ਰਾਹੁਲ ਗਾਂਧੀ ਖ਼ਿਲਾਫ਼ ਨਫ਼ਰਤੀ ਭਾਸ਼ਣ ਨੂੰ ਲੈ ਕੇ ਕਾਂਗਰਸ ਵਲੋਂ ਪ੍ਰਦਰਸ਼ਨ
ਨਵੀਂ ਦਿੱਲੀ, 18 ਸਤੰਬਰ- ਕਾਂਗਰਸ ਨੇ ਅੱਜ ਰਾਹੁਲ ਗਾਂਧੀ ਖ਼ਿਲਾਫ਼ ਨਫ਼ਰਤ ਭਰੇ ਭਾਸ਼ਣ ਦੇਣ ਵਾਲੇ ਭਾਜਪਾ ਅਤੇ ਉਸ ਦੇ ਸਹਿਯੋਗੀ ਨੇਤਾਵਾਂ ਖ਼ਿਲਾਫ਼ ਦਿੱਲੀ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ। ਕਾਂਗਰਸੀ ਆਗੂ ਅਜੈ ਮਾਕਨ ਨੇ ਤੁਗਲਕ ਰੋਡ ਥਾਣੇ ਵਿਚ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਸਮੇਤ 4 ਆਗੂਆਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਮਾਕਨ ਨੇ ਕਿਹਾ ਕਿ ਜੰਮੂ-ਕਸ਼ਮੀਰ ਅਤੇ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ, ਇਸ ਲਈ ਕੁਝ ਲੋਕ ਦੇਸ਼ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਕਾਂਗਰਸ ਨੇ ਦਿੱਲੀ ਅਤੇ ਮੱਧ ਪ੍ਰਦੇਸ਼ ਸਮੇਤ ਵੱਖ-ਵੱਖ ਸੂਬਿਆਂ ’ਚ ਭਾਜਪਾ ਨੇਤਾਵਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਦੂਜੇ ਪਾਸੇ ਕਾਂਗਰਸ ਦੇ ਵਿਰੋਧ ਦੇ ਵਿਚਕਾਰ ਭਾਜਪਾ ਅਤੇ ਇਕ ਹੋਰ ਸਹਿਯੋਗੀ ਨੇਤਾ ਨੇ ਫਿਰ ਰਾਹੁਲ ਖ਼ਿਲਾਫ਼ ਬਿਆਨ ਦਿੱਤਾ ਹੈ। ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਨੇ ਕਿਹਾ ਕਿ ਰਾਹੁਲ ਗਾਂਧੀ ਵਿਦੇਸ਼ ਜਾ ਕੇ ਦੇਸ਼ ਦੀ ਸਾਖ ਨੂੰ ਖਰਾਬ ਕਰਦੇ ਹਨ, ਉਨ੍ਹਾਂ ਦਾ ਪਾਸਪੋਰਟ ਰੱਦ ਹੋਣਾ ਚਾਹੀਦਾ ਹੈ।