ਸਫ਼ਾਈ ਸੇਵਕ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਗੁਰੂ ਹਰ ਸਹਾਏ, (ਫ਼ਿਰੋਜ਼ਪੁਰ), 10 ਅਕਤੂਬਰ (ਕਪਿਲ ਕੰਧਾਰੀ)- ਮਿਊਨਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ’ਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਸਫਾਈ ਸੇਵਕ ਯੂਨੀਅਨ ਗੁਰੂ ਹਰ ਸਹਾਏ ਵਲੋਂ ਅੱਜ ਨਗਰ ਕੌਂਸਲ ਵਿਖੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਸੁਨੀਲ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾਉਣ ਦੇ ਲਈ ਉਨ੍ਹਾਂ ਦੀ ਜਥੇਬੰਦੀ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੀ ਆ ਰਹੀ ਹੈ ਪ੍ਰੰਤੂ ਪੰਜਾਬ ਸਰਕਾਰ ਵਲੋਂ ਕੋਈ ਵੀ ਹਾਂ ਪੱਖੀ ਹੁੰਗਾਰਾ ਨਹੀਂ ਦਿੱਤਾ ਜਾ ਰਿਹਾ, ਜਿਸ ਦੇ ਰੋਸ ਵਜੋਂ ਮਿਊਂਨਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਫ਼ੈਸਲੇ ਅਨੁਸਾਰ ਦਿੱਤੀ ਗਈ ਕਾਲ ਤਹਿਤ ਅੱਜ ਨਗਰ ਕੌਂਸਲ ਕਰਮਚਾਰੀ ਸੰਗਠਨ ਪੰਜਾਬ ਤੇ ਪੰਜਾਬ ਮਿਊਨਸੀਪਲ ਵਰਕਰ ਫੈਡਰੇਸ਼ਨ ਅਤੇ ਸਫਾਈ ਸੇਵਕ ਯੂਨੀਅਨ ਪੰਜਾਬ ਵਲੋਂ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਨ੍ਹਾਂ ਦਾ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ।