤੇ ਦੀ ਸ਼ਰ੍ਹੇਆਮ ਉਲੰਘਣਾ ਹੈ। ਉਹਨਾਂ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਨਿਰਪੱਖ ਤੇ ਆਜ਼ਾਦ ਢੰਗ ਨਾਲ ਚੋਣਾਂ ਕਰਵਾਉਣ ਵਾਸਤੇ ਇਸ ਤਰੀਕੇ ਦੀਆਂ ਆਪ ਹੁਦਰੀਆਂ ਕਾਰਵਾਈਆਂ ਤੁਰੰਤ ਰੋਕੀਆਂ ਜਾਣ ਅਤੇ ਲੰਬੀ ਹਲਕੇ ਦੇ ਪਿੰਡਾਂ ਵਿਚ ਜਿਹੜੇ ਵਿਰੋਧੀ ਧਿਰ ਦੇ ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰ ਸਕੇ ਉਹਨਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਸਮਾਂ ਹੋਰ ਦਿੱਤਾ ਜਾਵੇ ਤਾਂ ਜੋ ਚੋਣਾਂ ਪੂਰਨ ਪਾਰਦਰਸ਼ੀ ਢੰਗ ਨਾਲ ਹੋ ਸਕਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ