ਪਰਾਲੀ ਦਾ ਯੋਗ ਪ੍ਰਬੰਧਨ ਕਰਨ ਵਾਲੇ 25 ਅਗਾਂਹਵਧੂ ਕਿਸਾਨ ਸਨਮਾਨਿਤ
ਦਿੜ੍ਹਬਾ ਮੰਡੀ, (ਸੰਗਰੂਰ), 10 ਅਕਤੂਬਰ (ਹਰਬੰਸ ਸਿੰਘ ਛਾਜਲੀ)-ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਸੰਗਰੂਰ ਦੀ ਸਬ ਡਵੀਜ਼ਨ ਦਿੜ੍ਹਬਾ ਦੇ ਪਿੰਡਾਂ ਅੰਦਰ ਪਿਛਲੇ ਸਾਲਾਂ ਦੌਰਾਨ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਜਾ ਰਿਹਾ ਹੈ। ਉਪ ਮੰਡਲ ਮੈਜਿਸਟਰੇਟ ਦਿੜ੍ਹਬਾ ਸ੍ਰੀ ਰਾਜੇਸ਼ ਸ਼ਰਮਾ ਨੇ ਪਿੰਡ ਕੈਂਪਰ, ਲਾਡਵੰਜਾਰਾ ਖੁਰਦ, ਨਿਹਾਲਗੜ੍ਹ, ਕਾਕੂਵਾਲਾ, ਖੇਤਲਾ ਦਿੜ੍ਹਬਾ, ਗੁੱਜਰਾਂ , ਜਨਾਲ ਆਦਿ ਦੇ 25 ਅਗਾਂਹਵਧੂ ਕਿਸਾਨਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਉਨਾਂ ਕਿਹਾ ਕਿ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਜਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਚਲਾਈ ਮੁਹਿੰਮ ਵਿੱਚ ਸਾਰੇ ਹੀ ਕਿਸਾਨ ਵੀਰਾਂ ਨੂੰ ਆਪਣਾ ਅਹਿਮ ਯੋਗਦਾਨ ਪਾਉਣਾ ਚਾਹੀਦਾ ਹੈ।ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਨ ਦੀ ਦਿਸ਼ਾ ਵਿੱਚ ਉਹ ਨਿਰੰਤਰ ਹੋਰਨਾਂ ਕਿਸਾਨਾਂ ਨੂੰ ਵੀ ਆਪਣੇ ਖੇਤੀ ਸਬੰਧੀ ਸਫ਼ਲ ਤਜਰਬਿਆਂ ਤੋਂ ਜਾਣੂ ਕਰਵਾਉਂਦੇ ਰਹਿਣ।