ਕਮਿਸ਼ਨਰੇਟ ਪੁਲਿਸ ਵਲੋਂ ਦੋ ਮੋਟਰਸਾਈਕਲਾਂ ਅਤੇ ਤਿੰਨ ਮੋਬਾਈਲਾਂ ਸਮੇਤ ਦੋ ਸਨੈਚਰ ਗ੍ਰਿਫ਼ਤਾਰ
ਜਲੰਧਰ, 16 ਸਤੰਬਰ (ਮਨਜੋਤ ਸਿੰਘ)- ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਦੋ ਸਨੈਚਰਾਂ ਨੂੰ ਗਿ੍ਰਫ਼ਤਾਰ ਕਰਕੇ ਦੋ ਮੋਟਰਸਾਈਕਲ ਅਤੇ ਤਿੰਨ ਮੋਬਾਈਲ ਫ਼ੋਨ ਬਰਾਮਦ ਕੀਤੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਜਦੋਂ ਸ਼ਹਿਰ ਵਿਚ ਟੀ ਪੁਆਇੰਟ, ਲੈਦਰ ਕੰਪਲੈਕਸ, ਬਸਤੀ ਬਾਵਾ ਖੇਲ, ਜਲੰਧਰ ਵਿਖੇ ਇਕ ਮੋਟਰਸਾਈਕਲ ਸਵਾਰ ਦੋ ਸ਼ੱਕੀ ਨੌਜਵਾਨਾਂ ਨੂੰ ਰੋਕਿਆ, ਤਾਂ ਤਫ਼ਤੀਸ਼ ਦੌਰਾਨ ਪੁਲਿਸ ਨੇ ਉਨ੍ਹਾਂ ਕੋਲੋਂ ਇਕ ਮੋਬਾਈਲ ਫ਼ੋਨ ਬਰਾਮਦ ਕੀਤਾ ਜੋ ਕਿ ਉਨ੍ਹਾਂ ਵੱਲੋਂ ਲਖਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਮੁਹੱਲਾ 2 ਨੇੜੇ ਪਾਣੀ ਦੀ ਟੈਂਕੀ, ਤਾਰਾ ਸਿੰਘ ਐਵੀਨਿਊ, ਜਲੰਧਰ ਦੇ ਘਰ ਦੇ ਬਾਹਰੋਂ ਖੋਹਿਆ ਗਿਆ ਸੀ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਪੁਲਿਸ ਨੇ ਇਨ੍ਹਾਂ ਪਾਸੋਂ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਦੋ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਨ੍ਹਾਂ ਕੋਲੋਂ ਕੁੱਲ ਦੋ ਮੋਟਰਸਾਈਕਲ ਅਤੇ ਤਿੰਨ ਮੋਬਾਈਲ ਬਰਾਮਦ ਕੀਤੇ ਹਨ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਥਾਣਾ ਬਸਤੀ ਬਾਵਾ ਖੇਲ ਜਲੰਧਰ ਵਿਖੇ ਮੁਕੱਦਮਾ ਨੰਬਰ 150 ਮਿਤੀ 12.09.2024 ਅ/ਧ 304, 3(5) ਬੀ.ਐਨ.ਐਸ. ਦਰਜ ਕੀਤਾ ਹੈ ।