ਹਾਈਕੋਰਟ ਵਲੋਂ 250 ਪਿੰਡਾਂ 'ਚ ਪੰਚਾਇਤੀ ਚੋਣਾਂ ਦਾ ਅਮਲ ਰੋਕਣ ਦਾ ਸ. ਸੁਖਬੀਰ ਸਿੰਘ ਬਾਦਲ ਨੇ ਕੀਤਾ ਸਵਾਗਤ
ਸ੍ਰੀ ਮੁਕਤਸਰ ਸਾਹਿਬ, 9 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਟੀਸ਼ਨਾਂ ਦੇ ਆਧਾਰ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ 250 ਪਿੰਡਾਂ ਵਿਚ ਪੰਚਾਇਤੀ ਚੋਣਾਂ ਦਾ ਅਮਲ ਰੋਕਣ ਦਾ ਸਵਾਗਤ ਕੀਤਾ ਹੈ। ਇਕ ਬਿਆਨ ਵਿਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਮੰਤਰੀਆਂ ਤੇ ਵਿਧਾਇਕਾਂ ਦੇ ਹੁਕਮਾਂ ’ਤੇ ਧੱਕੇ ਨਾਲ ਪਿੰਡਾਂ ਵਿਚ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਹਾਈਕੋਰਟ ਨੇ 250 ਪਿੰਡਾਂ ਵਿਚ ਚੋਣ ਅਮਲ ਰੋਕ ਦਿੱਤਾ ਹੈ ਜੋ ਕਿ ਸਿਰਫ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਜ਼ਾਰਾਂ ਲੋਕ ਹਨ ਜਿਨ੍ਹਾਂ ਦੇ ਨਾਮਜ਼ਦਗੀ ਪੱਤਰ ਬਿਨਾਂ ਕਸੂਰ ਤੋਂ ਰੱਦ ਕੀਤੇ ਗਏ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ, ਮੈਂ ਉਨ੍ਹਾਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਹਾਈਕੋਰਟ ਕੋਲ ਅਪੀਲ ਕਰਨ ਕਿਉਂਕਿ ਜ਼ਮੀਨੀ ਪੱਧਰ ’ਤੇ ਲੋਕਤੰਤਰ ਨੂੰ ਬਚਾਉਣ ਦਾ ਇਹੋ ਇਕ ਤਰੀਕਾ ਹੈ।