ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਲਾਲਪੁਰਾ 'ਤੇ ਅਕਾਲ ਤਖ਼ਤ ਸਾਹਿਬ ਤੋਂ ਹੋਵੇ ਕਾਰਵਾਈ-ਐਡਵੋਕੇਟ ਧਾਮੀ
ਅੰਮ੍ਰਿਤਸਰ, 10 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਵਲੋਂ ਸਿੱਖੀ ਦੀ ਅੱਡਰੀ ਹੋਂਦ ਹਸਤੀ ਨੂੰ ਸਨਾਤਨ ਨਾਲ ਰਲਗੱਡ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਸ ’ਤੇ ਪੰਥਕ ਰਵਾਇਤਾਂ ਅਨੁਸਾਰ ਕਰੜੀ ਕਾਰਵਾਈ ਕਰਨ। ਉਨ੍ਹਾਂ ਆਖਿਆ ਕਿ ਸ. ਲਾਲਪੁਰਾ ਨੇ ਬੀਤੇ ਦਿਨੀਂ ਦਿੱਲੀ ਵਿਖੇ ਇਕ ਸਮਾਗਮ ਦੌਰਾਨ ਸਿੱਖ ਧਰਮ ਦੇ ਸਿਧਾਂਤਾਂ ਅਤੇ ਪਾਵਨ ਗੁਰਬਾਣੀ ਦੀ ਵਿਚਾਰਧਾਰਾ ਵਿਰੁੱਧ ਜਾ ਕੇ ਮਨਘੜ੍ਹਤ ਬਿਆਨਬਾਜ਼ੀ ਕੀਤੀ ਹੈ, ਜਿਸ ਨਾਲ ਸਿੱਖ ਕੌਮ ਦੇ ਨਿਆਰੇਪਨ ਅਤੇ ਇਸ ਦੀ ਮੌਲਿਕਤਾ ਨੂੰ ਸੱਟ ਵੱਜੀ ਹੈ। ਸ. ਲਾਲਪੁਰਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਵਿਸ਼ਨੂੰ ਦਾ ਅਵਤਾਰ ਕਹਿਣਾ ਆਰ.ਐੱਸ.ਐੱਸ. ਅਤੇ ਭਾਜਪਾ ਦੇ ਉੱਚ ਆਗੂਆਂ ਨੂੰ ਖੁਸ਼ ਕਰਨ ਦੀ ਘਟੀਆ ਹਰਕਤ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਲਾਲਪੁਰਾ ਦੀ ਅਜਿਹੀ ਬਿਆਨਬਾਜ਼ੀ ਗੁਰੂ ਸਾਹਿਬ ਦੀ ਵਿਚਾਰਧਾਰਾ ਅਤੇ ਸਿੱਖ ਕੌਮ ਦਾ ਘੋਰ ਨਿਰਾਦਰ ਹੈ, ਜਿਸ ਨੂੰ ਲੈ ਕੇ ਇਨ੍ਹਾਂ ਵਿਰੁੱਧ ਕਰੜੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਸਿਰਫ ਇਕ ਅਕਾਲ ਪੁਰਖ ਨਾਲ ਜੋੜਦੀ ਹੈ ਅਤੇ ਸਿੱਖੀ ਅੰਦਰ ਅਵਤਾਰਵਾਦ ਨੂੰ ਕੋਈ ਥਾਂ ਨਹੀਂ ਹੈ। ਦੇਵੀ-ਦੇਵਤਿਆਂ ਨਾਲ ਸਿੱਖ ਗੁਰੂ ਸਾਹਿਬਾਨ ਨੂੰ ਜੋੜਨਾ ਸ. ਲਾਲਪੁਰਾ ਵਲੋਂ ਆਰ.ਐੱਸ.ਐੱਸ. ਦੇ ਏਜੰਡੇ ਨੂੰ ਅੱਗੇ ਵਧਾਉਣ ਦਾ ਹੀ ਇਕ ਹਿੱਸਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਲਈ ਇਹ ਬੇਹੱਦ ਚਿੰਤਨ ਦਾ ਮਾਮਲਾ ਹੈ, ਜਿਸ ਪ੍ਰਤੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਖ਼ਲ ਦੇਣ ਤਾਂ ਜੋ ਅੱਗੇ ਤੋਂ ਕੋਈ ਅਜਿਹੀ ਸਿੱਖ ਵਿਰੋਧੀ ਹਰਕਤ ਨਾ ਕਰੇ ਅਤੇ ਸਿੱਖ ਇਕ ਵੱਖਰੀ ਕੌਮ ਹੋਣ ਦੇ ਮਾਣ ਨੂੰ ਸੱਟ ਨਾ ਵੱਜੇ।